ਚੰਡੀਗੜ੍ਹ, 4 ਦਸੰਬਰ (ਪੰਜਾਬ ਮੇਲ)- ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ‘ਤੇ ਉਸ ਵਕਤ ਫਾਈਰਿੰਗ ਹੋ ਗਈ, ਜਦੋਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਤਹਿਤ ਦੂਜੇ ਦਿਨ ਬੁੱਧਵਾਰ ਸਵੇਰੇ ਦੀ ਸੇਵਾ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾਦਾਰ ਵਜੋਂ ਵ੍ਹੀਲਚੇਅਰ ‘ਤੇ ਬੈਠੇ ਹੋਏ ਸਨ। ਕਥਿਤ ਤੌਰ ‘ਤੇ ਹਮਲਾ ਕਰਨ ਵਾਲਾ ਵਿਅਕਤੀ ਅਚਾਨਕ ਸੁਖਬੀਰ ਸਿੰਘ ਬਾਦਲ ਦੇ ਸਾਹਮਣੇ ਆਇਆ ਅਤੇ ਉਸ ਨੇ ਆਪਣੇ ਡੱਬ ਵਿਚੋਂ ਪਿਸਤੌਲ ਕੱਢ ਕੇ ਗੋਲੀ ਚਲਾ ਦਿੱਤੀ। ਪਰ ਕੋਲ ਖੜ੍ਹੇ ਸੁਰੱਖਿਆ ਕਰਮਚਾਰੀ ਨੇ ਫੁਰਤੀ ਵਰਤਦੇ ਹੋਏ ਗੋਲੀ ਚਲਦਿਆਂ ਹੀ ਹਮਲਾਵਰ ਦੀ ਬਾਂਹ ਉਪਰ ਨੂੰ ਕਰ ਦਿੱਤੀ, ਜਿਸ ਤੋਂ ਹਮਲਾਵਰ ਆਪਣੇ ਨਿਸ਼ਾਨੇ ਤੋਂ ਖੁੰਝ ਗਿਆ। ਉਸ ਤੋਂ ਬਾਅਦ ਬਾਕੀ ਸੁਰੱਖਿਆ ਦਸਤਿਆਂ ਨੇ ਉਸ ਨੂੰ ਕਾਬੂ ਕਰ ਲਿਆ। ਹਮਲਾ ਕਰਨ ਵਾਲੇ ਦੀ ਪਛਾਣ ਦਲ ਖਾਲਸਾ ਨਾਲ ਸੰਬੰਧਤ ਨਰਾਇਣ ਸਿੰਘ ਚੌੜਾ ਵਜੋਂ ਹੋਈ ਹੈ। ਏ.ਡੀ.ਸੀ.ਪੀ. ਹਰਪਾਲ ਸਿੰਘ ਨੇ ਦੱਸਿਆ ਕਿ ਹਮਲਾ ਕਰਨ ਵਾਲਾ ਵਿਅਕਤੀ ਨਰਾਇਣ ਸਿੰਘ ਲਗਾਤਾਰ ਦੂਜੇ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਇਆ ਸੀ।
ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਮੰਗਲਵਾਰ ਨੂੰ ਉਨ੍ਹਾਂ ਦੇ ਰਾਜ ਦੌਰਾਨ ਪੰਜਾਬ ਵਿਚ ਹੋਈਆਂ ਘਟਨਾਵਾਂ ਲਈ ਜ਼ਿੰਮੇਵਾਰ ਠਹਿਰਾਉਂਦੇ ਹੋਏ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਤਨਖਾਹ ਲਾਈ ਗਈ ਸੀ। ਉਨ੍ਹਾਂ ਦੇ ਨਾਲ ਸੁਖਦੇਵ ਸਿੰਘ ਢੀਂਡਸਾ ਅਤੇ ਉਸ ਵਕਤ ਮੰਤਰੀ ਮੰਡਲ ਵਿਚ ਰਹਿ ਚੁੱਕੇ ਮੈਂਬਰਾਂ ਨੂੰ ਵੀ ਤਨਖਾਹ ਲਾਈ ਗਈ ਸੀ। ਬਾਕੀ ਮੈਂਬਰ ਤਾਂ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਪਖਾਨਿਆਂ ਦੀ ਸਫਾਈ ਅਤੇ ਉਪਰੰਤ ਇਸ਼ਨਾਨ ਕਰਕੇ ਲੰਗਰ ਘਰ ‘ਚ ਜੂਠੇ ਬਰਤਨ ਸਾਫ ਕਰਨ ਦੀ ਸੇਵਾ, ਗੁਰਬਾਣੀ ਕੀਰਤਨ ਸਰਵਣ ਕਰਨ ਦੀ ਸੇਵਾ ਅਤੇ ਨਿਤਨੇਮ ਤੋਂ ਇਲਾਵਾ ਸੁਖਮਨੀ ਸਾਹਿਬ ਦਾ ਪਾਠ ਕਰਨ ਦੀ ਸੇਵਾ ਲਗਾਈ ਗਈ ਸੀ। ਇਸ ਤੋਂ ਇਲਾਵਾ ਇਨ੍ਹਾਂ ਸਭਨਾਂ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ, ਤਖਤ ਸ੍ਰੀ ਦਮਦਮਾ ਸਾਹਿਬ, ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਵੀ ਇਨ੍ਹਾਂ ਨੂੰ 2-2 ਦਿਨ ਦੀ ਸੇਵਾ ਪੂਰੀਆਂ ਕਰਨ ਦੀ ਤਨਖਾਹ ਲਾਈ ਗਈ ਹੈ।
ਸੁਖਬੀਰ ਸਿੰਘ ਬਾਦਲ ਦੇ ਪੈਰ ‘ਤੇ ਪਲਸਤਰ ਲੱਗੇ ਹੋਣੇ ਕਾਰਨ ਉਹ ਵ੍ਹੀਲਚੇਅਰ ‘ਤੇ ਸੀ। ਇਸੇ ਤਰ੍ਹਾਂ ਸੁਖਦੇਵ ਸਿੰਘ ਢੀਂਡਸਾ ਵੀ ਵ੍ਹੀਲਚੇਅਰ ‘ਤੇ ਹੋਣ ਕਾਰਨ ਇਸ ਤਨਖਾਹ ਤਹਿਤ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਵਾਲੇ ਪਾਸੇ ਦਰਸ਼ਨੀ ਡਿਓੜੀ ‘ਤੇ ਸੇਵਾਦਾਰ ਦੀ ਡਿਊਟੀ ਨਿਭਾਈ ਜਾ ਰਹੀ ਸੀ। ਇਥੇ ਦੋਵਾਂ ਨੇ ਇਕ ਘੰਟਾ ਡਿਊਟੀ ਦੇਣੀ ਸੀ। ਇਸ ਮੌਕੇ ਉਨ੍ਹਾਂ ਦੇ ਹੱਥਾਂ ਵਿਚ ਬਰਛੇ ਫੜੇ ਹੋਏ ਸਨ ਅਤੇ ਦੋਵਾਂ ਦੇ ਗਲ਼ਾਂ ਵਿਚ ਤਖਤੀਆਂ ਸਨ।
ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਨੇ ਅਕਾਲੀ ਸਰਕਾਰ ਵੇਲੇ ਹੋਏ ਗੁਨਾਹ ਕਬੂਲ ਕੀਤੇ ਸਨ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਣੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਇਨ੍ਹਾਂ ਦੀ ਮੁਆਫੀ ਲਈ ਤਨਖਾਹ ਲਾਈ ਗਈ ਸੀ।
ਸੁਖਬੀਰ ਸਿੰਘ ਬਾਦਲ ‘ਤੇ ਹੋਏ ਫਾਈਰਿੰਗ ਦੇ ਮਾਮਲੇ ‘ਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਸ ਜਾਨਲੇਵਾ ਹਮਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਹਮਲਾਵਰ ਨਾਰਾਇਣ ਸਿੰਘ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।