#INDIA

’84 ਦੰਗੇ: ਧਮਕੀਆਂ ਮਗਰੋਂ ਮੁੱਖ ਗਵਾਹ ਨੇ ਬਿਆਨ ਬਦਲਿਆ

ਦਿੱਲੀ ਕਮੇਟੀ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਜੀਕੇ ਨੇ ਅਦਾਲਤ ਵਿੱਚ ਕੀਤਾ ਦਾਅਵਾ
ਨਵੀਂ ਦਿੱਲੀ, 23 ਅਪ੍ਰੈਲ (ਪੰਜਾਬ ਮੇਲ)- 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ‘ਚ ਮੁੱਖ ਗਵਾਹ ਸੁਰਿੰਦਰ ਸਿੰਘ ਨੇ ਕਥਿਤ ਤੌਰ ‘ਤੇ ਵਾਰ-ਵਾਰ ਧਮਕੀਆਂ ਮਿਲਣ ਤੋਂ ਬਾਅਦ ਆਪਣਾ ਬਿਆਨ ਬਦਲ ਲਿਆ ਹੈ। ਇਹ ਖੁਲਾਸਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐੱਸ.ਜੀ.ਐੱਮ.ਸੀ.) ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਜੀ.ਕੇ. ਨੇ ਰਾਊਜ਼ ਐਵੇਨਿਊ ਕੋਰਟ ‘ਚ ਆਪਣੀ ਗਵਾਹੀ ਦੌਰਾਨ ਕੀਤਾ। ਜੀ.ਕੇ. ਨੇ ਦੱਸਿਆ ਕਿ ਸੁਰਿੰਦਰ ਸਿੰਘ ਨੇ ਉਨ੍ਹਾਂ ਨੂੰ ਕਈ ਵਾਰ ਧਮਕੀਆਂ ਮਿਲਣ ਬਾਰੇ ਦੱਸਿਆ, ਜਿਸ ਕਾਰਨ ਉਨ੍ਹਾਂ ਦੇ ਬਿਆਨ ‘ਚ ਗੜਬੜੀਆਂ ਰਹੀਆਂ। ਜੀ.ਕੇ. ਨੇ ਸੁਰਿੰਦਰ ਸਿੰਘ ਨੂੰ ਭਾਈਚਾਰੇ ਤੋਂ ਹਮਾਇਤ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਨੂੰ ਸੱਚ ਬੋਲਣ ਲਈ ਉਤਸ਼ਾਹਿਤ ਕੀਤਾ। ਪੁਲ ਬੰਗਸ਼ ਇਲਾਕੇ ‘ਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਸਿਲਸਿਲੇ ‘ਚ ਜੀ.ਕੇ. ਦਾ ਬਿਆਨ ਦਰਜ ਕੀਤਾ ਜਾ ਰਿਹਾ ਸੀ। ਕਾਂਗਰਸ ਆਗੂ ਜਗਦੀਸ਼ ਟਾਈਟਲਰ ਇਸ ਕੇਸ ‘ਚ ਮੁਕੱਦਮੇ ਦਾ ਸਾਹਮਣਾ ਕਰ ਰਿਹਾ ਹੈ। ਵਿਸ਼ੇਸ਼ ਜੱਜ ਜੀਤੇਂਦਰ ਸਿੰਘ ਨੇ ਸੀ.ਬੀ.ਆਈ. ਦੇ ਵਕੀਲ ਅਮਿਤ ਜਿੰਦਲ ਰਾਹੀਂ ਮਨਜੀਤ ਸਿੰਘ ਜੀ.ਕੇ. ਦੇ ਬਿਆਨ ਦਰਜ ਕੀਤੇ। ਜੀ.ਕੇ. ਨੇ ਕਿਹਾ, ‘ਜਦੋਂ ਸੁਰਿੰਦਰ ਸਿੰਘ ਮੈਨੂੰ ਮਿਲਿਆ ਤੇ ਦੱਸਿਆ ਕਿ ਉਸ ਨੂੰ ਕਈ ਵਾਰ ਧਮਕੀਆਂ ਮਿਲੀਆਂ, ਜਿਸ ਕਾਰਨ ਉਸ ਨੇ ਵੱਖਰਾ ਬਿਆਨ ਦਿੱਤਾ ਸੀ। ਮੈਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਭਾਈਚਾਰਾ ਉਨ੍ਹਾਂ ਦੀ ਹਮਾਇਤ ਕਰ ਰਿਹਾ ਹੈ ਅਤੇ ਉਨ੍ਹਾਂ ਨੂੰ ਸੱਚ ਦੱਸਣਾ ਚਾਹੀਦਾ ਹੈ। ਇਸ ਮਗਰੋਂ ਉਨ੍ਹਾਂ ਸੀ.ਬੀ.ਆਈ. ਨੂੰ ਮਾਮਲੇ ‘ਚ ਮੁਲਜ਼ਮ ਜਗਦੀਸ਼ ਟਾਈਟਲਰ ਦੀ ਸ਼ਮੂਲੀਅਤ ਬਾਰੇ ਸੱਚ ਦੱਸਿਆ।’ ਸੀਨੀਅਰ ਐਡਵੋਕੇਟ ਐੱਚ.ਐੱਸ. ਫੂਲਕਾ ਨੇ ਭਰੋਸਾ ਜ਼ਾਹਿਰ ਕੀਤਾ ਕਿ ਕਾਂਗਰਸ ਆਗੂ ਜਗਦੀਸ਼ ਟਾਈਟਲਰ ਨੂੰ ਦੋਸ਼ੀ ਠਹਿਰਾਇਆ ਜਾਵੇਗਾ।