551ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪਾਕਿ ਵੱਲੋਂ 5 ਹਜ਼ਾਰ ਯਾਤਰੂਆਂ ਲਈ 5 ਦਿਨ ਦਾ ਵੀਜ਼ਾ ਜਾਰੀ

167
Share

-ਭਾਰਤੀ ਸ਼ਰਧਾਲੂਆਂ ਦੇ ਪਾਕਿਸਤਾਨ ਜਾਣ ਦੀ ਉਮੀਦ ਘੱਟ
ਅੰਮ੍ਰਿਤਸਰ, 17 ਨਵੰਬਰ (ਪੰਜਾਬ ਮੇਲ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਏ ਜਾ ਰਹੇ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤੀ ਸ਼ਰਧਾਲੂਆਂ ਦੇ ਪਾਕਿ ਜਾਣ ‘ਚ ਕੋਰੋਨਾ ਸੰਕਟ ਕਾਰਨ ਅੜਚਣਾਂ ਖੜ੍ਹੀਆਂ ਹੋ ਰਹੀਆਂ ਹਨ। ਭਾਰਤ ਅਤੇ ਪਾਕਿ ‘ਚ ਕੋਰੋਨਾ ਕੇਸਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਇਸ ਨੂੰ ਲੈ ਕੇ ਭਾਰਤੀ ਵਿਦੇਸ਼ ਮੰਤਰਾਲਾ ਸਪਸ਼ਟ ਤੌਰ ‘ਤੇ ਕਹਿ ਚੁੱਕਿਆ ਹੈ ਕਿ ਕਰਤਾਰਪੁਰ ਲਾਂਘਾ ਅਤੇ ਅਟਾਰੀ-ਵਾਹਗਾ ਸਰਹੱਦ ਮੁੜ ਖੋਲ੍ਹਣ ਬਾਰੇ ਫ਼ੈਸਲਾ ਕੋਵਿਡ ਪ੍ਰੋਟੋਕਾਲ ਅਨੁਸਾਰ ਹੀ ਲਿਆ ਜਾਵੇਗਾ ਅਤੇ ਪਾਬੰਦੀਆਂ ‘ਚ ਢਿੱਲ ਦਿੱਤੀ ਜਾਵੇਗੀ ਅਤੇ ਇਸ ਤਰ੍ਹਾਂ ਭਾਰਤੀ ਸ਼ਰਧਾਲੂਆਂ ਦੇ ਪਾਕਿਸਤਾਨ ਜਾਣ ਦੀ ਉਮੀਦ ਘੱਟ ਲੱਗ ਰਹੀ ਹੈ। ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪਾਕਿਸਤਾਨ ਸਰਕਾਰ ਵਲੋਂ 3000 ਭਾਰਤੀ ਸਿੱਖ ਯਾਤਰੂਆਂ ਅਤੇ 2000 ਕੈਨੇਡਾ, ਅਮਰੀਕਾ, ਆਸਟ੍ਰੇਲੀਆ, ਨਿਊਜ਼ੀਲੈਂਡ, ਸਿੰਘਾਪੁਰ ਆਦਿ ਦੇ ਸਿੱਖਾਂ ਲਈ ਵੀਜ਼ੇ ਜਾਰੀ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ.ਐੱਸ.ਜੀ.ਪੀ.ਸੀ.) ਮੁਤਾਬਿਕ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ 28 ਤੋਂ 30 ਨਵੰਬਰ ਤੱਕ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਭਾਰਤੀ ਸਿੱਖ ਯਾਤਰੂਆਂ ਲਈ 5 ਦਿਨਾਂ ਦਾ ਵੀਜ਼ਾ ਜਾਰੀ ਕੀਤਾ ਜਾਵੇਗਾ ਅਤੇ ਯਾਤਰੂ 27 ਨਵੰਬਰ ਨੂੰ ਵਾਹਗਾ ਸਰਹੱਦ ਤੋਂ ਵਿਸ਼ੇਸ਼ ਯਾਤਰੂ ਬੱਸਾਂ ਰਾਹੀਂ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਹੋਣਗੇ ਅਤੇ ਪਹਿਲੀ ਦਸੰਬਰ ਨੂੰ ਜਥੇ ਭਾਰਤ ਲਈ ਰਵਾਨਾ ਕੀਤੇ ਜਾਣਗੇ। ਪਾਕਿ ਸਰਕਾਰ ਵਲੋਂ ਸਿੱਖ ਯਾਤਰੂਆਂ ਲਈ ਕੋਰੋਨਾ ਟੈਸਟ ਲਾਜ਼ਮੀ ਕੀਤਾ ਗਿਆ ਹੈ।


Share