#PUNJAB

ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ ਸਰਬੱਤ ਦਾ ਭਲਾ ਟਰੱਸਟ

-ਜ਼ਿਲ੍ਹਾ ਇਕਾਈਆਂ ਨੂੰ ਤੁਰੰਤ ਪ੍ਰਸ਼ਾਸਨ ਨਾਲ ਸੰਪਰਕ ਕਰਨ ਲਈ ਕਿਹਾ : ਡਾ.ਓਬਰਾਏ
ਅੰਮ੍ਰਿਤਸਰ, 12 ਜੁਲਾਈ (ਪੰਜਾਬ ਮੇਲ)- ਬਿਨਾਂ ਕਿਸੇ ਸਵਾਰਥ ਤੋਂ ਆਪਣੇ ਪੱਲਿਓਂ ਕਰੋੜਾਂ ਰੁਪਏ ਖਰਚ ਕਰਕੇ ਦਿਨ-ਰਾਤ ਦੀਨ-ਦੁਖੀਆਂ ਦੀ ਸੇਵਾ ‘ਚ ਜੁਟੇ ਰਹਿਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਪੰਜਾਬ ਅੰਦਰ ਭਾਰੀ ਮੀਂਹ ਪੈਣ ਕਾਰਨ ਆਏ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਏ ਲੋਕਾਂ ਲਈ ਅੱਗੇ ਆਉਂਦਿਆਂ ਜਿੱਥੇ ਆਪਣੇ ਟਰੱਸਟ ਦੀਆਂ ਜ਼ਿਲ੍ਹਾ ਇਕਾਈਆਂ ਨੂੰ ਪ੍ਰਸ਼ਾਸਨ ਨਾਲ ਸੰਪਰਕ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਹਨ, ਉੱਥੇ ਹੀ ਪਟਿਆਲਾ ‘ਚ ਪ੍ਰਭਾਵਿਤ ਲੋਕਾਂ ਨੂੰ ਖਾਣਾ ਦੇਣਾ ਸ਼ੁਰੂ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਮੁਖੀ ਡਾ. ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਪੰਜਾਬ ਅੰਦਰ ਭਾਰੀ ਮੀਂਹ ਕਾਰਨ ਪੈਦਾ ਹੋਏ ਚਿੰਤਾਜਨਕ ਹਲਾਤਾਂ ਨੂੰ ਦੇਖਦਿਆਂ ਹੋਇਆਂ ਉਨ੍ਹਾਂ ਦੋ ਦਿਨ ਪਹਿਲਾਂ ਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀਆਂ ਸਮੁੱਚੀਆਂ ਜ਼ਿਲ੍ਹਾ ਇਕਾਈਆਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਰੈੱਡ ਕਰਾਸ ਸੁਸਾਇਟੀਆਂ ਨਾਲ ਸੰਪਰਕ ਕਰਨ ਲਈ ਹਦਾਇਤਾਂ ਦਿੰਦਿਆਂ ਕਿਹਾ ਸੀ, ਪ੍ਰਸ਼ਾਸਨ ਨੂੰ ਲੋੜੀਂਦੀਆਂ ਦਵਾਈਆਂ, ਰਾਸ਼ਨ ਤੇ ਹੋਰ ਜ਼ਰੂਰੀ ਸਮਾਨ ਸਬੰਧੀ ਜਾਣਕਾਰੀ ਇਕੱਤਰ ਕੀਤੀ ਜਾਵੇ, ਤਾਂ ਜੋ ਅਜਿਹੇ ਹਾਲਾਤਾਂ ਵਿਚ ਲੋੜਵੰਦਾਂ ਦੀ ਸਮੇਂ ਸਿਰ ਮਦਦ ਕੀਤੀ ਜਾ ਸਕੇ। ਡਾ. ਓਬਰਾਏ ਨੇ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਪਟਿਆਲਾ ਵਿਖੇ 500 ਦੇ ਕਰੀਬ ਪ੍ਰਭਾਵਿਤ ਲੋਕਾਂ ਨੂੰ ਸਵੇਰ-ਸ਼ਾਮ ਦਾ ਖਾਣਾ ਮੁਹੱਈਆ ਕਰਵਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ।

Leave a comment