ਚੰਡੀਗੜ੍ਹ, 14 ਅਗਸਤ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੁੱਧ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਮਾਨਸਾ ਅਦਾਲਤ ਵਿਚ ਦਾਇਰ ਮਾਣਹਾਨੀ ਦੀ ਕਾਰਵਾਈ ਲਈ ਅਪੀਲ ਕੀਤੀ ਗਈ ਸੀ। ਇਸ ਕਾਰਵਾਈ ਨੂੰ ਰੱਦ ਕਰਨ ਲਈ ਮੁੱਖ ਮੰਤਰੀ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਜਸਟਿਸ ਤ੍ਰਿਭੁਵਨ ਦਹੀਆ ਦੇ ਬੈਂਚ ਨੇ 13 ਅਗਸਤ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਪੰਜਾਬ ਸਰਕਾਰ ਤੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੂੰ ਨੋਟਿਸ ਜਾਰੀ ਕਰਕੇ 18 ਅਗਸਤ, 2025 ਤੱਕ ਜਵਾਬ ਮੰਗਿਆ ਹੈ। ਨਾਲ ਹੀ, ਅਦਾਲਤ ਨੇ ਮੁੱਖ ਮੰਤਰੀ ਨੂੰ ਅੰਤਰਿਮ ਰਾਹਤ ਦਿੰਦੇ ਹੋਏ ਨਿਰਦੇਸ਼ ਦਿੱਤਾ ਕਿ ਭਗਵੰਤ ਮਾਨ ਮਾਨਸਾ ਅਦਾਲਤ ‘ਚ ਨਿੱਜੀ ਜਾਂਚ ਲਈ ਅਰਜ਼ੀ ਦਾਇਰ ਕਰਨਗੇ ਤੇ ਮੈਜਿਸਟ੍ਰੇਟ ਅਦਾਲਤ ਇਸ ਨੂੰ ਲੰਬਿਤ ਰੱਖੇਗੀ। ਇਹ ਮਾਮਲਾ ਮਾਨਸਾ ਮੈਜਿਸਟ੍ਰੇਟ ਅਦਾਲਤ ਦੇ 2 ਅਗਸਤ, 2025 ਦੇ ਹੁਕਮ ਨਾਲ ਸਬੰਧਿਤ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਹੋਰ ਕੋਈ ਛੋਟ ਪਟੀਸ਼ਨ ਸਵੀਕਾਰ ਨਹੀਂ ਕੀਤੀ ਜਾਵੇਗੀ ਤੇ ਜੇਕਰ ਉਹ 18 ਅਗਸਤ ਨੂੰ ਅਦਾਲਤ ਵਿਚ ਪੇਸ਼ ਨਹੀਂ ਹੁੰਦੇ ਹਨ ਤਾਂ ਉਨ੍ਹਾਂ ਦੀ ਜ਼ਮਾਨਤ ਰੱਦ ਕਰ ਦਿੱਤੀ ਜਾਵੇਗੀ। ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ 25 ਅਪ੍ਰੈਲ 2019 ਨੂੰ ਇਹ ਮਾਣਹਾਨੀ ਸ਼ਿਕਾਇਤ ਦਾਇਰ ਕੀਤੀ ਸੀ।
ਹਾਈ ਕੋਰਟ ਵੱਲੋਂ ਮੁੱਖ ਮੰਤਰੀ ਨੂੰ ਮਾਨਸਾ ਅਦਾਲਤ ‘ਚ ਨਿੱਜੀ ਜਾਂਚ ਲਈ ਅਰਜ਼ੀ ਦਾਇਰ ਕਰਨ ਦੇ ਹੁਕਮ
