#PUNJAB

5 ਨਿਗਮਾਂ ਦੀਆਂ ਚੋਣਾਂ 15 ਨਵੰਬਰ ਤੱਕ ਕਰਵਾਉਣ ਲਈ ਨੋਟੀਫ਼ਿਕੇਸ਼ਨ

ਚੰਡੀਗੜ੍ਹ, 12 ਅਕਤੂਬਰ (ਪੰਜਾਬ ਮੇਲ)-ਪੰਜਾਬ ਸਰਕਾਰ ਨੇ ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਦੀਆਂ ਚੋਣਾਂ 15 ਨਵੰਬਰ ਤੱਕ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਇਸ ਬਾਰੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੰਜ ਨਿਗਮਾਂ ਦੀਆਂ ਚੋਣਾਂ ਦੀ ਤਿਆਰੀ ਦਾ ਕੰਮ ਸ਼ੁਰੂ ਹੋ ਗਿਆ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਚੋਣਾਂ ਕਰਾਉਣ ਬਾਰੇ ਰਸਮੀ ਪੱਤਰ ਰਾਜ ਚੋਣ ਕਮਿਸ਼ਨ ਨੂੰ ਭੇਜ ਦਿੱਤਾ ਹੈ। ਇਸ ਫ਼ੈਸਲੇ ਤੋਂ ਸਾਫ਼ ਹੈ ਕਿ ‘ਆਪ’ ਸਰਕਾਰ ਪੰਚਾਇਤੀ ਚੋਣਾਂ ਤੋਂ ਪਹਿਲਾਂ ਨਗਰ ਨਿਗਮਾਂ ਦੀਆਂ ਚੋਣਾਂ ਵਿਚ ਆਪਣਾ ਸਿਆਸੀ ਕੱਦ ਨਾਪੇਗੀ। ਅੰਮ੍ਰਿਤਸਰ, ਪਟਿਆਲਾ, ਜਲੰਧਰ ਅਤੇ ਲੁਧਿਆਣਾ ਦੇ ਮੇਅਰਾਂ ਅਤੇ ਕੌਂਸਲਰਾਂ ਦੀ ਮਿਆਦ ਇਸ ਸਾਲ ਜਨਵਰੀ ਵਿਚ ਖ਼ਤਮ ਹੋ ਚੁੱਕੀ ਹੈ, ਜਦਕਿ ਫਗਵਾੜਾ ਨਗਰ ਨਿਗਮ ਦੇ ਹੋਂਦ ਵਿਚ ਆਉਣ ਤੋਂ ਬਾਅਦ ਉਥੇ ਚੋਣ ਹੋਈ ਨਹੀਂ ਹੈ।
ਸੂਬਾ ਸਰਕਾਰ ਨੇ ਇਨ੍ਹਾਂ ਨਿਗਮਾਂ ‘ਚ ਵਾਰਡਬੰਦੀ ਆਦਿ ਦਾ ਕੰਮ ਮੁਕੰਮਲ ਕਰ ਲਿਆ ਹੈ। ਸੂਤਰਾਂ ਮੁਤਾਬਕ ਚੋਣਾਂ ਕਰਵਾਉਣ ਲਈ 15 ਨਵੰਬਰ ਤੱਕ ਦਾ ਸਮਾਂ ਬਹੁਤ ਥੋੜ੍ਹਾ ਹੈ ਅਤੇ ਦੇਖਣਾ ਹੋਵੇਗਾ ਕਿ ਰਾਜ ਚੋਣ ਕਮਿਸ਼ਨ ਇਸ ‘ਤੇ ਕੀ ਫ਼ੈਸਲਾ ਲੈਂਦਾ ਹੈ। ਜਲੰਧਰ ਜ਼ਿਮਨੀ ਚੋਣ ਮਗਰੋਂ ‘ਆਪ’ ਸਰਕਾਰ ਲਈ ਇਹ ਨਿਗਮ ਚੋਣਾਂ ਪ੍ਰੀਖਿਆ ਬਣਨਗੀਆਂ। ਪਿਛਲੇ ਦਿਨਾਂ ਵਿਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਵਿਚ ‘ਸਰਕਾਰ-ਸਨਅਤਕਾਰ ਮਿਲਣੀ’ ਪ੍ਰੋਗਰਾਮ ਕਰਕੇ ਇਨ੍ਹਾਂ ਚੋਣਾਂ ਵਾਸਤੇ ਜ਼ਮੀਨ ਤਿਆਰ ਕੀਤੀ ਸੀ। ‘ਆਪ’ ਵੱਲੋਂ ਵੱਡੇ ਸ਼ਹਿਰਾਂ ਵਿਚ ਚੋਣਾਂ ਦੀ ਤਿਆਰੀ ਵਜੋਂ ਟੀਮਾਂ ਦਾ ਗਠਨ ਕੀਤਾ ਜਾ ਚੁੱਕਾ ਹੈ। ਦੇਖਿਆ ਜਾਵੇ ਤਾਂ 34 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀ ਮਿਆਦ ਵੀ ਦਸੰਬਰ 2022 ਅਤੇ ਫਰਵਰੀ 2023 ਦਰਮਿਆਨ ਖ਼ਤਮ ਹੋ ਚੁੱਕੀ ਹੈ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਚੋਣਾਂ ਦੇ ਨਾਲ ਹੀ 39 ਨਗਰ ਕੌਂਸਲਾਂ ਦੀਆਂ ਚੋਣਾਂ ਵੀ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਸਬੰਧੀ ਪਹਿਲਾਂ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਦਿੜ੍ਹਬਾ ਅਤੇ ਖਨੌਰੀ ਦੀ ਕਮੇਟੀ ‘ਤੇ ਅਦਾਲਤੀ ਰੋਕ ਲੱਗੀ ਹੋਈ ਹੈ। ਜੇਕਰ ਨਗਰ ਨਿਗਮਾਂ ਦੀਆਂ ਚੋਣਾਂ 15 ਨਵੰਬਰ ਤੱਕ ਸੰਭਵ ਹੁੰਦੀਆਂ ਹਨ, ਤਾਂ ਉਸ ਤੋਂ ਬਾਅਦ ਪੰਚਾਇਤੀ ਚੋਣਾਂ ਦਾ ਕੰਮ ਸ਼ੁਰੂ ਹੋਣ ਦੀ ਸੰਭਾਵਨਾ ਹੈ ਕਿਉਂਕਿ ਸਰਕਾਰ ਪਹਿਲਾਂ ਹੀ ਪੰਚਾਇਤੀ ਚੋਣਾਂ 31 ਦਸੰਬਰ ਤੱਕ ਕਰਾਉਣ ਦਾ ਫ਼ੈਸਲਾ ਕਰ ਚੁੱਕੀ ਹੈ।

Leave a comment