#INDIA

ਸੰਯੁਕਤ ਕਿਸਾਨ ਮੋਰਚੇ ਵੱਲੋਂ ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ ਦਾ ਐਲਾਨ

ਨਵੀਂ ਦਿੱਲੀ, 14 ਜਨਵਰੀ (ਪੰਜਾਬ ਮੇਲ)- ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਨੇ 26 ਜਨਵਰੀ ਨੂੰ ਦੇਸ਼ ਭਰ ਵਿਚ ਟਰੈਕਟਰ ਮਾਰਚ ਦਾ ਸੱਦਾ ਦਿੱਤਾ ਹੈ ਅਤੇ ਮੰਗ ਕੀਤੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਨਾਲ ਉਨ੍ਹਾਂ ਦੀਆਂ ਮੰਗਾਂ ‘ਤੇ ਗੱਲਬਾਤ ਕਰਨ। ਸੰਯੁਕਤ ਕਿਸਾਨ ਮੋਰਚਾ ਦਾ ਇਹ ਬਿਆਨ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਸਬੰਧੀ ਵਧਦੀਆਂ ਚਿੰਤਾਵਾਂ ਦਰਮਿਆਨ ਆਇਆ ਹੈ, ਜੋ ਪਿਛਲੇ ਤਕਰੀਬਨ 50 ਦਿਨਾਂ ਤੋਂ ਮਰਨ ਵਰਤ ‘ਤੇ ਹਨ।
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਕਨਵੀਨਰ ਜਗਜੀਤ ਸਿੰਘ ਡੱਲੇਵਾਲ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਸ.ਕੇ.ਐੱਮ.) ਦੀ ਕਾਨੂੰਨੀ ਗਾਰੰਟੀ ਸਣੇ ਕਿਸਾਨ ਦੀਆਂ ਵੱਖ-ਵੱਖ ਮੰਗਾਂ ਮੰਨਵਾਉਣ ਲਈ ਪਿਛਲੇ ਸਾਲ 26 ਨਵੰਬਰ ਤੋਂ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਭੁੱਖ ਹੜਤਾਲ ‘ਤੇ ਹਨ।
ਸੰਯੁਕਤ ਕਿਸਾਨ ਮੋਰਚੇ ਨੇ ਇੱਥੇ ਜਾਰੀ ਇੱਕ ਬਿਆਨ ਵਿਚ ਐਲਾਨ ਕੀਤਾ ਕਿ ਐੱਮ.ਐੱਸ.ਪੀ. ਅਤੇ ਖੇਤੀ ਮੰਡੀਕਰਨ ‘ਤੇ ਕੌਮੀ ਨੀਤੀ ਖਰੜੇ ਖ਼ਤਮ ਕਰਨ ਸਣੇ ਮੰਗਾਂ ‘ਤੇ ਸਾਂਝੇ ਸੰਘਰਸ਼ ਲਈ ਸੋਮਵਾਰ ਨੂੰ ਮੀਟਿੰਗ ਕੀਤੀ ਜਾਵੇਗੀ। ਐੱਸ.ਕੇ.ਐੱਮ. ਨੇ ਬਿਆਨ ‘ਚ ਕਿਹਾ, ”ਐੱਸ.ਕੇ.ਐੱਮ. ਨੇ ਕਿਸਾਨਾਂ ਨੂੰ 26 ਜਨਵਰੀ ਨੂੰ 76ਵੇਂ ਗਣਤੰਤਰ ਦਿਵਸ ‘ਤੇ ਦੇਸ਼ ਭਰ ‘ਚ ਜ਼ਿਲ੍ਹਾ ਅਤੇ ਤਹਿਸੀਲ ਪੱਧਰ ‘ਤੇ ਟਰੈਕਟਰ, ਗੱਡੀਆਂ, ਮੋਟਰਸਾਈਕਲ ਮਾਰਚ ਕਰਨ ਦਾ ਸੱਦਾ ਦਿੱਤਾ ਜਾਂਦਾ ਹੈ।” ਐੱਸ.ਕੇ.ਐੱਮ. ਨੇ ਕਿਹਾ, ”ਕਿਸਾਨ ਇਨ੍ਹਾਂ ਮੰਗਾਂ ਨੂੰ ਲੈ ਕੇ ਮਾਰਚ ਕਰਨਗੇ ਕਿ ਪ੍ਰਧਾਨ ਮੰਤਰੀ ਤੁਰੰਤ ਕਿਸਾਨਾਂ ਦੇ ਮੁੱਦਿਆਂ ‘ਤੇ ਸਾਰੀਆਂ ਕਿਸਾਨ ਜਥੇਬੰਦੀਆਂ ਨਾਲ ਚਰਚਾ ਲਈ ਮੀਟਿੰਗ ਸੱਦਣ ਅਤੇ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ।”