#PUNJAB

26 ਵਿਰੋਧੀ ਪਾਰਟੀਆਂ ਦੇ ਗਠਜੋੜ ‘ਇੰਡੀਆ’ ‘ਚ ‘ਆਪ’ ਦੀ ਸ਼ਮੂਲੀਅਤ ਤੋਂ ਪੰਜਾਬ ਦੇ ਕਾਂਗਰਸੀ ਫਿਕਰਮੰਦ!

* ਵੜਿੰਗ ਤੇ ਬਾਜਵਾ ਦੀ ਪ੍ਰਧਾਨਗੀ ‘ਚ ਮੀਟਿੰਗ ਕਰਕੇ ਸਿਆਸੀ ਹਾਲਾਤ ‘ਤੇ ਚਰਚਾ
ਚੰਡੀਗੜ੍ਹ, 20 ਜੁਲਾਈ (ਪੰਜਾਬ ਮੇਲ)- ਦਿੱਲੀ ਵਿਚ ਸੇਵਾਵਾਂ ਦੇ ਕੰਟਰੋਲ ਨੂੰ ਲੈ ਕੇ ਕੇਂਦਰੀ ਆਰਡੀਨੈਂਸ ਦਾ ਵਿਰੋਧ ਕੀਤੇ ਜਾਣ ਦੇ ਕਾਂਗਰਸ ਹਾਈ ਕਮਾਨ ਦੇ ਫੈਸਲੇ ‘ਤੇ 26 ਵਿਰੋਧੀ ਪਾਰਟੀਆਂ ਦੀ ਸ਼ਮੂਲੀਅਤ ਵਾਲੇ ਗੱਠਜੋੜ ‘ਇੰਡੀਆ’ ਵਿਚ ‘ਆਪ’ ਦੀ ਹਾਜ਼ਰੀ ਨਾਲ ਪੰਜਾਬ ਕਾਂਗਰਸ ਦੇ ਆਗੂ ਸੋਚੀਂ ਪੈ ਗਏ ਹਨ। ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿਚ ਸਮੁੱਚੇ ਸਿਆਸੀ ਘਟਨਾਕ੍ਰਮ ਦੀ ਸਮੀਖਿਆ ਅਤੇ ਚਰਚਾ ਕੀਤੀ ਗਈ। ਸੀਨੀਅਰ ਪਾਰਟੀ ਆਗੂਆਂ ਨੇ ਵੜਿੰਗ ਅਤੇ ਬਾਜਵਾ ਨੂੰ ਸਲਾਹ ਦਿੱਤੀ ਕਿ ਨਵੇਂ ਗੱਠਜੋੜ ‘ਇੰਡੀਆ’ ਵਿਚ ਆਮ ਆਦਮੀ ਪਾਰਟੀ ਦੀ ਭਵਿੱਖੀ ਭੂਮਿਕਾ ਅਤੇ ਆਰਡੀਨੈਂਸ ਦੇ ਵਿਰੋਧ ਦੀ ਰਣਨੀਤੀ ਬਾਰੇ ਵਿਆਪਕ ਚਰਚਾ ਕੀਤੀ ਜਾਵੇ ਤੇ ਉਸ ਤੋਂ ਬਾਅਦ ਹੀ ਪੰਜਾਬ ਕਾਂਗਰਸ ਕੋਈ ਫੈਸਲਾ ਲਏ। ਮੀਟਿੰਗ ਵਿਚ ਸੁਖਜਿੰਦਰ ਸਿੰਘ ਰੰਧਾਵਾ, ਬ੍ਰਹਮ ਮਹਿੰਦਰਾ, ਭਾਰਤ ਭੂਸ਼ਨ ਆਸ਼ੂ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਰਾਣਾ ਕੇ.ਪੀ. ਸਿੰਘ, ਅਰੁਣਾ ਚੌਧਰੀ ਅਤੇ ਗੁਰਕੀਰਤ ਸਿੰਘ ਕੋਟਲੀ ਸਮੇਤ ਕਈ ਕਾਂਗਰਸੀ ਆਗੂਆਂ ਨੇ ਸ਼ਮੂਲੀਅਤ ਕੀਤੀ।
ਸੂਤਰਾਂ ਮੁਤਾਬਕ ਪੰਜਾਬ ਦੇ ਕਾਂਗਰਸੀ ਇਸ ਗੱਲੋਂ ਹੈਰਾਨ ਹਨ ਕਿ ਪਾਰਟੀ ਹਾਈ ਕਮਾਨ ਨੇ ਕੇਂਦਰੀ ਆਰਡੀਨੈਂਸ ਦਾ ਵਿਰੋਧ ਕਰਕੇ ਅਸਿੱਧੇ ਤੌਰ ‘ਤੇ ਆਮ ਆਦਮੀ ਪਾਰਟੀ ਦੇ ਇਸ ਪ੍ਰਮੁੱਖ ਏਜੰਡੇ ਦੀ ਹਮਾਇਤ ਕੀਤੀ ਹੈ ਤੇ ਅਜਿਹਾ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਭਰੋਸੇ ਵਿਚ ਨਹੀਂ ਲਿਆ ਗਿਆ।
ਆਗੂਆਂ ਨੇ ਕਿਹਾ ਕਿ ਹਾਲ ਦੀ ਘੜੀ ਇਹੀ ਜਾਪਦਾ ਹੈ ਕਿ ਪਾਰਟੀ ਹਾਈ ਕਮਾਨ ਨੇ ਸਿਰਫ਼ ਸੰਸਦ ਵਿਚ ਆਰਡੀਨੈਂਸ ਦੇ ਵਿਰੋਧ ਦਾ ਫੈਸਲਾ ਕੀਤਾ ਹੈ ਤੇ ਕਾਂਗਰਸ ਦੇ ਇਸ ਫੈਸਲੇ ਤੋਂ ਖੁਸ਼ ਹੋ ਕੇ ਅਰਵਿੰਦ ਕੇਜਰੀਵਾਲ ਬੰਗਲੂਰੂ ਵਿਚ ਹੋਈ ਵਿਰੋਧੀ ਧਿਰਾਂ ਦੀ ਮੀਟਿੰਗ ‘ਚ ਸ਼ਮੂਲੀਅਤ ਲਈ ਮੰਨ ਗਏ। ਕਾਂਗਰਸ ਦੇ ਸੀਨੀਅਰ ਆਗੂ ਨੇ ਦੱਸਿਆ ਕਿ ਪੰਜਾਬ ਕਾਂਗਰਸ ਵੱਲੋਂ ਪਾਰਟੀ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ, ਮੌਜੂਦਾ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਕੇ.ਸੀ. ਵੇਣੂਗੋਪਾਲ ਨੂੰ ਸੂਚਿਤ ਕਰ ਦਿੱਤਾ ਗਿਆ ਸੀ ਕਿ ‘ਆਪ’ ਦੀ ਹਮਾਇਤ ਪੰਜਾਬ ਵਿਚ ਪਾਰਟੀ ਨੂੰ ਭਾਰੀ ਪੈ ਸਕਦੀ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਕਾਂਗਰਸ ਦੇ ਤਿੰਨ ਮੰਤਰੀਆਂ ਸਮੇਤ ਦਰਜਨ ਦੇ ਕਰੀਬ ਆਗੂਆਂ ਨੂੰ ਭ੍ਰਿਸ਼ਟਾਚਾਰ ਅਤੇ ਹੋਰਨਾਂ ਮਾਮਲਿਆਂ ਵਿਚ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸੇ ਤਰ੍ਹਾਂ ਕਾਂਗਰਸ ਦੇ ਦੋ ਦਰਜਨ ਦੇ ਕਰੀਬ ਆਗੂਆਂ ਖਿਲਾਫ਼ ਇਸ ਸਮੇਂ ਵਿਜੀਲੈਂਸ ਦੀ ਜਾਂਚ ਚੱਲ ਰਹੀ ਹੈ।
ਪੰਜਾਬ ਦੇ ਕਾਂਗਰਸੀ ਆਗੂਆਂ ਦਾ ਮੰਨਣਾ ਹੈ ਕਿ ਜੇਕਰ ਪੰਜਾਬ ਸਰਕਾਰ ਦੀ ਪ੍ਰਮੁੱਖ ਜਾਂਚ ਏਜੰਸੀ ਵਿਜੀਲੈਂਸ ਵੱਲੋਂ ਉਨ੍ਹਾਂ ਦੇ ਪਾਰਟੀ ਆਗੂਆਂ ਖਿਲਾਫ਼ ਮੁਹਿੰਮ ਜਾਰੀ ਰੱਖੀ ਗਈ ਤਾਂ ਆਉਂਦੀਆਂ ਸੰਸਦੀ ਚੋਣਾਂ ਦੌਰਾਨ ਪਾਰਟੀ ਨੂੰ ਭਾਰੀ ਸਿਆਸੀ ਨੁਕਸਾਨ ਹੋਵੇਗਾ। ਇਸੇ ਦੌਰਾਨ ਜੇਕਰ ‘ਆਪ’ ਦਾ ਕਾਂਗਰਸ ਨਾਲ ਪੰਜਾਬ ਤੋਂ ਬਾਹਰਲੇ ਸੂਬਿਆਂ ਵਿਚ ਗੱਠਜੋੜ ਹੁੰਦਾ ਵੀ ਹੈ ਤਾਂ ਵੀ ਕਾਂਗਰਸ ਨੂੰ ਸਿਆਸੀ ਤੌਰ ‘ਤੇ ਨਫ਼ੇ ਦੀ ਥਾਂ ਨੁਕਸਾਨ ਹੀ ਹੋਣਾ ਹੈ। ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ‘ਆਪ’ ਦੇ ਸਿਆਸੀ ਉਭਾਰ ਨੇ ਕਾਂਗਰਸ ਦਾ ਨਵੀਂ ਦਿੱਲੀ, ਗੁਜਰਾਤ, ਉਤਰਾਖੰਡ ਅਤੇ ਗੋਆ ਆਦਿ ਸੂਬਿਆਂ ਵਿਚ ਭਾਰੀ ਨੁਕਸਾਨ ਕੀਤਾ ਹੈ ਤੇ ਇਸ ਤਰ੍ਹਾਂ ਦਾ ਨੁਕਸਾਨ ਹੋਰਨਾਂ ਸੂਬਿਆਂ ਵਿਚ ਵੀ ਹੋ ਸਕਦਾ ਹੈ।
ਇਸ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਨੇ ‘ਆਪ’ ਨਾਲ ਕੋਈ ਸਿਆਸੀ ਗੱਠਜੋੜ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸੰਵਿਧਾਨ ਨੂੰ ਬਚਾਉਣ ਲਈ ਲਗਾਤਾਰ ਕੌਮੀ ਪੱਧਰ ‘ਤੇ ਲੜਾਈ ਲੜ ਰਹੀ ਹੈ। ਮੀਟਿੰਗ ਵਿਚ ਪੰਜਾਬ ‘ਚ ਆਏ ਹੜ੍ਹਾਂ ਨੂੰ ਲੈ ਕੇ ਵੀ ਚਰਚਾ ਕੀਤੀ ਗਈ। ਕਾਂਗਰਸ ਨੇ 10,000 ਕਰੋੜ ਰੁਪਏ ਦੇ ਮੁਆਵਜ਼ੇ ਦੀ ਮੰਗ ਕਰਦਿਆਂ ਪ੍ਰਭਾਵਿਤ ਕਿਸਾਨਾਂ ਨੂੰ 60,000 ਰੁਪਏ ਪ੍ਰਤੀ ਏਕੜ ਦੇਣ ਦੀ ਮੰਗ ਕੀਤੀ। ਪਾਰਟੀ ਨੇ ਘਰਾਂ ਦੇ ਨੁਕਸਾਨ ਦੀ ਪੂਰਤੀ ਲਈ ਵੀ ਢੁਕਵਾਂ ਮੁਆਵਜ਼ਾ ਮੰਗਿਆ।

Leave a comment