ਚੰਡੀਗੜ੍ਹ, 28 ਦਸੰਬਰ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ‘ਤੇ ਨਕੇਲ ਕੱਸਣ ਦੀਆਂ ਆਪਣੀਆਂ ਕੋਸ਼ਿਸ਼ਾਂ ਨੂੰ ਜਾਰੀ ਰੱਖਦੇ ਹੋਏ 2023 ਵਿਚ 26 ਦਸੰਬਰ ਤੱਕ ਕੁੱਲ 251 ਟ੍ਰੈਪ ਮਾਮਲੇ, ਅਪਰਾਧਿਕ ਮਾਮਲੇ ਦਰਜ ਕੀਤੇ ਤੇ 288 ਸਰਕਾਰੀ ਅਧਿਕਾਰੀਆਂ/ਮੁਲਾਜ਼ਮਾਂ ਤੇ ਨਿੱਜੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਉਕਤ ਮਾਮਲਿਆਂ ‘ਚ ਗ੍ਰਿਫਤਾਰ ਮੁਲਜ਼ਮਾਂ ਵਿਚ 66 ਪੁਲਿਸ ਕਰਮਚਾਰੀਆਂ ਤੇ 44 ਮਾਲੀਆ ਅਧਿਕਾਰੀ ਸ਼ਾਮਲ ਹਨ। ਇਸ ਤੋਂ ਇਲਾਵਾ ਇਨ੍ਹਾਂ ਮਾਮਲਿਆਂ ਵਿਚ 7 ਸਿਆਸੀ ਨੇਤਾਵਾਂ ਤੇ 70 ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਇਸ ਸਾਲ 133 ਵੱਖ- ਵੱਖ ਟ੍ਰੈਪ ਮਾਮਲਿਆਂ ਵਿਚ 59,57,000 ਰੁਪਏ ਦੀ ਰਕਮ ਵਸੂਲ ਕੀਤੀ ਗਈ।
ਸੂਬੇ ਵਿਚ ਭ੍ਰਿਸ਼ਟਾਚਾਰ ਖਿਲਾਫ ਚੱਲ ਰਹੀ ਮੁਹਿੰਮ ਦੌਰਾਨ ਬਿਊਰੋ ਨੇ 103 ਅਪਰਾਧਿਕ ਮਾਮਲੇ ਤੇ ਜਾਇਦਾਦ ਦੇ 15 ਮਾਮਲੇ ਦਰਜ ਕੀਤੇ ਹਨ। ਇਸ ਮਿਆਦ ਦੌਰਾਨ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਨੇ ਵਿਜੀਲੈਂਸ ਵੱਲੋਂ ਦਾਇਰ ਕੀਤੇ 33 ਕੇਸਾਂ ਦਾ ਫੈਸਲਾ ਕੀਤਾ, ਜਿਸ ਦੇ ਨਤੀਜੇ ਵਜੋਂ 43 ਮੁਲਾਜ਼ਮਾਂ ਨੂੰ ਦੋਸ਼ੀ ਠਹਿਰਾਇਆ ਗਿਆ ਤੇ ਸਜ਼ਾ ਸੁਣਾਈ ਗਈ।
ਵਿਜੀਲੈਂਸ ਨੇ ਇਸ ਦੌਰਾਨ ਵੱਖ-ਵੱਖ ਅਦਾਲਤਾਂ ਵਿਚ 181 ਮਾਮਲਿਆਂ ਦੇ ਚਲਾਨ ਦਾਖਲ ਕੀਤੇ ਹਨ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਲਈ 82 ਵਿਜੀਲੈਂਸ ਪੜਤਾਲਾਂ ਦਰਜ ਕੀਤੀਆਂ ਗਈਆਂ। ਮੁੱਖ ਮੰਤਰੀ ਮਾਨ ਵੱਲੋਂ 23 ਫਰਵਰੀ 2022 ਨੂੰ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਲਾਈਨ ਦੀਆਂ ਉਪਲੱਬਧੀਆਂ ਬਾਰੇ ਗੱਲ ਕਰਦੇ ਹੋਏ ਬੁਲਾਰੇ ਨੇ ਕਿਹਾ ਕਿ ਆਡੀਓ-ਵੀਡੀਓ ਰਿਕਾਰਡਿੰਗ ਤਹਿਤ 26.12.2023 ਤੱਕ ਬਿਊਰੋ ਨੂੰ ਜਮ੍ਹਾ ਕਰ ਦਿੱਤੇ ਗਏ ਹਨ ਤੇ ਨਾਲ ਹੀ 11074 ਸ਼ਿਕਾਇਤਾਂ ਹਾਸਲ ਹੋਈਆਂ ਹਨ।