5 ਦੀ ਬਜਾਏ 7 ਜੂਨ ਨੂੰ ਹੋਵੇਗਾ ਮਲੇਰਕੋਟਲਾ ਜ਼ਿਲ੍ਹੇ ਦਾ ਰਸਮੀ ਉਦਘਾਟਨ

92
Share

ਮਲੇਰਕਟੋਲਾ ਦੇ ਪਹਿਲੇ ਡਿਪਟੀ ਕਮਿਸ਼ਨਰ ਨੇ ਸੰਭਾਲਿਆ ਅਹੁਦਾ
ਮਲੇਰਕੋਟਲਾ, 3 ਜੂਨ (ਹਰਜਿੰਦਰ ਪਾਲ ਛਾਬੜਾ/ਪੰਜਾਬ ਮੇਲ)- ਪੰਜਾਬ ਦੇ ਨਵੇਂ ਬਣੇ 23ਵੇਂ ਜ਼ਿਲ੍ਹੇ ਮਲੇਰਕੋਟਲਾ ਦੇ ਨਵੇਂ ਡਿਪਟੀ ਕਮਿਸ਼ਨਰ ਅੰਮਿ੍ਰਤ ਕੌਰ ਗਿੱਲ ਆਈ.ਏ.ਐੱਸ. ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਗਿੱਲ ਨੇ ਅਹੁਦਾ ਸੰਭਾਲਣ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦੇ ਕੀਤੇ ਐਲਾਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 5 ਜੂਨ ਨੂੰ ਮਲੇਰਕੋਟਲਾ ਦਾ ਜ਼ਿਲੇ੍ਹ ਵਜੋਂ ਰਸਮੀ ਉਦਘਾਟਨੀ ਸਮਾਰੋਹ ਹੁਣ 7 ਜੂਨ 2021 ਨੂੰ ਹੋਵੇਗਾ।
ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਸਮੇਤ ਮਲੇਰੋਕਟਲੇ ਦਾ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਨਵੇਂ ਸਿਰੇ ਤੋਂ ਤਾਇਨਾਤ ਕੀਤਾ ਜਾ ਰਿਹਾ ਹੈ, ਜਿਸ ਕਰਕੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਇਹ ਪ੍ਰੋਗਰਾਮ ਅੱਗੇ ਪਾਇਆ ਜਾ ਰਿਹਾ ਹੈ। ਅੰਮਿ੍ਰਤ ਗਿੱਲ ਨੇ ਕਿਹਾ ਕਿ ਉਹ ਖੁਦ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਮਲੇਰਕੋਟਲਾ ਦੀ ਇਤਿਹਾਸਕ ਧਰਤੀ ’ਤੇ ਨਵੇਂ ਬਣੇ ਜ਼ਿਲ੍ਹੇ ’ਚ ਬਤੌਰ ਪਹਿਲੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਯੋਗ ਲਾਭਪਤਾਰੀਆਂ ਨੂੰ ਲਾਭ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਅੰਮਿ੍ਰਤ ਕੌਰ ਗਿੱਲ 2010 ਬੈਚ ਦੇ ਆਈ.ਏ.ਐੱਸ. ਅਧਿਕਾਰੀ ਹਨ। ਗਿੱਲ ਇਸ ਤੋਂ ਪਹਿਲਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਬਤੌਰ ਡਿਪਟੀ ਕਮਿਸ਼ਨਰ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਡਿਪਟੀ ਕਮਿਸ਼ਨਰ ਗਿੱਲ ਅਹੁਦਾ ਸੰਭਾਲਣ ਤੋਂ ਪਹਿਲਾ ਇਤਿਹਾਸਕ ਗੁਰਦੁਆਰਾ ਹਾਅ ਦਾ ਨਾਅਰਾ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਮਲੇਰਕੋਟਲਾ ਜ਼ਿਲ੍ਹੇ ਦੇ ਨਵੇਂ ਐੱਸ.ਐੱਸ.ਪੀ. ਕੰਵਰਦੀਪ ਕੌਰ ਵੀ ਹਾਜ਼ਰ ਸਨ। ਇਸ ਤੋਂ ਬਾਅਦ ਐੱਸ.ਐੱਸ.ਪੀ. ਕੰਵਰਦੀਪ ਕੌਰ ਨੇ ਵੀ ਮਲੇਰਕੋਟਲਾ ਵਿਖੇ ਆਪਣੇ ਦਫਤਰ ਵਿਖੇ ਅਹੁਦਾ ਸੰਭਾਲਿਆ।


Share