#PUNJAB

32 ਸਾਲ ਪੁਰਾਣੇ ਝੂਠੇ ਪੁਲਿਸ ਮੁਕਾਬਲਾ ਮਾਮਲੇ ‘ਚ ਸਾਬਕਾ ਐੱਸ.ਐੱਚ.ਓ. ਤੇ ਥਾਣੇਦਾਰ ਨੂੰ ਉਮਰ ਕੈਦ

– ਦੋ ਨੌਜਵਾਨਾਂ ਨੂੰ ਨਾਜਾਇਜ਼ ਹਿਰਾਸਤ ‘ਚ ਰੱਖ ਕੇ ਮਾਰਨ ਦਾ ਦੋਸ਼; ਦੋ-ਦੋ ਲੱਖ ਰੁਪਏ ਜੁਰਮਾਨਾ;
– ਪੀੜਤ ਪਰਿਵਾਰਾਂ ਨੂੰ ਕਰੀਬ 32 ਸਾਲਾਂ ਬਾਅਦ ਮਿਲਿਆ ਇਨਸਾਫ਼
ਐੱਸ.ਏ.ਐੱਸ. ਨਗਰ (ਮੁਹਾਲੀ), 5 ਫਰਵਰੀ (ਪੰਜਾਬ ਮੇਲ)- ਇਥੋਂ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ 32 ਸਾਲ ਪੁਰਾਣੇ ਝੂਠੇ ਪੁਲਿਸ ਮੁਕਾਬਲੇ ਦਾ ਨਿਬੇੜਾ ਕਰਦਿਆਂ ਮਜੀਠਾ ਥਾਣੇ ਦੇ ਸਾਬਕਾ ਐੱਸ.ਐੱਚ.ਓ. ਗੁਰਭਿੰਦਰ ਸਿੰਘ ਅਤੇ ਏ.ਐੱਸ.ਆਈ. ਪ੍ਰਸ਼ੋਤਮ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਅਤੇ 2-2 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਸਾਬਕਾ ਐੱਸ.ਐੱਚ.ਓ. ਅਤੇ ਥਾਣੇਦਾਰ ‘ਤੇ ਸਾਲ 1992 ਵਿਚ ਅੰਮ੍ਰਿਤਸਰ ਦੇ ਦੋ ਨੌਜਵਾਨਾਂ ਫੌਜੀ ਬਲਦੇਵ ਸਿੰਘ ਦੇਬਾ ਵਾਸੀ ਬਾਸਰਕੇ ਭੈਣੀ ਅਤੇ ਲਖਵਿੰਦਰ ਸਿੰਘ ਸੁਲਤਾਨਵਿੰਡ ਨੂੰ ਜ਼ਬਰਦਸਤੀ ਘਰੋਂ ਚੁੱਕ ਕੇ ਨਾਜਾਇਜ਼ ਹਿਰਾਸਤ ਵਿਚ ਰੱਖਣ ਅਤੇ ਝੂਠੇ ਪੁਲਿਸ ਮੁਕਾਬਲੇ ਵਿਚ ਮਾਰਨ ਦਾ ਦੋਸ਼ ਹੈ। ਮੁਲਜ਼ਮ ਹਰਭਜਨ ਸਿੰਘ, ਮਹਿੰਦਰ ਸਿੰਘ, ਪ੍ਰਸ਼ੋਤਮ ਲਾਲ, ਮੋਹਨ ਸਿੰਘ ਅਤੇ ਜੱਸਾ ਸਿੰਘ ਦੀ ਮੌਤ ਹੋ ਚੁੱਕੀ ਹੈ। ਇਸ ਮਾਮਲੇ ਵਿਚ ਨਾਮਜ਼ਦ ਸਾਬਕਾ ਡੀ.ਐੱਸ.ਪੀ. ਐੱਸ.ਐੱਸ. ਸਿੱਧੂ ਅਤੇ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਸਾਬਕਾ ਇੰਸਪੈਕਟਰ ਚਮਨ ਲਾਲ ਨੂੰ ਪਿਛਲੀ ਤਰੀਕ ‘ਤੇ ਦੋਸ਼ ਮੁਕਤ ਕਰਾਰ ਦਿੱਤਾ ਗਿਆ ਸੀ।
ਪੀੜਤ ਪਰਿਵਾਰਾਂ ਵੱਲੋਂ ਇਸ ਕੇਸ ਦੀ ਪੈਰਵੀ ਕਰ ਰਹੇ ਵਕੀਲਾਂ ਸਰਬਜੀਤ ਸਿੰਘ ਵੇਰਕਾ, ਪੁਸ਼ਪਿੰਦਰ ਸਿੰਘ ਨੱਤ ਅਤੇ ਜਗਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਦੋਸ਼ੀਆਂ ਨੂੰ ਧਾਰਾ 302 ਵਿਚ ਉਮਰ ਕੈਦ ਅਤੇ 2-2 ਲੱਖ ਰੁਪਏ ਜੁਰਮਾਨਾ ਅਤੇ ਸਬੂਤ ਮਿਟਾਉਣ ਦੇ ਦੋਸ਼ ਹੇਠ ਧਾਰਾ 218 ਵਿਚ 2-2 ਸਾਲ ਦੀ ਕੈਦ ਅਤੇ 25-25 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 1992 ਵਿਚ ਮਜੀਠਾ ਪੁਲਿਸ ਵੱਲੋਂ ਬਲਦੇਵ ਸਿੰਘ ਦੇਬਾ ਵਾਸੀ ਬਾਸਰਕੇ ਅਤੇ ਲਖਵਿੰਦਰ ਸਿੰਘ ਸੁਲਤਾਨਵਿੰਡ ਨੂੰ ਜਬਰੀ ਚੁੱਕ ਕੇ ਬਾਅਦ ਵਿਚ ਮੁਕਾਬਲੇ ਵਿਚ ਮਾਰੇ ਗਏ ਦਿਖਾਇਆ ਗਿਆ ਸੀ। ਉਸ ਸਮੇਂ ਪੁਲਿਸ ਅਧਿਕਾਰੀਆਂ ਨੇ ਇਹ ਦਾਅਵਾ ਕੀਤਾ ਸੀ ਕਿ ਦੋਵੇਂ ਨੌਜਵਾਨ ਅੱਤਵਾਦੀ ਸਨ, ਜਿਨ੍ਹਾਂ ਦੇ ਸਿਰ ‘ਤੇ ਇਨਾਮ ਰੱਖਿਆ ਹੋਇਆ ਸੀ ਅਤੇ ਉਹ ਕਤਲ, ਜਬਰੀ ਵਸੂਲੀ, ਲੁੱਟ-ਖਸੁੱਟ ਆਦਿ ਦੇ ਸੈਂਕੜੇ ਮਾਮਲਿਆਂ ਵਿਚ ਸ਼ਾਮਲ ਸਨ। ਬੇਅੰਤ ਸਿੰਘ ਸਰਕਾਰ ਵਿਚ ਕੈਬਨਿਟ ਮੰਤਰੀ ਰਹੇ ਗੁਰਮੇਜ ਸਿੰਘ ਦੇ ਪੁੱਤਰ ਦੇ ਕਤਲ ਦਾ ਦੋਸ਼ ਵੀ ਇਨ੍ਹਾਂ ਸਿਰ ਹੀ ਮੜ੍ਹਿਆ ਗਿਆ ਸੀ।