#INDIA

2008 ਮੁੰਬਈ ਹਮਲਾ : ਅਦਾਲਤ ਵੱਲੋਂ ਤਹੱਵੁਰ ਰਾਣਾ ਦੀ ਪਟੀਸ਼ਨ ‘ਤੇ ਜੇਲ੍ਹ ਅਧਿਕਾਰੀਆਂ ਨੂੰ ਨੋਟਿਸ ਜਾਰੀ

ਨਵੀਂ ਦਿੱਲੀ, 30 ਮਈ (ਪੰਜਾਬ ਮੇਲ)- ਦਿੱਲੀ ਦੀ ਇਕ ਅਦਾਲਤ ਨੇ ਤਿਹਾੜ ਜੇਲ੍ਹ ਅਧਿਕਾਰੀਆਂ ਨੂੰ 26/11 ਦੇ ਮੁੰਬਈ ਅੱਤਵਾਦੀ ਹਮਲਿਆਂ ਦੇ ਦੋਸ਼ੀ ਤਹੱਵੁਰ ਹੁਸੈਨ ਰਾਣਾ ਦੀ ਉਸ ਪਟੀਸ਼ਨ ‘ਤੇ ਜਵਾਬ ਦਾਇਰ ਕਰਨ ਦਾ ਨਿਰਦੇਸ਼ ਦਿੱਤਾ, ਜਿਸ ਵਿਚ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਗੱਲ ਕਰਨ ਦੀ ਇਜਾਜ਼ਤ ਮੰਗੀ ਸੀ। ਵਿਸ਼ੇਸ਼ ਜੱਜ ਚੰਦਰਜੀਤ ਸਿੰਘ ਨੇ ਰਾਣਾ ਦੀ ਪਟੀਸ਼ਨ ‘ਤੇ ਜੇਲ੍ਹ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਅਤੇ ਉਨ੍ਹਾਂ ਨੂੰ ਅਗਲੀ ਸੁਣਵਾਈ 4 ਜੂਨ ਤੱਕ ਮਾਮਲੇ ਵਿਚ ਸਥਿਤੀ ਰਿਪੋਰਟ ਵੀ ਦਾਇਰ ਕਰਨ ਦਾ ਨਿਰਦੇਸ਼ ਦਿੱਤਾ।
64 ਸਾਲਾ ਪਾਕਿਸਤਾਨੀ ਮੂਲ ਦਾ ਕੈਨੇਡੀਅਨ ਕਾਰੋਬਾਰੀ ਇਸ ਸਮੇਂ ਨਿਆਂਇਕ ਹਿਰਾਸਤ ਵਿਚ ਹੈ। 26/11 ਮੁੰਬਈ ਅੱਤਵਾਦੀ ਹਮਲਿਆਂ ਦੇ ਮੁੱਖ ਸਾਜ਼ਿਸ਼ਕਰਤਾ ਡੇਵਿਡ ਕੋਲਮੈਨ ਹੈਡਲੀ ਉਰਫ ਦਾਊਦ ਗਿਲਾਨੀ ਦਾ ਨਜ਼ਦੀਕੀ ਸਾਥੀ ਰਾਣਾ ਨੂੰ 4 ਅਪ੍ਰੈਲ ਨੂੰ ਅਮਰੀਕੀ ਸੁਪਰੀਮ ਕੋਰਟ ਵੱਲੋਂ ਉਸ ਦੀ ਹਵਾਲਗੀ ਵਿਰੁੱਧ ਸਮੀਖਿਆ ਪਟੀਸ਼ਨ ਖਾਰਜ ਕਰਨ ਤੋਂ ਬਾਅਦ ਭਾਰਤ ਲਿਆਂਦਾ ਗਿਆ ਸੀ।