-2 ਸਿੱਖਾਂ ਦੀ ਹੱਤਿਆ ਦੇ ਮਾਮਲੇ ‘ਚ ਅਦਾਲਤ ਨੇ ਦੋਸ਼ੀ ਠਹਿਰਾਇਆ
-ਪਹਿਲਾਂ ਹੀ ਉਮਰ ਕੈਦ ਦੀ ਭੁਗਤ ਰਿਹੈ ਸਜ਼ਾ
ਨਵੀਂ ਦਿੱਲੀ, 13 ਫਰਵਰੀ (ਪੰਜਾਬ ਮੇਲ)- ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ 1984 ‘ਚ ਸਿੱਖ ਨਸਲਕੁਸ਼ੀ ਨਾਲ ਸੰਬੰਧਿਤ ਦੂਸਰੇ ਮਾਮਲੇ ‘ਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ, ਜਦਕਿ ਉਸ ਦੇ ਖ਼ਿਲਾਫ਼ ਦੋ ਹੋਰ ਮਾਮਲੇ ਦਰਜ ਹਨ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਸੱਜਣ ਕੁਮਾਰ ਨੂੰ ਇਕ ਨਵੰਬਰ 1984 ਨੂੰ ਦਿੱਲੀ ਦੀ ਸਰਸਵਤੀ ਵਿਹਾਰ ‘ਚ ਹੋਈ ਹਿੰਸਾ ਦੌਰਾਨ ਜਸਵੰਤ ਸਿੰਘ ਅਤੇ ਉਨ੍ਹਾਂ ਦੇ ਬੇਟੇ ਤਰੁਣਦੀਪ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਹੈ।
ਇਸ ਦੌਰਾਨ ਸੱਜਣ ਕੁਮਾਰ ਨੂੰ ਹੁਣ ਵੱਧ ਤੋਂ ਵੱਧ ਮੌਤ ਦੀ ਸਜ਼ਾ ਅਤੇ ਘੱਟੋ-ਘੱਟ ਉਮਰ ਕੈਦ ਦੀ ਸਜ਼ਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਉਸ ਨੂੰ ਦੋਸ਼ੀ ਠਹਿਰਾਉਣ ਦਾ ਹੁਕਮ ਸੁਣਾਇਆ। ਹੁਣ ਅਦਾਲਤ ‘ਚ 18 ਫਰਵਰੀ ਨੂੰ ਸਜ਼ਾ ‘ਤੇ ਬਹਿਸ ਹੋਵੇਗੀ ਅਤੇ ਸਜ਼ਾ ਸੁਣਾਈ ਜਾਵੇਗੀ। ਵਰਣਨਯੋਗ ਹੈ ਕਿ 1984 ਸਿੱਖ ਕਤਲੇਆਮ ਨਾਲ ਹੀ ਸੰਬੰਧਿਤ ਇਕ ਹੋਰ ਮਾਮਲੇ ‘ਚ ਸੱਜਣ ਕੁਮਾਰ ਪਹਿਲਾਂ ਹੀ ਤਿਹਾੜ ਜੇਲ੍ਹ ਵਿਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ।
ਬੁੱਧਵਾਰ ਨੂੰ ਰਾਊਜ਼ ਐਵੇਨਿਊ ਕੋਰਟ ਵੱਲੋਂ ਜਿਸ ਮਾਮਲੇ ‘ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ, ਉਹ 41 ਸਾਲ ਪਹਿਲਾਂ ਦਿੱਲੀ ਦੇ ਸਰਸਵਤੀ ਵਿਹਾਰ ਇਲਾਕੇ ‘ਚ ਜਸਵੰਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਤਰੁਣਦੀਪ ਸਿੰਘ ਦੀ ਬੇਰਹਿਮੀ ਨਾਲ ਕੀਤੀ ਗਈ ਹੱਤਿਆ ਨਾਲ ਸੰਬੰਧਿਤ ਹੈ ਅਤੇ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਭੀੜ ਨੇ ਪਿਓ-ਪੁੱਤਰ ਦੀ ਹੱਤਿਆ ਕਰ ਦਿੱਤੀ ਅਤੇ ਘਰ ਨੂੰ ਸਾੜ ਦਿੱਤਾ ਗਿਆ।
ਅਦਾਲਤ ਨੇ ਪਾਇਆ ਕਿ ਸੱਜਣ ਕੁਮਾਰ ਨਾ ਸਿਰਫ਼ ਇਸ ਵਿਚ ਸ਼ਾਮਲ ਸੀ ਸਗੋਂ ਉਹ ਭੀੜ ਦੀ ਅਗਵਾਈ ਵੀ ਕਰ ਰਿਹਾ ਸੀ। ਸੱਜਣ ਕੁਮਾਰ ਨੇ ਇਸ ਮਾਮਲੇ ਵਿਚ ਖ਼ੁਦ ਨੂੰ ਨਿਰਦੋਸ਼ ਦੱਸਦੇ ਹੋਏ ਟ੍ਰਾਇਲ ਦਾ ਸਾਹਮਣਾ ਕਰਨ ਦੀ ਗੱਲ ਆਖੀ ਸੀ ਪਰ ਟ੍ਰਾਇਲ ਵਿਚ ਸੱਜਣ ਕੁਮਾਰ ਨੂੰ ਦੋਸ਼ੀ ਮੰਨਿਆ ਗਿਆ। ਇਸ ਤੋਂ ਬਾਅਦ ਸੱਜਣ ਦੇ ਖ਼ਿਲਾਫ਼ ਦੋਸ਼ ਤੈਅ ਕਰਨ ਦਾ ਆਦੇਸ਼ ਦਿੱਤਾ ਗਿਆ। ਸ਼ੁਰੂਆਤ ਵਿਚ ਇਹ ਇਸ ਸਬੰਧੀ ਪੰਜਾਬੀ ਬਾਗ਼ ਪੁਲਿਸ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਸੀ ਅਤੇ ਬਾਅਦ ਵਿਚ ਇਸ ਮਾਮਲੇ ਨੂੰ ਵਿਸ਼ੇਸ਼ ਜਾਂਚ ਕਮੇਟੀ (ਐੱਸ.ਆਈ.ਟੀ.) ਨੂੰ ਸੌਂਪ ਦਿੱਤਾ ਗਿਆ ਸੀ। ਸੱਜਣ ਕੁਮਾਰ ਖ਼ਿਲਾਫ਼ ਦੰਗਾ, ਹੱਤਿਆ ਅਤੇ ਡਕੈਤੀ ਦੇ ਦੋਸ਼ਾਂ ‘ਚ ਭਾਰਤੀ ਦੰਡਾਵਲੀ ਦੀ ਧਾਰਾ 147, 149, 148, 302, 308, 323, 395, 427, 436, 440 ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ। ਸੱਜਣ ਕੁਮਾਰ ਨੂੰ ਪਹਿਲੀ ਨਜ਼ਰ ਵਿਚ ਦੋਸ਼ੀ ਮੰਨਦੇ ਹੋਏ ਅਦਾਲਤ ਨੇ 16 ਦਸੰਬਰ, 2021 ਨੂੰ ਦੋਸ਼ ਤੈਅ ਕੀਤੇ ਸੀ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਮਾਮਲੇ ‘ਚ ਫ਼ੈਸਲਾ ਤਿੰਨ ਵਾਰੀ ਮੁਲਤਵੀ ਹੋ ਚੁੱਕਾ ਹੈ। 31 ਜਨਵਰੀ, 2025 ਨੂੰ ਹੋਈ ਸੁਣਵਾਈ ਦੌਰਾਨ ਰਾਊਜ਼ ਐਵੇਨਿਊ ਕੋਰਟ ਨੇ ਸੱਜਣ ਕੁਮਾਰ ਬਾਰੇ ਫ਼ੈਸਲਾ ਮੁਲਤਵੀ ਕਰ ਦਿੱਤਾ ਸੀ, ਜਦਕਿ ਇਸ ਤੋਂ ਪਹਿਲਾਂ 8 ਜਨਵਰੀ ਅਤੇ 16 ਦਸੰਬਰ, 2024 ਨੂੰ ਵੀ ਫ਼ੈਸਲਾ ਮੁਲਤਵੀ ਕੀਤਾ ਗਿਆ ਸੀ।
ਪੀੜਤ ਪਰਿਵਾਰਾਂ ਵੱਲੋਂ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ
1984 ‘ਚ ਸਿੱਖ ਨਸਲਕੁਸ਼ੀ ਦੇ ਮਾਮਲੇ ‘ਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਹੱਤਿਆ ਦੇ ਇਕ ਮਾਮਲੇ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਦਾ ਪੀੜਤ ਪਰਿਵਾਰਾਂ ਅਤੇ ਸਿੱਖ ਆਗੂਆਂ ਨੇ ਸਵਾਗਤ ਕੀਤਾ ਹੈ ਅਤੇ ਉਨ੍ਹਾਂ ਅਦਾਲਤ ਤੋਂ ਮੰਗ ਕੀਤੀ ਕਿ ਸੱਜਣ ਕੁਮਾਰ ਨੂੰ ਸਖ਼ਤ ਤੋਂ ਸਖਤ ਸਜ਼ਾ ਦਿੱਤੀ ਜਾਵੇ। ਸੱਜਣ ਕੁਮਾਰ (79) ਨੂੰ 1 ਨਵੰਬਰ 1984 ਨੂੰ ਸਰਸਵਤੀ ਵਿਹਾਰ ‘ਚ ਜਸਵੰਤ ਸਿੰਘ ਅਤੇ ਉਸ ਦੇ ਬੇਟੇ ਤਰੁਣਦੀਪ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਦੋਸ਼ੀ ਪਾਇਆ ਗਿਆ। ਅਦਾਲਤ ਦੇ ਫ਼ੈਸਲੇ ਤੋਂ ਬਾਅਦ ਪੀੜਤ ਪਰਿਵਾਰਾਂ ਅਤੇ ਸਿੱਖ ਆਗੂਆਂ ਨੇ ਰਾਹਤ ਜ਼ਾਹਰ ਕਰਦਿਆਂ ਸੱਜਣ ਕੁਮਾਰ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਦੀ ਮੰਗ ਕੀਤੀ ਅਤੇ ਕਿਹਾ ਕਿ 1984 ਵਿਚ ਜੋ ਹੋਇਆ ਉਹ ਦੰਗੇ ਨਹੀਂ ਸਨ, ਸਗੋਂ ਇਹ ਸਿੱਖ ਨਸਲਕੁਸ਼ੀ ਸੀ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਸਿੱਖਾਂ ਨੂੰ ਯੋਜਨਾਬੱਧ ਢੰਗ ਨਾਲ ਨਿਸ਼ਾਨਾ ਬਣਾਇਆ ਗਿਆ ਅਤੇ ਮਾਰਿਆ ਗਿਆ। ਤ੍ਰਿਲੋਕਪੁਰੀ ਦੇ ਪੀੜਤ ਸੁਰਜੀਤ ਸਿੰਘ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ 18 ਫਰਵਰੀ ਨੂੰ ਸੱਜਣ ਕੁਮਾਰ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇ, ਤਾਂ ਜੋ ਸਾਰੇ ਦੋਸ਼ੀਆਂ ਨੂੰ ਪਤਾ ਲੱਗ ਸਕੇ ਕਿ ਇਕ ਬੇਕਸੂਰ ਪਰਿਵਾਰ ਨੂੰ ਸਾੜਨ ਲਈ ਸਿਰਫ਼ ਮੌਤ ਦੀ ਸਜ਼ਾ ਹੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਮੇਰੇ ਪਰਿਵਾਰ ਦੇ ਮੈਂਬਰਾਂ ਨੂੰ ਜ਼ਿੰਦਾ ਸਾੜ ਦਿੱਤਾ ਗਿਆ ਸੀ ਅਤੇ ਮੈਂ 40 ਸਾਲਾਂ ਤੋਂ ਨਿਆਂ ਲਈ ਲੜ ਰਿਹਾ ਹਾਂ। ਜਦੋਂ ਇਹ ਘਟਨਾ ਵਾਪਰੀ ਤਾਂ ਮੈਂ ਸਿਰਫ 11 ਸਾਲਾਂ ਦਾ ਸੀ, ਅਤੇ ਮੈਂ ਦੋ-ਤਿੰਨ ਦਿਨਾਂ ਤੱਕ ਭੁੱਖਾ-ਪਿਆਸਾ ਰਿਹਾ। ਉਨ੍ਹਾਂ ਕਿਹਾ ਕਿ ਅੱਜ ਇਨਸਾਫ਼ ਸ਼ੁਰੂ ਹੋ ਗਿਆ ਹੈ ਪਰ ਅਸਲ ਇਨਸਾਫ਼ ਉਦੋਂ ਮਿਲੇਗਾ, ਜਦੋਂ ਸੱਜਣ ਕੁਮਾਰ ਨੂੰ 18 ਫਰਵਰੀ ਨੂੰ ਮੌਤ ਦੀ ਸਜ਼ਾ ਸੁਣਾਈ ਜਾਵੇਗੀ।
ਇਸ ਦੌਰਾਨ ਭਾਜਪਾ ਆਗੂ ਆਰ.ਪੀ. ਸਿੰਘ ਨੇ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਏ ਜਾਣ ਦਾ ਸਵਾਗਤ ਕੀਤਾ ਅਤੇ ਨਾਲ ਹੀ ਸਬੂਤਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਰਸਵਤੀ ਵਿਹਾਰ ‘ਚ ਪਿਉ-ਪੁੱਤਰ ਨੂੰ ਜ਼ਿੰਦਾ ਸਾੜ ਦਿੱਤਾ ਗਿਆ। ਅਜਿਹਾ ਇਸ ਲਈ ਹੋਇਆ ਕਿਉਂਕਿ ਕਾਂਗਰਸੀ ਨੇਤਾਵਾਂ ਨੇ ਆਦੇਸ਼ ਦਿੱਤੇ ਸਨ। ਉਨ੍ਹਾਂ ਕਿਹਾ ਕਿ ਅਸੀਂ ਐਸ.ਆਈ.ਟੀ. ਦੇ ਗਠਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦੇ ਹਾਂ, ਜਿਸ ਕਾਰਨ ਸਾਰੀ ਦੁਨੀਆਂ ਅੱਗੇ ਸਿੱਖ ਨਸਲਕੁਸ਼ੀ ਦੀ ਸੱਚਾਈ ਸਾਹਮਣੇ ਲਿਆਂਦੀ ਜਾ ਸਕੀ। ਸਾਨੂੰ ਆਸ ਹੈ ਕਿ ਅਦਾਲਤ ਸੱਜਣ ਕੁਮਾਰ ਨੂੰ ਮੌਤ ਦੀ ਸਜ਼ਾ ਤੋਂ ਘੱਟ ਕੁਝ ਨਹੀਂ ਦੇਵੇਗੀ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ ਨੇ ਯਾਦ ਕੀਤਾ ਕਿ ਕਿਵੇਂ ਸੱਜਣ ਕੁਮਾਰ ਰਾਜਨੀਤਿਕ ਸੁਰੱਖਿਆ ਕਾਰਨ ਦਹਾਕਿਆਂ ਤੱਕ ਗ੍ਰਿਫ਼ਤਾਰੀ ਤੋਂ ਬਚਿਆ ਰਿਹਾ। ਉਨ੍ਹਾਂ ਕਿਹਾ ਕਿ 1990 ‘ਚ ਜਦੋਂ ਸੀ.ਬੀ.ਆਈ. ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਸੱਤਾਧਾਰੀਆਂ ਨੇ ਉਨ੍ਹਾਂ ਨੂੰ ਬਚਾ ਲਿਆ। ਸਰਕਾਰ ਬਦਲਣ ਤੋਂ ਬਾਅਦ ਹੀ ਪੈਂਡਿੰਗ ਪਏ ਕੇਸਾਂ ਨੂੰ ਦੁਬਾਰਾ ਖੋਲ੍ਹਿਆ ਗਿਆ। ਬੁੱਧਵਾਰ ਉਸ ਨੂੰ ਦੋਸ਼ੀ ਠਹਿਰਾਇਆ ਗਿਆ ਹੈ ਪਰ ਸਿਰਫ਼ ਮੌਤ ਦੀ ਸਜ਼ਾ ਨਾਲ ਹੀ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਸ਼ਾਂਤੀ ਮਿਲੇਗੀ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਦਾਲਤ ਦੇ ਫ਼ੈਸਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਆਖ਼ਿਰ ਲੰਮੇ ਸਮੇਂ ਦੀ ਜੱਦੋ-ਜਹਿਦ ਤੋਂ ਬਾਅਦ ਸਿੱਖ ਕਤਲੇਆਮ ਦੇ ਵੱਡੇ ਦੋਸ਼ੀ ਨੂੰ ਦੂਜੇ ਕੇਸ ਵਿਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਦਿੱਲੀ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਅਦਾਲਤ ਦੇ ਇਸ ਫ਼ੈਸਲੇ ਨਾਲ ਪੀੜਤਾਂ ਨੂੰ ਕਾਫ਼ੀ ਰਾਹਤ ਮਿਲੀ ਹੈ। ਉਨ੍ਹਾਂ ਮੰਗ ਕੀਤੀ ਕਿ ਹੁਣ ਜਦੋਂ ਇਸ ਮਾਮਲੇ ਵਿਚ ਸੱਜਣ ਕੁਮਾਰ ਨੂੰ ਸਜ਼ਾ ਸੁਣਾਈ ਜਾਣੀ ਹੈ ਤਾਂ ਅਸੀਂ ਜੱਜ ਸਾਹਿਬਾਨ ਕੋਲ ਮੰਗ ਕਰਦੇ ਹਾਂ ਕਿ ਮਾਮਲੇ ਦੀ ਗੰਭੀਰਤਾ ਨੂੰ ਧਿਆਨ ਵਿਚ ਰੱਖਦੇ ਹੋਏ ਸੱਜਣ ਕੁਮਾਰ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ।
ਸੱਜਣ ਕੁਮਾਰ ਨੂੰ ਮਿਸਾਲੀ ਸਜ਼ਾ ਮਿਲੇ : ਧਾਮੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਰਸਵਤੀ ਵਿਹਾਰ ਵਿਚ ਦੋ ਸਿੱਖਾਂ ਦੇ ਕਤਲ ਦੇ ਮਾਮਲੇ ਵਿਚ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਦਾ ਸਵਾਗਤ ਕਰਦਿਆਂ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣ ਦੀ ਆਸ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੰਗ ਕੀਤੀ ਕਿ ਸੰਸਦ ਵਿਚ ਸਿੱਖ ਕਤਲੇਆਮ ਪ੍ਰਤੀ ਸੰਵੇਦਨਾ ਅਤੇ ਮੁਆਫ਼ੀ ਦਾ ਇਕ ਮਤਾ ਵੀ ਪਾਸ ਕੀਤਾ ਜਾਵੇ। ਇਹ 1984 ‘ਚ ਮਾਰੇ ਗਏ ਬੇਦੋਸ਼ੇ ਸਿੱਖ ਨਾਗਰਿਕਾਂ ਪ੍ਰਤੀ ਸ਼ਰਧਾਂਜਲੀ ਹੋਵੇਗੀ। ਧਾਮੀ ਨੇ ਕਿਹਾ ਕਿ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਸਮੇਤ ਹੋਰ ਵੀ ਕਈ ਆਗੂ ਸਿੱਖ ਕਤਲੇਆਮ ਵਿਚ ਸ਼ਾਮਲ ਸਨ ਅਤੇ ਹਰ ਦੋਸ਼ੀ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਸਿੱਖ ਕਤਲੇਆਮ ਨਾਲ ਸਬੰਧਤ ਦੇਸ਼ ਦੇ ਵੱਖ-ਵੱਖ ਥਾਵਾਂ ਉੱਤੇ ਚੱਲ ਰਹੇ ਮਾਮਲਿਆਂ ਨੂੰ ਫਾਸਟ ਟ੍ਰੈਕ ਅਦਾਲਤਾਂ ਰਾਹੀਂ ਅੱਗੇ ਵਧਾਇਆ ਜਾਵੇ ਤਾਂ ਜੋ ਇਨਸਾਫ਼ ਵਿਚ ਹੋਰ ਦੇਰੀ ਨਾ ਹੋਵੇ।
ਕੁੱਲ 587 ਐੱਫ.ਆਈ.ਆਰਜ਼ ‘ਚੋਂ ਸਿਰਫ਼ 28 ਕੇਸਾਂ ‘ਚ ਸਜ਼ਾ
ਨਾਨਾਵਤੀ ਕਮਿਸ਼ਨ ਦੀ ਰਿਪੋਰਟ ਮੁਤਾਬਕ ਦਿੱਲੀ ‘ਚ ਸਿੱਖ ਕਤਲੇਆਮ ਨਾਲ ਸਬੰਧਤ 587 ਐੱਫ.ਆਈ.ਆਰਜ਼ ਦਾਖ਼ਲ ਕੀਤੀਆਂ ਗਈਆਂ ਸਨ। ਪੁਲਿਸ ਨੇ ਕਰੀਬ 240 ਐੱਫ.ਆਈ.ਆਰਜ਼ ਬੰਦ ਕਰ ਦਿੱਤੀਆਂ ਸਨ, ਜਦਕਿ 250 ਹੋਰ ਕੇਸਾਂ ‘ਚ ਮੁਲਜ਼ਮ ਬਰੀ ਹੋ ਗਏ ਸਨ। ਕੁੱਲ 587 ਐੱਫ.ਆਈ.ਆਰਜ਼ ‘ਚੋਂ ਸਿਰਫ਼ 28 ਕੇਸਾਂ ‘ਚ ਕਰੀਬ 400 ਵਿਅਕਤੀਆਂ ਨੂੰ ਸਜ਼ਾ ਹੋਈ ਹੈ। ਇਨ੍ਹਾਂ ‘ਚੋਂ ਸੱਜਣ ਕੁਮਾਰ ਸਮੇਤ ਕਰੀਬ 50 ਨੂੰ ਹੱਤਿਆਵਾਂ ਦੇ ਮਾਮਲੇ ‘ਚ ਸਜ਼ਾ ਹੋਈ ਹੈ। ਮੌਜੂਦਾ ਸਮੇਂ ‘ਚ ਕੌਮੀ ਰਾਜਧਾਨੀ ਦੀਆਂ ਵੱਖ ਵੱਖ ਅਦਾਲਤਾਂ ‘ਚ ਕਰੀਬ 20 ਕੇਸ ਬਕਾਇਆ ਪਏ ਹਨ।
84 ਸਿੱਖ ਨਸਲਕੁਸ਼ੀ; ਸੱਜਣ ਕੁਮਾਰ ਦੋਸ਼ੀ ਕਰਾਰ, 18 ਨੂੰ ਸੁਣਾਈ ਜਾਵੇਗੀ ਸਜ਼ਾ
