#PUNJAB

ਹਰਿਮੰਦਰ ਸਾਹਿਬ ਦੀ ਸੁਰੱਖਿਆ ਲਈ ਅੰਮ੍ਰਿਤਸਰ ਨੂੰ ‘ਨੋ ਵਾਰ ਜ਼ੋਨ’ ਐਲਾਨਣ ਦੀ ਮੰਗ

ਲੋਕ ਸਭਾ ਮੈਂਬਰਾਂ ਨੇ ਪ੍ਰਧਾਨ ਮੰਤਰੀ ਨੂੰ ਭੇਜਿਆ ਪੱਤਰ
ਅੰਮ੍ਰਿਤਸਰ, 5 ਜੂਨ (ਪੰਜਾਬ ਮੇਲ)- ਅੰਮ੍ਰਿਤਸਰ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪ੍ਰਧਾਨ ਮੰਤਰੀ ਤੋਂ ਹਰਿਮੰਦਰ ਸਾਹਿਬ ਦੀ ਸੁਰੱਖਿਆ ਲਈ ਅੰਮ੍ਰਿਤਸਰ ਨੂੰ ‘ਨੋ ਵਾਰ ਜ਼ੋਨ’ ਐਲਾਨਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਸਬੰਧ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜਿਆ ਹੈ। ਇਸੇ ਤਰ੍ਹਾਂ ਦਾ ਇਕ ਪੱਤਰ ਕਾਂਗਰਸ ਦੇ ਹੋਰ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵੀ ਪ੍ਰਧਾਨ ਮੰਤਰੀ ਨੂੰ ਭੇਜਿਆ ਗਿਆ ਹੈ।
ਸੰਸਦ ਮੈਬਰਾਂ ਨੇ ਕਿਹਾ ਕਿ ਭਾਰਤੀ ਫੌਜ ਦੇ ਇਕ ਮੇਜਰ ਜਨਰਲ ਦੇ ਦਾਅਵੇ ਤੋਂ ਬਾਅਦ ਇਹ ਮੰਗ ਹੋਰ ਵੀ ਮਹੱਤਵਪੂਰਨ ਹੋ ਗਈ ਹੈ। ਮੇਜਰ ਜਨਰਲ ਨੇ ਕਿਹਾ ਸੀ ਕਿ ਪਾਕਿਸਤਾਨੀ ਹਵਾਈ ਫੌਜ ਨੇ ਹਰਿਮੰਦਰ ਸਾਹਿਬ ਨੂੰ ਨਿਸ਼ਾਨਾ ਬਣਾਇਆ ਸੀ। ਇਸ ਦਾਅਵੇ ਨੇ ਦੁਨੀਆਂ ਭਰ ਦੇ ਸਿੱਖ ਭਾਈਚਾਰੇ ਵਿਚ ਚਿੰਤਾ ਪੈਦਾ ਕਰ ਦਿੱਤੀ ਹੈ।
ਲੋਕ ਸਭਾ ਮੈਂਬਰ ਨੇ ਕਿਹਾ ਕਿ ਹਰਿਮੰਦਰ ਸਾਹਿਬ ਸਿੱਖ ਧਰਮ ਦਾ ਸਭ ਤੋਂ ਪਵਿੱਤਰ ਸਥਾਨ ਹੈ। ਦੁਨੀਆਂ ਭਰ ਤੋਂ ਲੱਖਾਂ ਸ਼ਰਧਾਲੂ ਇਥੇ ਆਉਂਦੇ ਹਨ। ਉਨ੍ਹਾਂ ਹਰਿਮੰਦਰ ਸਾਹਿਬ ਲਈ ਵੈਟੀਕਨ ਸਿਟੀ ਵਾਂਗ ਸਥਾਈ ਅਤੇ ਗੈਰ-ਰਾਜਨੀਤਿਕ ਸੁਰੱਖਿਆ ਪ੍ਰਬੰਧਾਂ ਦੀ ਮੰਗ ਕੀਤੀ ਹੈ। ਸੰਸਦ ਮੈਂਬਰ ਨੇ ਯੂ.ਐੱਨ.ਓ. ਤੋਂ ਵੀ ਇਸ ਪਵਿੱਤਰ ਸਥਾਨ ਨੂੰ ਅੰਤਰਰਾਸ਼ਟਰੀ ਮਾਨਤਾ ਅਤੇ ਸੁਰੱਖਿਆ ਦੇਣ ਦੀ ਮੰਗ ਕੀਤੀ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਵਿਚ ਇਸ ਸਥਾਨ ਨੂੰ ਕਿਸੇ ਵੀ ਫੌਜੀ ਜਾਂ ਰਾਜਸੀ ਨਿਸ਼ਾਨੇ ਤੋਂ ਦੂਰ ਰੱਖਿਆ ਜਾਣਾ ਚਾਹੀਦਾ ਹੈ। ਹਰਿਮੰਦਰ ਸਾਹਿਬ ਵਿਸ਼ਵ ਸ਼ਾਂਤੀ ਦਾ ਪ੍ਰਤੀਕ ਹੈ ਅਤੇ ਇਸ ਦੀ ਸੁਰੱਖਿਆ ਭਾਰਤ ਅਤੇ ਅੰਤਰਰਾਸ਼ਟਰੀ ਭਾਈਚਾਰੇ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਸ ਮੰਗ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਣਾ ਚਾਹੀਦਾ ਹੈ।