#PUNJAB #world

ਸ੍ਰੀ ਨਨਕਾਣਾ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਨਨਕਾਣਾ ਸਾਹਿਬ, 25 ਨਵੰਬਰ (ਪੰਜਾਬ ਮੇਲ)- ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਭਾਰਤ ਸਮੇਤ ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਤੋਂ ਹਜ਼ਾਰਾਂ ਸਿੱਖ ਸ਼ਰਧਾਲੂ ਨਨਕਾਣਾ ਸਾਹਿਬ ਪਹੁੰਚੇ।
ਪ੍ਰਕਾਸ਼ ਪੁਰਬ ਸਬੰਧੀ ਮੁੱਖ ਧਾਰਮਿਕ ਸਮਾਗਮ ਗੁਰਦੁਆਰਾ ਸ੍ਰੀ ਜਨਮ ਅਸਥਾਨ ਵਿਖੇ ਕਰਵਾਇਆ ਗਿਆ। ਸੰਗਤਾਂ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਗੁਰੂ ਸਾਹਿਬ ਅੱਗੇ ਸੀਸ ਨਿਵਾਇਆ। ਧਾਰਮਿਕ ਸਮਾਗਮਾਂ ‘ਚ ਪੰਜ ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ।
ਪਾਕਿਸਤਾਨ ਸਰਕਾਰ ਵੱਲੋਂ ਇਸ ਵਾਰ ਭਾਰਤ ਦੇ 3,091 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਸਨ। ਭਾਰਤ ਤੋਂ ਸਿੱਖ ਸੰਗਤਾਂ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਪਹੁੰਚੀਆਂ।
ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਔਕਾਫ਼ ਬੋਰਡ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਸੰਗਤਾਂ ਦੀ ਸੁਰੱਖਿਆ ਅਤੇ ਰਿਹਾਇਸ਼ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ। ਗੁਰਪੁਰਬ ਸਬੰਧੀ ਧਾਰਮਿਕ ਸਮਾਗਮ 22 ਨਵੰਬਰ ਤੋਂ ਚੱਲ ਰਹੇ ਸਨ। ਸੰਗਤਾਂ ਨੇ ਨਨਕਾਣਾ ਸਾਹਿਬ ਦੇ ਹੋਰ ਇਤਿਹਾਸਕ ਗੁਰਦੁਆਰਿਆਂ ਦੇ ਵੀ ਦਰਸ਼ਨ ਕੀਤੇ।
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਸੰਨ 1469 ਵਿਚ ਰਾਇ ਭੋਇ ਦੀ ਤਲਵੰਡੀ ਵਿਖੇ ਹੋਇਆ ਸੀ, ਜਿਸ ਨੂੰ ਅੱਜ ਨਨਕਾਣਾ ਸਾਹਿਬ ਦੇ ਨਾਂ ਨਾਲ ਜਾਣਿਆ ਜਾਂਦਾ ਹੈ।
ਗੁਰੂ ਸਾਹਿਬ ਨੇ ਸਮੁੱਚੀ ਮਨੁੱਖਤਾ ਨੂੰ ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦਾ ਉਪਦੇਸ਼ ਦਿੱਤਾ। ਉਨ੍ਹਾਂ ਨੇ ਜਾਤ-ਪਾਤ, ਊਚ-ਨੀਚ ਅਤੇ ਧਾਰਮਿਕ ਵਿਤਕਰੇ ਦਾ ਵਿਰੋਧ ਕਰਦਿਆਂ ਬਰਾਬਰੀ, ਆਪਸੀ ਭਾਈਚਾਰੇ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ।
ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਵਿਖੇ ਸੰਗਤਾਂ ਦੀ ਭਾਰੀ ਆਮਦ ਨੇ ਇੱਕ ਵਾਰ ਫਿਰ ਧਾਰਮਿਕ ਸਾਂਝ ਅਤੇ ਭਾਰਤ-ਪਾਕਿਸਤਾਨ ਦੇ ਲੋਕਾਂ ਵਿਚਾਲੇ ਆਪਸੀ ਪਿਆਰ ਤੇ ਭਾਈਚਾਰੇ ਦਾ ਸੁਨੇਹਾ ਦਿੱਤਾ।