#PUNJAB

ਹਾਈ ਕੋਰਟ ਵੱਲੋਂ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਜ਼ਮਾਨਤ

-ਵਿਜੀਲੈਂਸ ਨੂੰ ਆਸ਼ੂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਦਾ ਨਿਰਦੇਸ਼
ਚੰਡੀਗੜ੍ਹ, 21 ਦਸੰਬਰ (ਪੰਜਾਬ ਮੇਲ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਕਾਂਗਰਸੀ ਵਜ਼ੀਰ ਭਾਰਤ ਭੂਸ਼ਨ ਆਸ਼ੂ ਨੂੰ ਵੱਡੀ ਰਾਹਤ ਦਿੱਤੀ ਹੈ, ਜਿਸ ਖ਼ਿਲਾਫ਼ ਵਿਜੀਲੈਂਸ ਬਿਊਰੋ ਨੇ ਕੇਸ ਦਰਜ ਕੀਤੇ ਸਨ। ਹਾਈ ਕੋਰਟ ਨੇ ਈ.ਡੀ. ਵੱਲੋਂ ਕੀਤੀ ਜਾ ਰਹੀ ਜਾਂਚ ਦੇ ਮਾਮਲੇ ‘ਚ ਆਸ਼ੂ ਨੂੰ ਜ਼ਮਾਨਤ ਦੇ ਦਿੱਤੀ ਹੈ। ਈ.ਡੀ. ਨੇ ਪਹਿਲੀ ਅਗਸਤ ਨੂੰ ਟੈਂਡਰ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ‘ਚ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ ਸੀ। ਸਾਬਕਾ ਮੰਤਰੀ ਦੇ ਵਕੀਲ ਨਿਖਿਲ ਘਈ ਨੇ ਦੱਸਿਆ ਕਿ ਹਾਈ ਕੋਰਟ ਨੇ ਟੈਂਡਰ ਘੁਟਾਲੇ ‘ਚ ਭਾਰਤ ਭੂਸ਼ਨ ਆਸ਼ੂ ਨੂੰ ਰਾਹਤ ਦਿੰਦਿਆਂ ਵਿਜੀਲੈਂਸ ਬਿਊਰੋ ਨੂੰ ਉਨ੍ਹਾਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਵਿਜੀਲੈਂਸ ਰੇਂਜ ਲੁਧਿਆਣਾ ਵੱਲੋਂ ਖ਼ੁਰਾਕ ਤੇ ਸਪਲਾਈ ਵਿਭਾਗ ਵਿਚ ਹੋਏ ਟੈਂਡਰ ਘਪਲੇ ਨੂੰ ਲੈ ਕੇ 16 ਅਗਸਤ 2022 ਨੂੰ ਮੁਕੱਦਮਾ ਦਰਜ ਕੀਤਾ ਗਿਆ ਸੀ। ਵਿਜੀਲੈਂਸ ਨੇ ਇਸ ਕੇਸ ਵਿਚ 22 ਅਗਸਤ ਨੂੰ ਸਾਬਕਾ ਖ਼ੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਲੁਧਿਆਣਾ ਦੇ ਇੱਕ ਸੈਲੂਨ ਤੋਂ ਗ੍ਰਿਫ਼ਤਾਰ ਕੀਤਾ ਸੀ।