267 ਪਾਵਨ ਸਰੂਪ ਦੀ ਜਾਂਚ ਰਿਪੋਰਟ ਇਸ ਹਫ਼ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਸੌਂਪੇ ਜਾਣ ਦੀ ਸੰਭਾਵਨਾ

589
ਆਮ ਆਦਮੀ ਪਾਰਟੀ ਦਾ ਵਫ਼ਦ ਜਥੇਦਾਰ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਦਿੰਦਾ ਹੋਇਆ।
Share

ਜਥੇਦਾਰ ਨੂੰ ਮਿਲਿਆ ‘ਆਪ’ ਦਾ ਵਫ਼ਦ
ਅੰਮ੍ਰਿਤਸਰ, 17 ਅਗਸਤ (ਪੰਜਾਬ ਮੇਲ)- ਲਾਪਤਾ ਹੋਏ 267 ਪਾਵਨ ਸਰੂਪ ਮਾਮਲੇ ਦੀ ਜਾਂਚ ਰਿਪੋਰਟ ਇਸ ਹਫ਼ਤੇ ਜਾਂਚ ਟੀਮ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਸੌਂਪੇ ਜਾਣ ਦੀ ਸੰਭਾਵਨਾ ਹੈ। ਇਸ ਮਾਮਲੇ ਨੂੰ ਵਿਚਾਰਨ ਲਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ 24 ਅਗਸਤ ਨੂੰ ਸੱਦੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਰਿਕਾਰਡ ਵਿਚੋਂ 267 ਪਾਵਨ ਸਰੂਪ ਘੱਟ ਪਾਏ ਜਾਣ ਦੀ ਜਾਂਚ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤੇਲੰਗਾਨਾ ਹਾਈ ਕੋਰਟ ਦੇ ਵਕੀਲ ਈਸ਼ਰ ਸਿੰਘ ਨੂੰ ਸੌਂਪੀ ਹੈ। ਜਾਂਚ ਕਮੇਟੀ ਵਿਚ ਦੋ ਹੋਰ ਮੈਂਬਰ ਵੀ ਸ਼ਾਮਲ ਹਨ। ਜਾਂਚ ਟੀਮ ਨੂੰ ਇਹ ਜਾਂਚ ਮਹੀਨੇ ‘ਚ ਮੁਕੰਮਲ ਕਰਨ ਅਤੇ ਜਾਂਚ ਰਿਪੋਰਟ ਸ੍ਰੀ ਅਕਾਲ ਤਖ਼ਤ ‘ਤੇ ਸੌਂਪਣ ਲਈ ਆਖਿਆ ਗਿਆ ਸੀ। ਜਾਂਚ ਦਾ ਕੰਮ ਮੁਕੰਮਲ ਕਰਨ ਦੀ ਮਿਆਦ 17 ਅਗਸਤ ਨੂੰ ਖਤਮ ਹੋ ਗਈ। ਹਫ਼ਤੇ ਦੌਰਾਨ ਹੀ ਜਾਂਚ ਰਿਪੋਰਟ ਸੌਂਪ ਦਿੱਤੀ ਜਾਵੇਗੀ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਸਬੰਧੀ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਦਾ ਵਫ਼ਦ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਪਹੁੰਚ ਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਿਆ। ਵਫ਼ਦ ਵਿਚ ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ, ਕੁਲਤਾਰ ਸਿੰਘ ਸੰਧਵਾਂ, ਪ੍ਰਿੰਸੀਪਲ ਬੁੱਧ ਰਾਮ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ ਆਦਿ ਸ਼ਾਮਲ ਸਨ। ਵਫ਼ਦ ਨੇ ਸਰੂਪਾਂ ਦੀ ਗੁੰਮਸ਼ੁਦਗੀ ਨੂੰ ਸੰਵੇਦਨਸ਼ੀਲ ਮਾਮਲਾ ਦੱਸਦਿਆਂ ਜਥੇਦਾਰ ਤੋਂ ਦਖ਼ਲ ਦੀ ਮੰਗ ਕੀਤੀ। ਉਨ੍ਹਾਂ ਖ਼ਦਸ਼ਾ ਜਤਾਇਆ ਕਿ ਗੁੰਮ ਹੋਏ ਪਾਵਨ ਸਰੂਪਾਂ ਨੂੰ ਸ਼ਰਾਰਤੀ ਅਨਸਰ ਮਾਹੌਲ ਖ਼ਰਾਬ ਕਰਨ ਲਈ ਵਰਤ ਸਕਦੇ ਹਨ, ਇਸ ਲਈ ਉਨ੍ਹਾਂ ਨੂੰ ਲੱਭਣ ਲਈ ਸੰਜੀਦਾ ਯਤਨ ਕੀਤੇ ਜਾਣ। ਮੀਡੀਆ ਨਾਲ ਗੱਲਬਾਤ ਕਰਦਿਆਂ ‘ਆਪ’ ਆਗੂਆਂ ਨੇ ਕਿਹਾ ਕਿ ਇਸ ਮਸਲੇ ਦੀ ਜਾਂਚ ਕਰ ਰਹੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜ ਨਵਿਤਾ ਸਿੰਘ ਵੱਲੋਂ ਜਾਂਚ ਮੁਕੰਮਲ ਹੋਣ ਤੋਂ ਪਹਿਲਾਂ ਹੀ ਪਿੱਛੇ ਹਟ ਜਾਣਾ, ਵੱਡੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਸ਼ੰਕਾ ਜਤਾਈ ਕਿ ਪੜਤਾਲ ਨੂੰ ਪ੍ਰਭਾਵਿਤ ਕਰਨ ਲਈ ਕਿਸੇ ਵੱਲੋਂ ਉਨ੍ਹਾਂ ‘ਤੇ ਦਬਾਅ ਬਣਾਇਆ ਗਿਆ ਹੋਵੇਗਾ।

ਲੰਗਾਹ ਮਾਮਲੇ ‘ਚ ਸਰਚਾਂਦ ਸਿੰਘ ਕੋਲੋਂ ਸਪੱਸ਼ਟੀਕਰਨ ਮੰਗਿਆ
ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ, ਜਿਸ ਨੂੰ ਪੰਥ ਵਿਚੋਂ ਛੇਕਿਆ ਹੋਇਆ ਹੈ, ਨਾਲ ਮਿਲਵਰਤਨ ਦੇ ਦੋਸ਼ ਹੇਠ ਸਿੱਖ ਆਗੂ ਸਰਚਾਂਦ ਸਿੰਘ ਨੂੰ 22 ਅਗਸਤ ਤੱਕ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਤੋਂ ਆਦੇਸ਼ ਜਾਰੀ ਕੀਤੇ ਗਏ ਹਨ। ਸ੍ਰੀ ਲੰਗਾਹ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਇਕ ਗੁਰਦੁਆਰੇ ‘ਚ ਅੰਮ੍ਰਿਤ ਛਕਾਇਆ ਗਿਆ ਸੀ, ਜਿਸ ਦਾ ਸ਼੍ਰੋਮਣੀ ਕਮੇਟੀ ਨੇ ਗੰਭੀਰ ਨੋਟਿਸ ਲੈਂਦਿਆਂ ਤਿੰਨ ਕਰਮਚਾਰੀ ਮੁਅੱਤਲ ਕਰ ਦਿੱਤੇ ਸਨ ਅਤੇ ਸ੍ਰੀ ਅਕਾਲ ਤਖਤ ਵਲੋਂ ਇਕ ਸ਼੍ਰੋਮਣੀ ਕਮੇਟੀ ਮੈਂਬਰ ਤੇ ਇਕ ਸਾਬਕਾ ਮੈਂਬਰ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ।


Share