– ਡਿਪਟੀ ਕਮਿਸ਼ਨਰ ਨੂੰ ਨਗਰ ਨਿਗਮ ਦੇ ਪ੍ਰਸ਼ਾਸਕ ਵਜੋਂ ਰੋਜ਼ਾਨਾ ਦਾ ਕੰਮਕਾਜ ਸੰਭਾਲਣ ਦੇ ਦਿੱਤੇ ਨਿਰਦੇਸ਼
ਕਪੂਰਥਲਾ, 15 ਜੁਲਾਈ (ਪੰਜਾਬ ਮੇਲ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ 8 ਜੁਲਾਈ ਨੂੰ ਹੋਈ ਚੋਣ ਦੇ ਨਤੀਜਿਆਂ ‘ਤੇ 30 ਜੁਲਾਈ ਤੱਕ ਅੰਤਰਿਮ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਮਾਨਯੋਗ ਅਦਾਲਤ ਨੇ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੂੰ ਅਗਲੇ ਹੁਕਮਾਂ ਤੱਕ ਨਗਰ ਨਿਗਮ ਦਾ ਪ੍ਰਸ਼ਾਸਕ ਨਿਯੁਕਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।
ਮਿਲੀ ਜਾਣਕਾਰੀ ਅਨੁਸਾਰ, ਕਾਂਗਰਸ ਦੇ ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਇਸ ਚੋਣ ਨੂੰ ਚੁਣੌਤੀ ਦਿੰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਦੋ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ।
ਇਨ੍ਹਾਂ ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਜਸਟਿਸ ਦੀਪਕ ਸਿੱਬਲ ਅਤੇ ਜਸਟਿਸ ਰੁਪਿੰਦਰ ਚਾਹਲ ਦੇ ਡਿਵੀਜ਼ਨ ਬੈਂਚ ਨੇ ਪਹਿਲਾਂ ਪੰਜਾਬ ਸਰਕਾਰ ਨੂੰ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਸਮੇਤ ਸਮੁੱਚਾ ਰਿਕਾਰਡ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। ਬੀਤੇ ਸੋਮਵਾਰ ਨੂੰ ਹੋਈ ਸੁਣਵਾਈ ਦੌਰਾਨ ਡਿਵੀਜ਼ਨ ਬੈਂਚ ਨੇ ਚੋਣ ਨਤੀਜਿਆਂ ‘ਤੇ 30 ਜੁਲਾਈ ਤੱਕ ਅੰਤਰਿਮ ਰੋਕ ਲਗਾ ਦਿੱਤੀ ਅਤੇ ਇਸ ਸਮੇਂ ਦੌਰਾਨ ਡਿਪਟੀ ਕਮਿਸ਼ਨਰ ਨੂੰ ਨਗਰ ਨਿਗਮ ਦੇ ਪ੍ਰਸ਼ਾਸਕ ਵਜੋਂ ਰੋਜ਼ਾਨਾ ਦਾ ਕੰਮਕਾਜ ਸੰਭਾਲਣ ਦੇ ਨਿਰਦੇਸ਼ ਦਿੱਤੇ।
ਦਾਇਰ ਕੀਤੀ ਗਈ ਪਟੀਸ਼ਨ ਵਿਚ ਦੋਸ਼ ਲਗਾਇਆ ਗਿਆ ਹੈ ਕਿ ਮੇਅਰ ਚੋਣ ਵਾਲੀ ਮੀਟਿੰਗ ‘ਚ 27 ਕੌਂਸਲਰ ਮੌਜੂਦ ਸਨ, ਜਿਨ੍ਹਾਂ ਵਿਚ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਖ਼ੁਦ ਵੀ ਸ਼ਾਮਲ ਸਨ। ਇਸ ਦੇ ਬਾਵਜੂਦ, ਬਹੁਮਤ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰਕੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਕਰ ਦਿੱਤੀ ਗਈ।
ਪਟੀਸ਼ਨਕਰਤਾਵਾਂ ਨੇ ਇਸ ਚੋਣ ਪ੍ਰਕਿਰਿਆ ਨੂੰ ਨਿਯਮਾਂ ਦੇ ਉਲਟ ਅਤੇ ਪ੍ਰਸ਼ਾਸਨ ਦੀ ਮਨਮਾਨੀ ਕਰਾਰ ਦਿੰਦਿਆਂ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 30 ਜੁਲਾਈ ਨੂੰ ਹੋਵੇਗੀ।
ਹਾਈਕੋਰਟ ਵੱਲੋਂ ਕਪੂਰਥਲਾ ਨਗਰ ਨਿਗਮ ਦੇ ਮੇਅਰ ਚੋਣ ਨਤੀਜਿਆਂ ‘ਤੇ ਰੋਕ

