-ਹਲਕਾ ਵਿਧਾਇਕ ਅਤੇ ਹੋਰਾਂ ਨੂੰ ਕੀਤਾ ਸਨਮਾਨਿਤ
ਛੇਹਰਟਾ, 13 ਸਤੰਬਰ (ਰਾਜ ਰੰਧਾਵਾ/ਪੰਜਾਬ ਮੇਲ)- ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਹਲਕੇ ਦੇ ਪਿੰਡ ਸੁਧਾਰ ਦੇ ਗੁ: ਬਾਬਾ ਪਰੋ ਸਾਹਿਬ ਵਿਖੇ ਗੁ: ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਵਰਿਆਮ ਸਿੰਘ ਦੇ ਸਹਿਯੋਗ ਨਾਲ ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ਇਲਾਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਹੜ੍ਹ ਪੀੜ੍ਹਤਾਂ ਦੀ ਸੁੱਖ ਸ਼ਾਂਤੀ ਅਤੇ ਹੜ੍ਹਾਂ ‘ਚ ਸੇਵਾਵਾਂ ਨਿਭਾਉਣ ਵਾਲੀਆਂ ਪੰਚਾਇਤਾਂ, ਵੱਖ ਵੱਖ ਸੰਸਥਾਵਾਂ ਅਤੇ ਸੰਪ੍ਰਦਾਵਾਂ ਦਾ ਧੰਨਵਾਦ ਕਰਨ ਲਈ ਸ੍ਰੀ ਅਖੰਡ ਪਾਠ ਦਾ ਭੋਗ ਪਵਾਇਆ ਗਿਆ । ਹੜ੍ਹ ਪੀੜਤ ਪਰਿਵਾਰਾਂ ਦੀ ਸੁੱਖ ਸ਼ਾਂਤੀ ਦੀ ਅਰਦਾਸ ਬਾਬਾ ਬੁੱਢਾ ਵੰਸ਼ਜ ਪ੍ਰੋ: ਬਾਬਾ ਨਿਰਮਲ ਸਿੰਘ ਰੰਧਾਵਾ ਸਪੁੱਤਰ ਸੰਤ ਅਮਰੀਕ ਸਿੰਘ ਰੰਧਾਵਾ (ਮੁੱਖੀ ਸੰਪਰਦਾ ਬਾਬਾ ਬੁੱਢਾ ਵੰਸ਼ਜ ‘ਬਾਬਾ ਸਹਾਰੀ ਗੁਰੂ ਕਾ ਹਾਲੀ’ ਰੰਧਾਵਾ ਗੁਰੂ ਕੀ ਵਡਾਲੀ-ਛੇਹਰਟਾ) ਵਲੋਂ ਕੀਤੀ ਗਈ । ਅਰਦਾਸ ਉਪਰੰਤ ਪ੍ਰੋ: ਬਾਬਾ ਨਿਰਮਲ ਸਿੰਘ ਰੰਧਾਵਾ ਅਤੇ ਬਾਬਾ ਰਘਬੀਰ ਸਿੰਘ ਰੰਧਾਵਾ ਵਲੋਂ ਹੜ੍ਹ ਪੀੜਤਾਂ ਦੀ ਸੇਵਾ ਵਿਚ ਦਿਨ ਰਾਤ ਸੇਵਾਵਾਂ ਨਿਭਾਉਣ ਵਾਲੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਭਾਈ ਮਨਜੀਤ ਸਿੰਘ ਭੋਮਾ (ਦਿਲੀ ਗੁ: ਕਮੇਟੀ ਦੇ ਧਰਮ ਪ੍ਰਚਾਰ ਵਿੰਗ ਦੇ ਇੰਚਾਰਜ) ਅਤੇ ਹੜ੍ਹਾਂ ‘ਚ ਨਿਸ਼ਕਾਮ ਸੇਵਾਵਾਂ ਨਿਭਾਉਣ ਵਾਲੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ।
ਅਰਦਾਸ ਸਮਾਗਮ ਵਿੱਚ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਸੰਬੋਧਨ ਵਿਚ ਇਲਾਕੇ ਦੀਆਂ ਪੰਚਾਇਤਾਂ ਅਤੇ ਹੋਰ ਵੱਖ ਵੱਖ ਸੰਸਥਾਵਾਂ ਅਤੇ ਸੰਪ੍ਰਦਾਵਾਂ ਵਲੋਂ ਕੀਤੀਆਂ ਜਾ ਰਹੀਆਂ ਵਡਮੁੱਲੀਆਂ ਸੇਵਾਵਾਂ ਕਮਾਉਣ ਵਾਲਿਆਂ ਦਾ ਧੰਨਵਾਦ ਵੀ ਕੀਤਾ ਅਤੇ ਆਉਣ ਵਾਲੇ ਸਮੇਂ ਵਿੱਚ ਹੜ੍ਹਾ ਪੀੜਤਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਤੋਂ ਬਚਾਉਣ ਲਈ ਵੀ ਹੁਣ ਤੋਂ ਕਮਰਕਸੇ ਕਰਨ ਲਈ ਪ੍ਰੇਰਿਆ ਗਿਆ । ਇਸ ਅਰਦਾਸ ਸਮਾਗਮ ਵਿੱਚ ਇਲਾਕੇ ਦੀਆਂ ਪੰਚਾਇਤਾਂ ਦੇ ਪੰਚਾਂ ਸਰਪੰਚਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ । ਆਈਆਂ ਸੰਗਤਾਂ ਲਈ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ।
ਹੜ੍ਹ ਪੀੜਤਾਂ ਦੀ ਸੁੱਖ ਸ਼ਾਂਤੀ ਲਈ ਬਾਬਾ ਬੁੱਢਾ ਵੰਸ਼ਜ ਪ੍ਰੋ: ਬਾਬਾ ਰੰਧਾਵਾ ਵਲੋਂ ਪਿੰਡ ਸੁਧਾਰ ਅਜਨਾਲਾ ਵਿਖੇ ਕੀਤੀ ਗਈ ਅਰਦਾਸ
