ਟੋਰਾਂਟੋ, 8 ਅਕਤੂਬਰ (ਪੰਜਾਬ ਮੇਲ)- ਕੈਨੇਡੀਅਨ ਸਰਕਾਰ ਨੇ ਕਿਹਾ ਹੈ ਕਿ ਉਹ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੁਆਰਾ ਕੀਤੀ ਜਾ ਰਹੀ ਜਾਂਚ ਦੇ ਨਤੀਜਿਆਂ ਦੀ ਉਡੀਕ ਕਰ ਰਹੀ ਹੈ। ਕੈਨੇਡਾ ਦੇ ਪੱਖ ਤੋਂ ਇਹ ਸਪੱਸ਼ਟੀਕਰਨ ਪਿਛਲੇ ਸਾਲ 18 ਸਤੰਬਰ ਨੂੰ ਹਾਊਸ ਆਫ ਕਾਮਨਜ਼ ਵਿਚ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ਵਿਚ ਭਾਰਤੀ ਏਜੰਟਾਂ ਅਤੇ ਨਿੱਝਰ ਦੀ ਹੱਤਿਆ ਦਰਮਿਆਨ ਸੰਭਾਵੀ ਸਬੰਧਾਂ ਦੇ ਭਰੋਸੇਮੰਦ ਦੋਸ਼ਾਂ ਵਾਲੇ ਬਿਆਨ ਦੇ ਇੱਕ ਸਾਲ ਬਾਅਦ ਆਇਆ ਹੈ। ਟਰੂਡੋ ਦੇ ਉਸ ਬਿਆਨ ਨੇ ਦੁਵੱਲੇ ਸਬੰਧਾਂ ਵਿਚ ਖਟਾਸ ਪੈਦਾ ਕਰ ਦਿੱਤੀ ਸੀ। ਭਾਰਤ ਦੇ ਮੋਸਟ ਵਾਂਟੇਡ ਅੱਤਵਾਦੀਆਂ ਵਿਚੋਂ ਇੱਕ ਹਰਦੀਪ ਸਿੰਘ ਨਿੱਝਰ ਵੀ ਕੈਨੇਡਾ ਦਾ ਨਾਗਰਿਕ ਸੀ।
ਵਿਦੇਸ਼ੀ ਦਖਲ ਕਮਿਸ਼ਨ ਸਾਹਮਣੇ ਪੇਸ਼ ਹੋਏ ਗਲੋਬਲ ਅਫੇਅਰਜ਼ ਕੈਨੇਡਾ (ਜੀ.ਏ.ਸੀ.) ਦੇ ਇੰਡੋ-ਪੈਸੀਫਿਕ ਦੇ ਸਹਾਇਕ ਡਿਪਟੀ ਮੰਤਰੀ ਵੈਲਡਨ ਐਪ ਨੇ ਕਿਹਾ ਕਿ ਕੂਟਨੀਤੀ ਦੇ ਹਿੱਸੇ ਵਜੋਂ ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ (ਆਰ.ਸੀ.ਐੱਮ.ਪੀ.) ਦੁਆਰਾ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਜਾਂਚ ਪੂਰੀ ਨਹੀਂ ਹੁੰਦੀ, ਉਦੋਂ ਤੱਕ ਸਾਡੇ ਕੋਲ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਦੋਸ਼ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀ ਸ਼ਮੂਲੀਅਤ ਬਾਰੇ ਕੋਈ ਫ਼ੈਸਲਾ ਨਹੀਂ ਆਇਆ ਹੈ, ਇਸ ਲਈ ਅਸੀਂ ਆਰ.ਸੀ.ਐੱਮ.ਪੀ. ਦੇ ਆਪਣੇ ਕੰਮ ਨੂੰ ਪੂਰਾ ਕਰਨ ਦੀ ਉਡੀਕ ਕਰ ਰਹੇ ਹਾਂ। ਕੈਨੇਡਾ ਦੀ ਨੀਤੀ ਬਹੁਤ ਸਪੱਸ਼ਟ ਹੈ ਕਿ ਭਾਰਤ ਦੀ ਖੇਤਰੀ ਅਖੰਡਤਾ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਕਤਲ ਦੀ ਜਾਂਚ ਕਰ ਰਹੀ ਏਕੀਕ੍ਰਿਤ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (ਆਈ.ਐੱਚ.ਆਈ.ਟੀ.) ਨੇ ਚਾਰ ਭਾਰਤੀ ਨਾਗਰਿਕਾਂ ਦੀ ਗ੍ਰਿਫ਼ਤਾਰੀ ਦਾ ਐਲਾਨ ਕੀਤਾ। ਉਨ੍ਹਾਂ ‘ਤੇ ਫਸਟ-ਡਿਗਰੀ ਕਤਲ ਅਤੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਹਨ ਅਤੇ ਉਨ੍ਹਾਂ ਦੇ ਮੁਕੱਦਮੇ ਦੀ ਸੁਣਵਾਈ ਨਵੰਬਰ ਦੇ ਅੱਧ ਵਿਚ ਮੁੜ ਸ਼ੁਰੂ ਹੋਣ ਦੀ ਉਮੀਦ ਹੈ।
ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਸੀ ਕਿ ਰਾਸ਼ਟਰੀ ਸੁਰੱਖਿਆ ਅਤੇ ਕੈਨੇਡੀਅਨਾਂ ਦੀ ਸੁਰੱਖਿਆ ਅਤੇ ਕਾਨੂੰਨ ਦੇ ਰਾਜ ਨਾਲ ਜੁੜੇ ਕੁਝ ਬਹੁਤ ਗੰਭੀਰ ਮੁੱਦਿਆਂ ‘ਤੇ ਭਾਰਤ ਨਾਲ ਗੱਲਬਾਤ ਮੁੜ ਸ਼ੁਰੂ ਹੋ ਸਕਦੀ ਹੈ। ਪਿਛਲੇ ਸਾਲ ਭਾਰਤ ਨੇ ਜਸਟਿਨ ਟਰੂਡੋ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਰੱਦ ਕਰ ਦਿੱਤਾ ਸੀ ਅਤੇ ਕੈਨੇਡਾ ਦੇ ਖਾਲਿਸਤਾਨ ਪੱਖੀ ਸਿੱਖਾਂ ਦਾ ਧੁਰਾ ਬਣਨ ‘ਤੇ ਚਿੰਤਾ ਵੀ ਜ਼ਾਹਰ ਕੀਤੀ ਸੀ। ਹਾਲਾਂਕਿ ਕੈਨੇਡਾ ਨੇ ਇਸ ਨੂੰ ਸਵੀਕਾਰ ਨਹੀਂ ਕੀਤਾ।