#AMERICA

ਭਾਈ ਪਰਮਜੀਤ ਸਿੰਘ ਪੰਜਵੜ ਦੇ ਸ਼ਰਧਾਂਜਲੀ ਸਮਾਗਮਾਂ ਮੌਕੇ ਪਹੁੰਚਣ ਦੀ ਅਪੀਲ

ਫਰੀਮਾਂਟ, 10 ਮਈ (ਪੰਜਾਬ ਮੇਲ)-ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਭਾਈ ਪਰਮਜੀਤ ਸਿੰਘ ਪੰਜਵੜ ਨੂੰ ਪਿਛਲੇ ਦਿਨੀਂ ਪਾਕਿਸਤਾਨ ਦੇ ਲਾਹੌਰ ਸ਼ਹਿਰ ਵਿਚ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਸੀ, ਜਿਸ ਦੇ ਲਈ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਤੇ ਸ਼ਰਧਾਂਜਲੀਆਂ ਦੇਣ ਲਈ ਵੱਖ-ਵੱਖ ਅਸਥਾਨਾਂ ‘ਤੇ ਸਮਾਗਮ ਕੀਤੇ ਜਾ ਰਹੇ ਹਨ। ਇਸ ਬਾਰੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ 12 ਮਈ, ਦਿਨ ਸ਼ੁਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਕੀਰਤਨ ਦਰਬਾਰ ਹੋਵੇਗਾ ਅਤੇ ਸ਼ਰਧਾਂਜਲੀਆਂ ਭੇਂਟ ਕੀਤੀਆਂ ਜਾਣਗੀਆਂ।
14 ਮਈ, ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਫਰੀਮਾਂਟ, ਕੈਲੀਫੋਰਨੀਆ ਵਿਖੇ ਸਹਿਜ ਪਾਠ ਦੇ ਭੋਗ ਪਾਏ ਜਾਣਗੇ। ਉਪਰੰਤ ਕੀਰਤਨ ਦਰਬਾਰ ਹੋਵੇਗਾ। ਕੈਲੀਫੋਰਨੀਆ ਦੇ ਵੱਖ-ਵੱਖ ਗੁਰੂਘਰਾਂ ਦੀਆਂ ਕਮੇਟੀਆਂ ਅਤੇ ਪੰਥਕ ਆਗੂਆਂ ਵੱਲੋਂ ਭਾਈ ਪਰਮਜੀਤ ਸਿੰਘ ਪੰਜਵੜ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਜਾਣਗੀਆਂ। 15 ਮਈ, ਦਿਨ ਸੋਮਵਾਰ ਨੂੰ ਭਾਈ ਸਾਹਿਬ ਦੇ ਪਿੰਡ ਪੰਜਵੜ, ਜ਼ਿਲ੍ਹਾ ਤਰਨ ਤਾਰਨ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਸ਼ਰਧਾਂਜਲੀ ਸਮਾਰੋਹ ਹੋਵੇਗਾ। ਡਾ. ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਭਾਈ ਪਰਮਜੀਤ ਸਿੰਘ ਪੰਜਵੜ ਨੂੰ ਪੰਥ ਦੇ ਦੁਸ਼ਮਣਾਂ ਨੇ ਗੋਲੀਆਂ ਮਰਵਾ ਕੇ ਸ਼ਹੀਦ ਕਰਵਾ ਦਿੱਤਾ। ਭਾਈ ਪਰਮਜੀਤ ਸਿੰਘ ਪੰਜਵੜ ਕੌਮ ਦੀ ਆਜ਼ਾਦੀ ਦੇ ਮਿਸ਼ਨ ਲਈ ਆਪਣਾ ਜੀਵਨ ਲੇਖੇ ਲਾ ਕੇ ਸ਼ਹੀਦੀ ਦਾ ਜਾਮ ਪੀ ਗਏ ਹਨ। ਡਾ. ਪ੍ਰਿਤਪਾਲ ਸਿੰਘ ਨੇ ਸਮੁੱਚੀ ਸਿੱਖ ਸਭਾਵਾਂ ਅਤੇ ਗੁਰੂਘਰਾਂ ਦੀਆਂ ਕਮੇਟੀਆਂ ਨੂੰ ਭਾਈ ਪਰਮਜੀਤ ਸਿੰਘ ਪੰਜਵੜ ਦੇ ਸ਼ਹੀਦੀ ਸਮਾਗਮਾਂ ਮੌਕੇ ਵੱਧ ਤੋਂ ਵੱਧ ਗਿਣਤੀ ਵਿਚ ਆਪਣੀਆਂ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਲਾਹੌਰ ਦੇ ਨਵਾਬ ਟਾਊਨ ਇਲਾਕੇ ‘ਚ 6 ਮਈ ਨੂੰ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਕੀਤੀ ਗੋਲੀਬਾਰੀ ਵਿਚ ਭਾਈ ਪਰਮਜੀਤ ਸਿੰਘ ਪੰਜਵੜ ਮਾਰੇ ਗਏ ਸਨ। ਉਨ੍ਹਾਂ ਦੇ ਸਿਰ ‘ਤੇ ਗੋਲੀ ਲੱਗੀ ਸੀ। ਇਸ ਹਮਲੇ ਦੌਰਾਨ ਇਕ ਗੰਨਮੈਨ ਮਾਰਿਆ ਗਿਆ ਸੀ ਅਤੇ ਇਕ ਜ਼ਖਮੀ ਹੋ ਗਿਆ ਸੀ। ਇਸ ਹਮਲੇ ਦੀ ਪਾਕਿਸਤਾਨ ਵਿਚ ਕਿਸੇ ਨੇ ਵੀ ਜ਼ਿੰਮੇਵਾਰੀ ਨਹੀਂ ਲਈ ਹੈ।

Leave a comment