#INDIA

’84 ਸਿੱਖ ਵਿਰੋਧੀ ਦੰਗੇ: ਅਦਾਲਤ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ‘ਤੇ 19 ਜੁਲਾਈ ਨੂੰ ਕਰੇਗੀ ਫ਼ੈਸਲਾ

ਨਵੀਂ ਦਿੱਲੀ, 8 ਜੁਲਾਈ (ਪੰਜਾਬ ਮੇਲ)- ਇਥੋਂ ਦੀ ਅਦਾਲਤ 19 ਜੁਲਾਈ ਨੂੰ ਫੈਸਲਾ ਕਰੇਗੀ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਕਥਿਤ ਪੁਲ ਬੰਗਸ਼ ਕਤਲੇਆਮ ਨਾਲ ਸਬੰਧਤ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾ ਨੋਟਿਸ ਲੈਣਾ ਹੈ ਜਾਂ ਨਹੀਂ। ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ (ਏ.ਸੀ.ਐੱਮ.ਐੱਮ.) ਵਿਧੀ ਗੁਪਤਾ ਆਨੰਦ ਨੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੇ ਨਾਲ-ਨਾਲ ਸ਼ਿਕਾਇਤਕਰਤਾ ਵੱਲੋਂ ਪੇਸ਼ ਹੋਏ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 7 ਜੁਲਾਈ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜੱਜ ਨੇ ਅਦਾਲਤ ਦੇ ਕਰਮਚਾਰੀਆਂ ਨੂੰ ਇਹ ਵੀ ਦੇਖਣ ਲਈ ਕਿਹਾ ਕਿ ਕੀ ਪਹਿਲਾਂ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਅਦਾਲਤ ਤੋਂ ਪ੍ਰਾਪਤ ਕੇਸ ਰਿਕਾਰਡ ਪੂਰਾ ਹੈ ਜਾਂ ਨਹੀਂ। ਉਨ੍ਹਾਂ ਇਸ ਮਾਮਲੇ ਦੀ ਅਗਲੀ ਸੁਣਵਾਈ 19 ਜੁਲਾਈ ਤੱਕ ਰਿਪੋਰਟ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਜੱਜ ਨੇ ਕਿਹਾ ਕਿ ਕੜਕੜਡੂਮਾ ਵਿਚ ਅਦਾਲਤ ਦੇ ਕਰਮਚਾਰੀ ਵੱਲੋਂ ਦਾਇਰ ਦਸਤਾਵੇਜ਼ ਬਹੁਤ ਜ਼ਿਆਦਾ ਹਨ ਅਤੇ ਇਸ ਵਿਚ ਸੱਤ ਨਿਆਂਇਕ ਫਾਈਲਾਂ ਸਨ। ਉਨ੍ਹਾਂ ਨੇ ਸੀ.ਬੀ.ਆਈ. ਨੂੰ ਟਾਈਟਲਰ ਦੀ ਆਵਾਜ਼ ਦੇ ਨਮੂਨਿਆਂ ਦੀ ਫੋਰੈਂਸਿਕ ਜਾਂਚ ਸਬੰਧੀ ਫੋਰੈਂਸਿਕ ਸਾਇੰਸ ਲੈਬਾਰਟਰੀ (ਐੱਫ.ਐੱਸ.ਐੱਲ.) ਦੀ ਰਿਪੋਰਟ ਦਾਇਰ ਕਰਨ ਦੇ ਨਿਰਦੇਸ਼ ਦਿੱਤੇ। ਸੀ.ਬੀ.ਆਈ. ਨੇ ਇਸ ਮਾਮਲੇ ਵਿਚ ਟਾਈਟਲਰ ਖ਼ਿਲਾਫ਼ 20 ਮਈ ਨੂੰ ਚਾਰਜਸ਼ੀਟ ਦਾਖ਼ਲ ਕੀਤੀ ਸੀ।

Leave a comment