#INDIA

’84 ਸਿੱਖ ਵਿਰੋਧੀ ਦੰਗੇ: ਅਦਾਲਤ ਵੱਲੋਂ ਜਗਦੀਸ਼ ਟਾਈਟਲਰ ਖ਼ਿਲਾਫ਼ ਸੁਣਵਾਈ 9 ਜਨਵਰੀ ਤੱਕ ਮੁਲਤਵੀ

ਨਵੀਂ ਦਿੱਲੀ, 18 ਦਸੰਬਰ (ਪੰਜਾਬ ਮੇਲ)- ਇਥੋਂ ਦੀ ਅਦਾਲਤ ਨੇ ਅੱਜ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਵਕੀਲ ਨੂੰ 1984 ‘ਚ ਪੁਲ ਬੰਗਸ਼ ਸਿੱਖ ਦੰਗਿਆਂ ਵਿਚ ਦਿੱਲੀ ਪੁਲਿਸ ਅਤੇ ਸੀ.ਬੀ.ਆਈ. ਵੱਲੋਂ ਦਰਜ ਐੱਫ.ਆਈ.ਆਰਜ਼ ਦੀ ਸੂਚੀ ਅਤੇ ਇਸ ਦੀ ਜਾਂਚ ਤੇ ਮੁਕੱਦਮਿਆਂ ਦੇ ਨਤੀਜਿਆਂ ਦੀ ਸੂਚੀ ਦੇਣ ਲਈ ਕਿਹਾ ਹੈ। ਇਸ ਮਾਮਲੇ ਦਾ ਮੁਲਜ਼ਮ ਟਾਈਟਲਰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਇਆ। ਇਹ ਮਾਮਲਾ 1 ਨਵੰਬਰ, 1984 ਨੂੰ ਪੁਲ ਬੰਗਸ਼ ਗੁਰਦੁਆਰੇ ਵਿੱਚ ਹੋਏ ਸਿੱਖਾਂ ਦੇ ਕਤਲ ਨਾਲ ਸਬੰਧਤ ਹੈ।
ਸੀ.ਬੀ.ਆਈ. ਨੇ ਮਈ ਵਿਚ ਉਸ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ ਸੀ। ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਬਚਾਅ ਪੱਖ ਦੇ ਵਕੀਲ ਦੀ ਇਹ ਦਲੀਲ ਸੁਣਨ ਤੋਂ ਬਾਅਦ ਮਾਮਲੇ ਦੀ ਸੁਣਵਾਈ 9 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਕਿ ਪਿਛਲੀਆਂ ਚਾਰਜਸ਼ੀਟਾਂ ਦੀਆਂ ਪ੍ਰਮਾਣਿਤ ਕਾਪੀਆਂ ਪ੍ਰਾਪਤ ਨਹੀਂ ਹੋਈਆਂ ਸਨ।