#PUNJAB

ਹੰਸ ਰਾਜ ਦਾ ਵਿਰੋਧ ਕਰਨ ਵਾਲੇ ਆਗੂਆਂ ਖ਼ਿਲਾਫ਼ ਜਾਰੀ ਵਾਰੰਟ ਰੱਦ

ਫਰੀਦਕੋਟ, 5 ਸਤੰਬਰ (ਪੰਜਾਬ ਮੇਲ)- ਇੱਥੋਂ ਦੇ ਐੱਸ.ਡੀ.ਐੱਮ. ਵੱਲੋਂ ਕੁਝ ਦਿਨ ਪਹਿਲਾਂ ਕਿਰਤੀ ਕਿਸਾਨ ਦੇ ਸੂਬਾ ਆਗੂ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਨੌਨਿਹਾਲ ਸਿੰਘ ਖਿਲਾਫ ਧਾਰਾ 107/151 ਤਹਿਤ ਜਾਰੀ ਕੀਤੇ ਗਏ ਗ੍ਰਿਫਤਾਰੀ ਵਾਰੰਟ ਐੱਸ.ਡੀ.ਐੱਮ. ਦੀ ਅਦਾਲਤ ਨੇ ਚੁੱਪ ਚੁਪੀਤੇ ਤੇ ਬਿਨਾਂ ਸ਼ਰਤ ਵਾਪਸ ਲੈ ਲਏ ਹਨ। ਦੱਸਣਯੋਗ ਹੈ ਕਿ ਇਨ੍ਹਾਂ ਆਗੂਆਂ ਨੇ ਗ੍ਰਿਫ਼ਤਾਰੀ ਵਾਰੰਟਾਂ ਨੂੰ ਗੈਰਕਾਨੂੰਨੀ ਦੱਸਦਿਆਂ ਅਦਾਲਤ ਵਿਚ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਇਹ ਆਗੂ ਅਦਾਲਤ ਵਿਚ ਪੇਸ਼ ਵੀ ਨਹੀਂ ਹੋਏ। ਲੋਕ ਸਭਾ ਚੋਣਾਂ ਦੌਰਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਨੌਨਿਹਾਲ ਸਿੰਘ ਨੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਫਰੀਦਕੋਟ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਵਿਰੋਧ ਕੀਤਾ ਸੀ। ਇਸ ਤੋਂ ਬਾਅਦ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਤੇ ਨੌਨਿਹਾਲ ਸਿੰਘ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ ਪਰ ਅਗਲੇ ਦਿਨ ਹੀ ਉਨ੍ਹਾਂ ਨੂੰ ਜੇਲ੍ਹ ਵਿਚੋਂ ਰਿਹਾਅ ਕਰ ਦਿੱਤਾ ਗਿਆ। ਐੱਸ.ਡੀ.ਐੱਮ. ਦੀ ਅਦਾਲਤ ਨੇ ਦੱਸਿਆ ਕਿ ਇਨ੍ਹਾਂ ਆਗੂਆਂ ਖਿਲਾਫ ਜਾਰੀ ਹੋਏ ਵਾਰੰਟ ਗਲਤਫਹਿਮੀ ਵਿਚ ਜਾਰੀ ਹੋ ਗਏ ਸਨ, ਜੋ ਰੱਦ ਕਰ ਦਿੱਤੇ ਗਏ ਹਨ। ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਇਸ ਦੇ ਅਫਸਰਾਂ ਦਾ ਆਪਸ ਵਿਚ ਕੋਈ ਤਾਲਮੇਲ ਨਹੀਂ ਹੈ। ਨੌਨਿਹਾਲ ਸਿੰਘ ਨੇ ਕਿਹਾ ਕਿ ਉਹ ਫਰੀਦਕੋਟ ਇਲਾਕੇ ਵਿਚ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਪ੍ਰਸ਼ਾਸਨ ਖਿਲਾਫ ਸੰਘਰਸ਼ ਕਰਦੇ ਆ ਰਹੇ ਹਨ ਅਤੇ ਇਸੇ ਰੰਜਿਸ਼ ਕਰਕੇ ਇਹ ਵਾਰੰਟ ਜਾਰੀ ਕਰਵਾਏ ਗਏ ਸੀ।