– ਚੰਡੀਗੜ੍ਹ ਦੇ ਹੋਟਲ ਵਿਚੋਂ ਕੀਤਾ ਕਾਬੂ; ਮੁੱਖ ਮੰਤਰੀ ਵੱਲੋਂ ਸਿੱਟ ਬਣਾਉਣ ਤੋਂ ਬਾਅਦ ਪਹਿਲੀ ਗ੍ਰਿਫ਼ਤਾਰੀ
ਅੰਮ੍ਰਿਤਸਰ, 2 ਜਨਵਰੀ (ਪੰਜਾਬ ਮੇਲ)- 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਜਾਂਚ ਵਾਸਤੇ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਨੇ ਅੱਜ ਚੰਡੀਗੜ੍ਹ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਇੰਟਰਨਲ ਆਡੀਟਰ ਸਤਿੰਦਰ ਸਿੰਘ ਕੋਹਲੀ ਨੂੰ ਕਾਬੂ ਕਰ ਲਿਆ ਹੈ। ਇਸ ਦਾ ਖੁਲਾਸਾ ‘ਆਪ’ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੀਤਾ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਖਾਤੇ ਰਾਹੀਂ ਮੀਡੀਆ ਨੂੰ ਦੱਸਿਆ ਕਿ ਵਿਸ਼ੇਸ਼ ਜਾਂਚ ਟੀਮ ਨੂੰ ਸੂਚਨਾ ਮਿਲੀ ਸੀ ਕਿ ਇਹ ਵਿਅਕਤੀ ਚੰਡੀਗੜ੍ਹ ਵਿਚ ਹੈ। ਇਸ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਉਸ ਨੂੰ ਸ਼ਹਿਰ ਦੇ ਇੱਕ ਹੋਟਲ ਤੋਂ ਗ੍ਰਿਫ਼ਤਾਰ ਕੀਤਾ।
ਇਸ ਮਾਮਲੇ ‘ਚ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਕੇਸ ਦਰਜ ਕੀਤਾ ਸੀ ਅਤੇ ਇਸ ਮਾਮਲੇ ਦੀ ਜਾਂਚ ਵਾਸਤੇ ਵਿਸ਼ੇਸ਼ ਜਾਂਚ ਟੀਮ ਬਣਾਈ ਗਈ ਸੀ। ਇਸ ਮਾਮਲੇ ਵਿਚ ਪੁਲਿਸ ਵੱਲੋਂ 16 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ, ਜਿਨ੍ਹਾਂ ਖਿਲਾਫ ਗ੍ਰਿਫਤਾਰੀ ਵਾਰੰਟ ਵੀ ਹਨ ਅਤੇ ਐੱਲ.ਓ.ਸੀ. ਵੀ ਜਾਰੀ ਕੀਤਾ ਗਿਆ ਹੈ। ਗ੍ਰਿਫਤਾਰ ਕੀਤਾ ਗਿਆ ਵਿਅਕਤੀ ਬਾਦਲ ਪਰਿਵਾਰ ਦੇ ਕਾਰੋਬਾਰ ਦਾ ਵੀ ਸੀ.ਏ. ਹੈ ਅਤੇ ਸ਼੍ਰੋਮਣੀ ਕਮੇਟੀ ਦਾ ਵੀ ਆਡਿਟ ਕਰਦਾ ਸੀ। ਇਹ ਵਿਅਕਤੀ ਕੇਸ ਦਰਜ ਹੋਣ ਤੋਂ ਬਾਅਦ ਲੁੱਕਣ ਦਾ ਯਤਨ ਕਰ ਰਿਹਾ ਸੀ, ਜਿਸ ਦੀ ਸੂਚਨਾ ਮਿਲਣ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਹੋਰ ਖੁਲਾਸੇ ਵੀ ਕੀਤੇ ਜਾਣਗੇ।
ਇਸ ਮਾਮਲੇ ਵਿਚ ਪੁਲਿਸ ਵੱਲੋਂ 7 ਦਸੰਬਰ ਨੂੰ ਕੇਸ ਦਰਜ ਕੀਤਾ ਗਿਆ ਹੈ, ਜਿਸ ਵਿਚ 16 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ। ਇਨ੍ਹਾਂ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਤੇ ਮੌਜੂਦਾ ਕਰਮਚਾਰੀ ਤੇ ਕਈ ਹੋਰ ਵੀ ਹਨ। ਇਨ੍ਹਾਂ ਵਿਚੋਂ ਤਿੰਨ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਤਿੰਨ ਵਿਦੇਸ਼ ਵਿਚ ਹਨ।
ਇਹ ਇਸ ਮਾਮਲੇ ਵਿਚ ਪਹਿਲੀ ਗ੍ਰਿਫ਼ਤਾਰੀ ਹੈ। ਪੁਲਿਸ ਸੂਤਰਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।
ਇਹ ਮੁੱਦਾ 2020 ਤੋਂ ਵਿਵਾਦਾਂ ਵਿਚ ਹੈ। ਉਸ ਵੇਲੇ ਅਕਾਲ ਤਖ਼ਤ ਵੱਲੋਂ ਬਣਾਈ ਗਈ ਇੱਕ ਜਾਂਚ ਕਮੇਟੀ ਨੇ ਇਸ ਮਾਮਲੇ ਦੀ ਜਾਂਚ ਕੀਤੀ ਸੀ ਅਤੇ ਇਸ ਦੀ ਇੱਕ ਵਿਸਥਾਰਤ ਰਿਪੋਰਟ ਜਥੇਦਾਰ ਨੂੰ ਸੌਂਪੀ ਸੀ, ਜਿਸ ਵਿਚ ਜ਼ਿੰਮੇਵਾਰ ਵਿਅਕਤੀਆਂ ਬਾਰੇ ਅਤੇ ਪ੍ਰਬੰਧਾਂ ਵਿਚ ਖਾਮੀਆਂ ਬਾਰੇ ਵੀ ਜ਼ਿਕਰ ਕੀਤਾ ਗਿਆ ਸੀ।
ਆਪ ਦੇ ਆਗੂ ਬਲਤੇਜ ਪੰਨੂ ਨੇ ਕਿਹਾ ਕਿ 328 ਸਰੂਪਾਂ ਦੇ ਗਾਇਬ ਹੋਣ ਸਬੰਧੀ ਇੱਕ ਪਟੀਸ਼ਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਦਾਇਰ ਕੀਤੀ ਗਈ ਸੀ। ਅਦਾਲਤ ਦੇ ਨਿਰਦੇਸ਼ਾਂ ਤੋਂ ਬਾਅਦ ਇਕ ਐੱਫ.ਆਈ.ਆਰ. ਦਰਜ ਕੀਤੀ ਗਈ ਸੀ ਅਤੇ ਮਾਮਲੇ ਦੀ ਜਾਂਚ ਲਈ ਇੱਕ ਐੱਸ.ਆਈ.ਟੀ. ਗਠਿਤ ਕੀਤੀ ਗਈ ਸੀ।
ਹਾਲ ਹੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕੋਹਲੀ ਦੀ ਭੂਮਿਕਾ ਅਤੇ ਐੱਸ.ਜੀ.ਪੀ.ਸੀ. ਦੇ ਕੰਮਕਾਜ ‘ਤੇ ਸਵਾਲ ਉਠਾਏ ਸਨ।
ਕੋਹਲੀ ਦੀ ਫਰਮ, ਐੱਸ.ਐੱਸ. ਕੋਹਲੀ ਐਂਡ ਐਸੋਸੀਏਟਸ ਨੂੰ 2009 ਵਿਚ ਅੰਦਰੂਨੀ ਆਡਿਟ, ਖਾਤਿਆਂ ਦੇ ਕੰਪਿਊਟਰੀਕਰਨ ਲਈ ਨਿਯੁਕਤ ਕੀਤਾ ਗਿਆ ਸੀ, ਜਿਸ ਲਈ ਇਸ ਨੂੰ ਪ੍ਰਤੀ ਮਹੀਨਾ 3.5 ਲੱਖ ਰੁਪਏ ਦਾ ਭੁਗਤਾਨ ਕੀਤਾ ਗਿਆ ਸੀ। ਸ੍ਰੀ ਅਕਾਲ ਤਖਤ ਵੱਲੋਂ ਕਰਵਾਈ ਗਈ ਜਾਂਚ ਰਿਪੋਰਟ ਵਿਚ ਇਸ ਕੰਪਨੀ ਦੀਆਂ ਸੇਵਾਵਾਂ ਖਤਮ ਕਰਨ ਅਤੇ ਇਸ ਨੂੰ ਦਿੱਤੇ ਪੈਸੇ ਵਸੂਲਣ ਲਈ ਆਖਿਆ ਗਿਆ ਸੀ, ਜਿਸ ਤਹਿਤ 2020 ਵਿਚ ਸ਼੍ਰੋਮਣੀ ਕਮੇਟੀ ਨੇ ਫਰਮ ਦੀਆਂ ਸੇਵਾਵਾਂ ਨੂੰ ਖਤਮ ਕਰ ਦਿੱਤਾ ਅਤੇ ਕੀਤੀ ਗਈ ਅਦਾਇਗੀ ਦਾ 75 ਪ੍ਰਤੀਸ਼ਤ ਵਸੂਲਣ ਲਈ ਇੱਕ ਮਤਾ ਪਾਸ ਕੀਤਾ। ਬੀਤੇ ਦਿਨੀਂ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖੁਲਾਸਾ ਕੀਤਾ ਸੀ ਕਿ ਇਸ ਵਿਅਕਤੀ ਕੋਲੋਂ ਪੈਸੇ ਵਸੂਲਣ ਵਾਸਤੇ ਕੇਸ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਵਿਚ ਚੱਲ ਰਿਹਾ ਹੈ, ਜਿਸ ਦੀ ਸੁਣਵਾਈ ਅਗਲੇ ਦਿਨਾਂ ਵਿਚ ਨਿਰਧਾਰਿਤ ਹੈ।
328 ਲਾਪਤਾ ਸਰੂਪਾਂ ਦਾ ਮਾਮਲਾ: ਵਿਸ਼ੇਸ਼ ਜਾਂਚ ਟੀਮ ਵੱਲੋਂ ਸ਼੍ਰੋਮਣੀ ਕਮੇਟੀ ਦਾ ਸਾਬਕਾ ਆਡੀਟਰ ਕੋਹਲੀ ਗ੍ਰਿਫ਼ਤਾਰ

