#INDIA

ਸੰਸਦ ਮੈਂਬਰਾਂ ਤੇ ਵਿਧਾਇਕਾਂ ਨੂੰ ਸਦਨ ‘ਚ ਵੋਟਿੰਗ ਜਾਂ ਭਾਸ਼ਨ ਲਈ ਰਿਸ਼ਵਤ ਲੈਣ ‘ਤੇ ਮੁਕੱਦਮੇ ਤੋਂ ਛੋਟ ਨਹੀਂ: Supreme Court

ਨਵੀਂ ਦਿੱਲੀ, 4 ਮਾਰਚ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਵੋਟਿੰਗ ਜਾਂ ਸਦਨ ਵਿਚ ਭਾਸ਼ਨ ਦੇਣ ਲਈ ਰਿਸ਼ਵਤ ਲੈਣ ਦੇ ਮਾਮਲੇ ਵਿਚ ਮੁਕੱਦਮੇ ਤੋਂ ਛੋਟ ਨਹੀਂ ਹੈ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ ਵਾਲੇ ਸੱਤ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਝਾਰਖੰਡ ਮੁਕਤੀ ਮੋਰਚਾ (ਜੇ.ਐੱਮ.ਐੱਮ.) ਰਿਸ਼ਵਤ ਮਾਮਲੇ ਵਿਚ ਪੰਜ ਜੱਜਾਂ ਦੇ ਬੈਂਚ ਵੱਲੋਂ ਦਿੱਤੇ 1998 ਦੇ ਫੈਸਲੇ ਨੂੰ ਸਰਬਸੰਮਤੀ ਨਾਲ ਉਲਟਾ ਦਿੱਤਾ। ਪੰਜ ਜੱਜਾਂ ਦੇ ਬੈਂਚ ਦੇ ਫੈਸਲੇ ਤਹਿਤ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਵੋਟਿੰਗ ਜਾਂ ਸਦਨ ਵਿਚ ਭਾਸ਼ਨ ਲਈ ਰਿਸ਼ਵਤ ਲੈਣ ਦੇਣ ਦੇ ਮਾਮਲਿਆਂ ਵਿਚ ਮੁਕੱਦਮੇ ਤੋਂ ਛੋਟ ਦਿੱਤੀ ਗਈ ਸੀ। ਚੀਫ ਜਸਟਿਸ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਰਿਸ਼ਵਤਖੋਰੀ ਦੇ ਮਾਮਲੇ ਕਾਨੂੰਨਸਾਜ਼ ਵਿਸ਼ੇਸ਼ ਅਧਿਕਾਰ ਤਹਿਤ ਸੁਰੱਖਿਅਤ ਨਹੀਂ ਹਨ ਅਤੇ 1998 ਦੇ ਫੈਸਲੇ ਦੀ ਵਿਆਖਿਆ ਸੰਵਿਧਾਨ ਦੀ ਧਾਰਾ 105 ਅਤੇ 194 ਦੇ ਉਲਟ ਹੈ।