#INDIA

’84 ਸਿੱਖ ਵਿਰੋਧੀ ਦੰਗੇ: ਦਿੱਲੀ ਹਾਈ ਕੋਰਟ ਸੱਜਣ ਕੁਮਾਰ ਖ਼ਿਲਾਫ਼ ਕਰੇਗੀ ਸੁਣਵਾਈ

ਨਵੀਂ ਦਿੱਲੀ, 15 ਮਈ (ਪੰਜਾਬ ਮੇਲ)- ਦਿੱਲੀ ਹਾਈ ਕੋਰਟ 1984 ਸਿੱਖ ਵਿਰੋਧ ਦੰਗਿਆਂ ਦੌਰਾਨ ਇਕ ਵਿਅਕਤੀ ਦੀ ਹੱਤਿਆ ਨਾਲ ਸਬੰਧਿਤ ਮਾਮਲੇ ਵਿਚ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਬਰੀ ਕਰਨ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ 22 ਜੁਲਾਈ ਨੂੰ ਸੁਣਵਾਈ ਕਰੇਗੀ। ਜਸਟਿਸ ਸੁਰੇਸ਼ ਕੁਮਾਰ ਕੈਤ ਅਤੇ ਜਸਟਿਸ ਮਨੋਜ ਜੈਨ ਦੇ ਬੈਂਚ ਨੇ ਸੀ.ਬੀ.ਆਈ. ਅਤੇ ਗਵਾਹਾਂ ਵਿਚੋਂ ਇਕ ਸ਼ੀਲਾ ਕੌਰ ਦੀਆਂ ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਕਿਹਾ ਕਿ ਪਹਿਲਾਂ ਦੇ ਹੁਕਮ ਦੇ ਬਾਵਜੂਦ ਹੇਠਲੀ ਅਦਾਲਤ ਦੇ ਰਿਕਾਰਡ ਦੀ ਅਜੇ ਤੱਕ ਮੰਗ ਨਹੀਂ ਕੀਤੀ ਗਈ ਹੈ। ਬੈਂਚ ਨੇ ਰਜਿਸਟਰੀ ਨੂੰ ਨਿਰਦੇਸ਼ ਦਾ ਪਾਲਣ ਕਰਨ ਲਈ ਕਿਹਾ। ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ 20 ਸਤੰਬਰ, 2023 ਨੂੰ ਸੱਜਣ ਕੁਮਾਰ ਨੂੰ ‘ਸ਼ੱਕ ਦਾ ਲਾਭ’ ਦੇ ਕੇ ਮਾਮਲੇ ‘ਚ ਬਰੀ ਕਰ ਦਿੱਤਾ ਸੀ ਅਤੇ ਕਿਹਾ ਸੀ ਕਿ ਇਸਤਗਾਸਾ ਪੱਖ ਦੋਸ਼ੀ ਵਿਅਕਤੀਆਂ ਖ਼ਿਲਾਫ਼ ‘ਵਾਜਿਬ ਸ਼ੱਕ ਤੋਂ ਪਰ੍ਹੇ ਦੋਸ਼ਾਂ ਨੂੰ ਸਾਬਤ ਕਰਨ ਵਿਚ ਅਸਫਲ ਰਿਹਾ।’ ਹੇਠਲੀ ਅਦਾਲਤ ਨੇ ਦੋ ਹੋਰ ਮੁਲਜ਼ਮਾਂ ਵੇਦ ਪ੍ਰਕਾਸ਼ ਪਾਇਲ ਅਤੇ ਬ੍ਰਹਮਾਨੰਦ ਗੁਪਤਾ ਨੂੰ ਵੀ ਇਹ ਕਹਿੰਦਿਆਂ ਬਰੀ ਕਰ ਦਿੱਤਾ ਸੀ ਕਿ ਇਸਤਗਾਸਾ ਪੱਖ ਉਨ੍ਹਾਂ ਖ਼ਿਲਾਫ਼ ਕਤਲ ਅਤੇ ਦੰਗਿਆਂ ਦਾ ਕੇਸ ਸਾਬਤ ਕਰਨ ਵਿਚ ਅਸਫਲ ਰਿਹਾ।