ਚੰਡੀਗੜ੍ਹ, 21 ਨਵੰਬਰ (ਪੰਜਾਬ ਮੇਲ)- ਪੰਜਾਬ-ਹਰਿਆਣਾ ਹਾਈ ਕੋਰਟ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਇਕ ਹਫਤੇ ਵਿਚ ਫੈਸਲਾ ਲੈਣ ਲਈ ਆਖਿਆ ਹੈ। ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਨੇ ਸੰਸਦ ਦੇ ਸੈਸ਼ਨ ‘ਚ ਸ਼ਾਮਲ ਹੋਣ ਲਈ ਪੈਰੋਲ ਮੰਗੀ ਹੈ। ਦੱਸਣਾ ਬਣਦਾ ਹੈ ਕਿ ਅੰਮ੍ਰਿਤਪਾਲ ਇਸ ਵੇਲੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਐੱਨ. ਐੱਸ. ਏ. ਤਹਿਤ ਨਜ਼ਰਬੰਦ ਹੈ। ਇਸ ਤੋਂ ਪਹਿਲਾਂ ਉਸ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ ਪਰ ਦੇਸ਼ ਦੀ ਸਰਵਉੱਚ ਅਦਾਲਤ ਨੇ ਉਸ ਨੂੰ ਹਾਈ ਕੋਰਟ ਜਾਣ ਲਈ ਕਿਹਾ ਸੀ।
ਹਾਈ ਕੋਰਟ ‘ਚ ਅੱਜ ਚੀਫ ਜਸਟਿਸ ਸ਼ੀਲ ਨਾਗੂ ਤੇ ਜਸਟਿਸ ਸੰਜੀਵ ਬੇਰੀ ਦੇ ਬੈਂਚ ਨੇ ਫੈਸਲਾ ਸੁਣਾਇਆ। ਇਸ ਮੌਕੇ ਬੈਂਚ ਨੇ ਅੰਮ੍ਰਿਤਪਾਲ ਦੇ ਵਕੀਲ ਨੂੰ ਵੀ ਸਵਾਲ ਕੀਤਾ ਕਿ ਇਸ ਸੈਸ਼ਨ ਵਿਚ ਅੰਮ੍ਰਿਤਪਾਲ ਕਿਹੜੇ ਮੁੱਦੇ ਚੁੱਕਣਗੇ। ਇਸ ਤੋਂ ਬਾਅਦ ਵਕੀਲ ਨੇ ਕਿਹਾ ਕਿ ਅੰਮ੍ਰਿਤਪਾਲ ਪੰਜਾਬ ਦੇ ਹੜ੍ਹ ਮਾਰੇ ਖੇਤਰਾਂ ਵਿਚ ਰਾਹਤ ਪ੍ਰਬੰਧਨ ਬਾਰੇ ਗੱਲ ਕਰਨਗੇ।
ਹਾਈਕੋਰਟ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਮਾਮਲੇ ‘ਚ ਪੰਜਾਬ ਸਰਕਾਰ ਨੂੰ ਇਕ ਹਫਤੇ ‘ਚ ਫੈਸਲਾ ਲੈਣ ਦੇ ਨਿਰਦੇਸ਼

