328 ਪਾਵਨ ਸਰੂਪ ਗਾਇਬ ਹੋਣ ਦਾ ਮਾਮਲਾ : ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਕਮੇਟੀ ‘ਤੇ ਪਾਵਨ ਸਰੂਪਾਂ ਦਾ ਵਪਾਰ ਕਰਨ ਦਾ ਦੋਸ਼

1021
Share

ਅੰਮ੍ਰਿਤਸਰ, 26 ਅਗਸਤ (ਪੰਜਾਬ ਮੇਲ)- ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪ ਗਾਇਬ ਹੋਣ ਸਬੰਧੀ ਦਲ ਖਾਲਸਾ ਨੇ ਸ਼੍ਰੋਮਣੀ ਕਮੇਟੀ ‘ਤੇ ਗੁਰੂ ਸਾਹਿਬ ਦੇ ਸਰੂਪਾਂ ਦਾ ਵਪਾਰ ਕਰਨ ਦਾ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਕਮੇਟੀ ਦੇ ਪ੍ਰਬੰਧਕਾਂ ਨੇ ਆਪਣੇ ਗੁਨਾਹਾਂ ਨਾਲ ਜਿੱਥੇ ਸਿੱਖਾਂ ਨੂੰ ਸ਼ਰਮਸਾਰ ਕੀਤਾ, ਉੱਥੇ ਹੀ ਸੰਸਥਾ ਦੀ ਸਾਖ ਨੂੰ ਦਾਗ਼ਦਾਰ ਕੀਤਾ ਹੈ।
ਜਥੇਬੰਦੀ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 2015 ਤੋਂ ਹੁਣ ਤਕ ਰਹਿ ਚੁੱਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸਕੱਤਰ ਅਤੇ ਪ੍ਰਕਾਸ਼ਨ ਵਿਭਾਗ ਦੇ ਮੈਂਬਰ ਵੱਡੀ ਸਜ਼ਾ ਦੇ ਹੱਕਦਾਰ ਹਨ, ਜਿਨ੍ਹਾਂ ਦੀ ਕਥਿਤ ਮਿਲੀਭੁਗਤ ਅਤੇ ਨਾਲਾਇਕੀ ਕਾਰਨ ਗੁਰੂ ਸਾਹਿਬ ਦੀਆਂ ਬੀੜਾਂ ਦਾ ਵਪਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਅਕਾਲ ਤਖ਼ਤ ਵਿਖੇ ਪੇਸ਼ ਹੋ ਕੇ ਗੁਰੂ ਗ੍ਰੰਥ ਸਾਹਿਬ ਅਤੇ ਸਿੱਖ ਪੰਥ ਤੋਂ ਮੁਆਫ਼ੀ ਮੰਗਣ ਅਤੇ ਅਹੁਦੇ ਛੱਡਣ। ਉਨ੍ਹਾਂ ਨੇ ਧਾਰਮਿਕ ਸੰਸਥਾ ‘ਚ ਆਈ ਗਿਰਾਵਟ ਲਈ ਅਕਾਲੀ ਦਲ ਨੂੰ ਜ਼ਿੰਮੇਵਾਰ ਠਹਿਰਾਇਆ। ਗਿਆਨੀ ਇਕਬਾਲ ਸਿੰਘ ਦੇ ‘ਸਿੱਖ, ਲਵ-ਕੁਸ਼ ਦੇ ਅੰਸ਼ ਵਿਚੋਂ ਹਨ’ ਵਾਲੇ ਬਿਆਨ ਉਤੇ ਜਥੇਦਾਰ ਵੱਲੋਂ ਅਸਹਿਮਤੀ ਪ੍ਰਗਟਾਉਣ ਨੂੰ ਦਲ ਖਾਲਸਾ ਆਗੂ ਨੇ ਨਾਕਾਫ਼ੀ ਦੱਸਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਗੋਬਿੰਦ ਰਮਾਇਣ’ ਵਾਲੀ ਟਿੱਪਣੀ ‘ਤੇ ਉਨ੍ਹਾਂ ਦੀ ਚੁੱਪ ਦੱਸਦੀ ਹੈ ਕਿ ਉਹ ਗ਼ਲਤ ਨੂੰ ਗ਼ਲਤ ਕਹਿਣ ਦੀ ਹਿੰਮਤ ਦਿਖਾਉਣ ‘ਚ ਲਾਚਾਰ ਸਾਬਤ ਹੋਏ ਹਨ।
ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਇਸ਼ੁਮਾਰੀ 2020 ਦੀ ਅਰਦਾਸ ‘ਤੇ ਅਣਐਲਾਨੀ ਪਾਬੰਦੀ ਲਾਉਣੀ ਅਤੇ ਅਰਦਾਸ ਕਰਨ ਵਾਲੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨਾ ਗ਼ੈਰ-ਕਾਨੂੰਨੀ ਅਤੇ ਦੁਖਦਾਈ ਹੈ। ਇਸੇ ਤਰ੍ਹਾਂ ਸਿੱਖਸ ਫ਼ਾਰ ਜਸਟਿਸ ਦੀ ਕਾਰਵਾਈ ਗ਼ੈਰ-ਸਿਧਾਂਤਕ ਅਤੇ ਅਨੈਤਿਕ ਕਾਰਾ ਹੈ। ਉਨ੍ਹਾਂ ਪੁਲਿਸ ਵੱਲੋਂ ਦਰਬਾਰ ਸਾਹਿਬ ਦੇ ਬਾਹਰੋਂ ਗ੍ਰਿਫ਼ਤਾਰ ਕੀਤੇ ਨੌਜਵਾਨ ਨੂੰ ਛੱਡਣ ਜਾਂ ਅਦਾਲਤ ‘ਚ ਪੇਸ਼ ਕਰਨ ਦੀ ਮੰਗ ਕੀਤੀ।
ਇਸੇ ਤਰ੍ਹਾਂ ਪੰਥਕ ਤਾਲਮੇਲ ਸੰਗਠਨ ਨੇ ਸਰੂਪ ਲਾਪਤਾ ਹੋਣ ਸਬੰਧੀ ਚੱਲ ਰਹੀ ਪ੍ਰਕਿਰਿਆ ਨੂੰ ਨਿਰਾਸ਼ਾਜਨਕ ਕਰਾਰ ਦਿੱਤਾ ਹੈ। ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਅਤੇ ਕੋਰ ਕਮੇਟੀ ਨੇ ਕਿਹਾ ਕਿ ਜਾਂਚ ਰਿਪੋਰਟ ਸੰਗਤ ਵਿਚ ਜਨਤਕ ਹੋਣੀ ਚਾਹੀਦੀ ਹੈ। ਉਨ੍ਹਾਂ ਖ਼ਦਸ਼ਾ ਜ਼ਾਹਰ ਕੀਤਾ ਕਿ ਕੁਝ ਅਧਿਕਾਰੀਆਂ/ਮੁਲਾਜ਼ਮਾਂ ਨੂੰ ਮੁਲਜ਼ਮ ਠਹਿਰਾ ਕੇ ਮਸਲਾ ਠੱਪ ਹੋ ਸਕਦਾ ਹੈ।
ਇਸੇ ਦੌਰਾਨ ਆਮ ਆਦਮੀ ਪਾਰਟੀ ਨੇ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ ਪਾਵਨ ਸਰੂਪਾਂ ਲਈ ਬਾਦਲਾਂ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਖ਼ਦਸ਼ਾ ਜ਼ਾਹਿਰ ਕੀਤਾ ਕਿ ਇਸ ਪਿੱਛੇ ਕੋਈ ਡੂੰਘੀ ਸਾਜ਼ਿਸ਼ ਹੋ ਸਕਦੀ ਹੈ। ‘ਆਪ’ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ‘ਚ ਸ਼੍ਰੋਮਣੀ ਕਮੇਟੀ ਦੇ ਕੁਝ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਉਣ ਦੀ ਥਾਂ ਬਾਦਲਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਪੰਥ ਵਿਚੋਂ ਛੇਕਿਆ ਜਾਵੇ। ਉਨ੍ਹਾਂ ਕਿਹਾ ਕਿ ਸਰੂਪ ਲਾਪਤਾ ਹੋਣ ਦੀ  ਐੱਫ.ਆਈ.ਆਰ. ਦਰਜ ਕਰਾਉਣੀ ਚਾਹੀਦੀ ਹੈ।
ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ‘ਚੋਂ ਲਾਪਤਾ ਹੋਏ ਪਾਵਨ ਸਰੂਪਾਂ ਦੇ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਵੱਲੋਂ ਕੀਤੇ ਗਏ ਆਦੇਸ਼ਾਂ ਮੁਤਾਬਕ ਸ਼੍ਰੋਮਣੀ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਹੈ। ਇਸ ਮੀਟਿੰਗ ਦੌਰਾਨ ਦੋਸ਼ੀ ਪਾਏ ਗਏ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਬਾਰੇ ਵਿਚਾਰ ਕੀਤਾ ਜਾਵੇਗਾ। ਇਸ ਦੀ ਪੁਸ਼ਟੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਹਾਇਕ ਦਰਸ਼ਨ ਸਿੰਘ ਨੇ ਕੀਤੀ ਹੈ। ਦਰਸ਼ਨ ਸਿੰਘ ਨੇ ਦੱਸਿਆ ਕਿ ਸ੍ਰੀ ਲੌਂਗੋਵਾਲ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ 27 ਅਗਸਤ ਨੂੰ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲਾ ਅੰਮ੍ਰਿਤਸਰ ਵਿਚ ਸੱਦੀ ਹੈ। ਪ੍ਰਾਪਤ ਵੇਰਵਿਆਂ ਮੁਤਾਬਕ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਨੇ ਬੀਤੀ ਸ਼ਾਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਨਾਂ ਜਾਂਚ ਰਿਪੋਰਟ ਭੇਜ ਦਿੱਤੀ ਸੀ। ਇਸ ਸਬੰਧੀ ਇਕ ਲਿਫਾਫਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਪ੍ਰਾਪਤ ਹੋਇਆ ਹੈ, ਜਿਸ ਬਾਰੇ ਪੁਸ਼ਟੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਲਿਫਾਫਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅੰਤ੍ਰਿੰਗ ਕਮੇਟੀ ਦੇ ਨਾਂ ‘ਤੇ ਹੈ। ਇਸ ਲਈ ਇਸ ਰਿਪੋਰਟ ਨੂੰ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵੇਲੇ ਹੀ ਖੋਲ੍ਹਿਆ ਜਾਵੇਗਾ। ਇਸ ਤੋਂ ਇਲਾਵਾ 19 ਮਈ, 2016 ਨੂੰ ਗੁਰੂ ਗ੍ਰੰਥ ਸਾਹਿਬ ਭਵਨ ਵਿਚ ਅੱਗ ਲੱਗਣ ਨਾਲ ਨੁਕਸਾਨੇ ਪਾਵਨ ਸਰੂਪਾਂ ਲਈ ਹੁਣ ਤਕ ਪਸ਼ਚਾਤਾਪ ਨਹੀਂ ਕੀਤਾ ਗਿਆ। ਇਸ ਸਬੰਧੀ ਉਸ ਵੇਲੇ ਦੀ ਅੰਤ੍ਰਿੰਗ ਕਮੇਟੀ ਅਤੇ ਚੀਫ਼ ਸਕੱਤਰ ਕੋਲੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ।


Share