ਨਵੀਂ ਦਿੱਲੀ, 2 ਅਗਸਤ (ਪੰਜਾਬ ਮੇਲ)-ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਨੇ ਮੰਗਲਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ‘ਚ ਦਿੱਲੀ ਦੀ ਰਾਊਜ ਐਵੇਨਿਊ ਅਦਾਲਤ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਅਦਾਲਤ ਨੇ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਕਰ ਰਹੀ ਹੈ। ਦਰਅਸਲ ਦਿੱਲੀ ਦੀ ਰਾਊਜ ਐਵੇਨਿਊ ਕੋਰਟ ਨੇ ਪਿਛਲੇ ਹਫ਼ਤੇ ਟਾਈਟਲਰ ਨੂੰ ਸੰਮਨ ਜਾਰੀ ਕੀਤਾ ਸੀ। ਅਦਾਲਤ ਨੇ ਟਾਈਟਲਰ ਖਿਲਾਫ਼ ਦਾਇਰ ਕੀਤੀ ਗਈ ਸੀ.ਬੀ.ਆਈ ਦੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਸੰਮਨ ਜਾਰੀ ਕਰ ਕੇ 5 ਅਗਸਤ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।
ਦੱਸ ਦੇਈਏ ਕਿ 31 ਅਕਤੂਬਰ 1984 ਨੂੰ ਭਾਰਤ ਦੇ ਤਤਕਾਲੀ ਪ੍ਰਧਾਨ ਮੰਤਰੀ ਦੀ ਹੱਤਿਆ ਤੋਂ ਬਾਅਦ 1984 ਵਿਚ ਹੋਏ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇਕ ਮਾਮਲੇ ‘ਚ ਸੀ.ਬੀ.ਆਈ. ਨੇ 20 ਮਈ ਨੂੰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਸੀ। ਚਾਰਜਸ਼ੀਟ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ, ਤਤਕਾਲੀ ਸੰਸਦ ਮੈਂਬਰ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਅਦਾਲਤ ਨੇ ਕਿਹਾ ਸੀ ਕਿ ਚਾਰਜਸ਼ੀਟ ‘ਤੇ ਨੋਟਿਸ ਲੈਣਾ ਜ਼ਰੂਰੀ ਹੈ।
ਅਦਾਲਤ ‘ਚ ਦਾਇਰ ਆਪਣੇ ਚਾਰਜਸ਼ੀਟ ‘ਚ ਸੀ.ਬੀ.ਆਈ. ਨੇ ਦਾਅਵਾ ਕੀਤਾ ਕਿ ਟਾਈਟਲਰ ਨੇ 1 ਨਵੰਬਰ 1984 ਨੂੰ ਆਜ਼ਾਦ ਮਾਰਕੀਟ ‘ਚ ਪੁਲ ਬੰਗਸ਼ ਗੁਰਦੁਆਰੇ ‘ਚ ਇਕੱਠੀ ਹੋਈ ਭੀੜ ਨੂੰ ਉਕਸਾਇਆ ਅਤੇ ਭੜਕਾਇਆ, ਜਿਸ ਦੇ ਨਤੀਜੇ ਵਜੋਂ ਗੁਰਦੁਆਰੇ ਵਿਚ ਅੱਗ ਲਾ ਦਿੱਤੀ ਗਈ ਅਤੇ 3 ਸਿੱਖਾਂ- ਠਾਕੁਰ ਸਿੰਘ, ਬਾਦਲ ਸਿੰਘ ਅਤੇ ਗੁਰਚਰਨ ਸਿੰਘ ਦਾ ਕਤਲ ਕਰ ਦਿੱਤਾ ਗਿਆ। ਸੀ.ਬੀ.ਆਈ. ਨੇ ਕਿਹਾ ਕਿ ਏਜੰਸੀ ਨੇ ਟਾਈਟਲਰ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ-147 (ਦੰਗਾ), 109 (ਉਕਸਾਉਣਾ) ਅਤੇ ਧਾਰਾ-302 (ਕਤਲ) ਤਹਿਤ ਦੋਸ਼ ਲਾਏ ਹਨ।