
ਅੰਮ੍ਰਿਤਸਰ, 23 ਮਾਰਚ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ 20 ਮਾਰਚ ਨੂੰ ਆਰੰਭ ਹੋਇਆ ਨਗਰ ਕੀਰਤਨ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਬੰਗਾ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਮਾਛੀਵਾੜਾ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋਇਆ। ਇਸ ਤੋਂ ਪਹਿਲੀ ਰਾਤ ਬੰਗਾ ਵਿਖੇ ਪੁੱਜਣ ’ਤੇ ਨਗਰ ਕੀਰਤਨ ਦਾ ਸੰਗਤ ਨੇ ਭਰਵਾਂ ਸਵਾਗਤ ਕੀਤਾ। ਇਸ ਤੋਂ ਇਲਾਵਾ ਵੱਖ-ਵੱਖ ਨਗਰਾਂ, ਕਸਬਿਆਂ, ਸ਼ਹਿਰਾਂ ਵਿਚ ਵੀ ਸੰਗਤ ਦਾ ਉਤਸ਼ਾਹ ਦੇਖਣਯੋਗ ਸੀ। ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਬੰਗਾ ਤੋਂ ਅੱਗੇ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ, ਮੈਂਬਰ ਸ. ਸੁਖਦੇਵ ਸਿੰਘ ਭੌਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਪੰਜ ਪਿਆਰੇ ਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਨਿਵਾਜਿਆ। ਇਸ ਮੌਕੇ ਗੁਰੂ ਘਰ ਦੇ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਭਾਈ ਸ਼ਹੂਰ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਦਾ 400 ਸਾਲਾ ਪ੍ਰਕਾਸ਼ ਪੁਰਬ ਸਮੁੱਚੀ ਕੌਮ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਸੇ ਸਬੰਧ ਵਿਚ ਆਰੰਭ ਕੀਤਾ ਗਿਆ ਨਗਰ ਕੀਰਤਨ ਸ਼ਤਾਬਦੀ ਸਮਾਗਮਾਂ ਪ੍ਰਤੀ ਸੰਗਤ ਅੰਦਰ ਪ੍ਰੇਰਣਾ ਅਤੇ ਉਤਸ਼ਾਹ ਪੈਦਾ ਕਰ ਰਿਹਾ ਹੈ। ਉਨ੍ਹਾਂ ਗੁਰੂ ਸਾਹਿਬ ਦੇ ਉਪਦੇਸ਼ਾਂ ਨਾਲ ਜੁੜਨ ਦੀ ਵੀ ਸੰਗਤ ਨੂੰ ਪ੍ਰੇਰਣਾ ਕੀਤੀ। ਇਸੇ ਦੌਰਾਨ ਨਗਰ ਕੀਰਤਨ ਦੀ ਅਗਲੇ ਪੜਾਅ ਲਈ ਆਰੰਭਤਾ ਮੌਕੇ ਸੰਗਤ ਨੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਸੰਗਤ ਨੇ ਫੁੱਲਾਂ ਦੀ ਵਰਖਾ ਕਰਕੇ ਵੀ ਮਾਹੌਲ ਨੂੰ ਖੂਬਸੂਰਤ ਬਣਾਇਆ।