#PUNJAB

328 ਪਾਵਨ ਸਰੂਪਾਂ ਦਾ ਮਾਮਲਾ: ਐੱਫ.ਆਈ.ਆਰ. ਸਿੱਖ ਸੰਸਥਾ ਦੇ ਅਧਿਕਾਰ ਖੇਤਰ ‘ਚ ‘ਸਿੱਧੀ ਦਖ਼ਲਅੰਦਾਜ਼ੀ’: ਧਾਮੀ

ਚੰਡੀਗੜ੍ਹ, 3 ਜਨਵਰੀ (ਪੰਜਾਬ ਮੇਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿਚ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਦਰਜ ਕੀਤੀ ਗਈ ਐੱਫ.ਆਈ.ਆਰ. ਦੀ ਸਖ਼ਤ ਨਿਖੇਧੀ ਕੀਤੀ ਹੈ।
ਧਾਮੀ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਸਿਰਫ਼ ਸਿਆਸੀ ਲਾਹਾ ਲੈਣ ਲਈ ਸਿੱਖ ਸੰਸਥਾ ਦੇ ਪ੍ਰਬੰਧਕੀ ਮਾਮਲਿਆਂ ਵਿਚ ਦਖ਼ਲ ਦੇ ਰਹੀ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਇੱਕ ਚੁਣੀ ਹੋਈ ਸੰਵਿਧਾਨਕ ਸੰਸਥਾ ਹੈ ਅਤੇ ਇਹ ਮਾਮਲਾ ਇਸ ਦੇ ਅੰਦਰੂਨੀ ਅਧਿਕਾਰ ਖੇਤਰ ਦਾ ਹੈ। ਧਾਮੀ ਨੇ ਕਿਹਾ ਕਿ ਜੇਕਰ ਕੋਈ ਕਾਰਵਾਈ ਕਰਨੀ ਹੈ, ਤਾਂ ਉਨ੍ਹਾਂ ਖ਼ਿਲਾਫ਼ ਕੀਤੀ ਜਾਵੇ, ਪਰ ਉਹ ਕੌਮ ਦੀ ਇਸ ਮਹਾਨ ਸੰਸਥਾ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਬਰਦਾਸ਼ਤ ਨਹੀਂ ਕਰਨਗੇ।
ਦੂਜੇ ਪਾਸੇ, ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਨੇ ਇਸ ਮਾਮਲੇ ਵਿਚ ਆਪਣੀ ਸ਼ਿਕੰਜਾ ਕੱਸ ਦਿੱਤਾ ਹੈ। ਪੁਲਿਸ ਨੇ ਹਾਲ ਹੀ ਵਿਚ ਚਾਰਟਰਡ ਅਕਾਊਂਟੈਂਟ (ਸੀ.ਏ.) ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਸ਼ਨੀਵਾਰ ਨੂੰ ਅੰਮ੍ਰਿਤਸਰ, ਚੰਡੀਗੜ੍ਹ, ਰੂਪਨਗਰ ਅਤੇ ਤਰਨਤਾਰਨ ਸਮੇਤ 15 ਥਾਵਾਂ ‘ਤੇ ਛਾਪੇਮਾਰੀ ਕੀਤੀ।
ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਨੁਸਾਰ, ਜਾਂਚ ਦੌਰਾਨ ਮਿਲੇ ਸਬੂਤਾਂ ਨੂੰ ਰਿਕਾਰਡ ‘ਤੇ ਲਿਆਂਦਾ ਜਾਵੇਗਾ। ਜ਼ਿਕਰਯੋਗ ਹੈ ਕਿ ਸਾਲ 2020 ਵਿਚ ਪ੍ਰਕਾਸ਼ਨ ਵਿਭਾਗ ਤੋਂ ਸਰੂਪਾਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਵੱਖ-ਵੱਖ ਸਿੱਖ ਜਥੇਬੰਦੀਆਂ ਦੀ ਮੰਗ ‘ਤੇ ਹੀ ਪੁਲਿਸ ਜਾਂਚ ਅਤੇ ਪਰਚਾ ਦਰਜ ਕੀਤਾ ਗਿਆ ਹੈ, ਤਾਂ ਜੋ ਦੋਸ਼ੀਆਂ ਨੂੰ ਸਜ਼ਾ ਮਿਲ ਸਕੇ।