#PUNJAB

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਰਾਜੋਆਣਾ ਦੀ ਸਜ਼ਾ ਸੰਬੰਧੀ ਸ਼੍ਰੋਮਣੀ ਕਮੇਟੀ ਤੇ ਦਿੱਲੀ ਗੁਰਦੁਆਰਾ ਕਮੇਟੀ ਨੂੰ ਪੱਤਰ ਜਾਰੀ

-ਫਾਂਸੀ ਦੀ ਸਜ਼ਾ ਤਬਦੀਲ ਕਰਨ ਸੰਬੰਧੀ ਪਟੀਸ਼ਨ ’ਤੇ ਜਲਦ ਫੈਸਲਾ ਕਰਵਾਉਣ ਲਈ ਕੇਂਦਰ ਸਰਕਾਰ ਕੋਲ ਪੈਰਵਾਈ ਕਰਨ ਲਈ ਆਦੇਸ਼ ਪੱਤਰ ਜਾਰੀ
ਅੰਮ੍ਰਿਤਸਰ, 15 ਨਵੰਬਰ (ਪੰਜਾਬ ਮੇਲ)- ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਪਿਛਲੇ 28 ਸਾਲਾਂ ਤੋਂ ਜੇਲ੍ਹ ’ਚ ਨਜ਼ਰਬੰਦ ਅਤੇ 17 ਸਾਲਾਂ ਤੋਂ ਮਹਿਜ਼ 8 ਫੁੱਟ ਦੀ ਫਾਂਸੀ ਦੀ ਚੱਕੀ ਵਿਚ ਬੰਦ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਨੂੰ ਉਮਰ ਕੈਦ ’ਚ ਤਬਦੀਲ ਕਰਨ ਸੰਬੰਧੀ ਪਟੀਸ਼ਨ ’ਤੇ ਜਲਦ ਫ਼ੈਸਲਾ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੁਰੰਤ ਕੇਂਦਰ ਸਰਕਾਰ ਕੋਲ ਪੈਰਵਾਈ ਕਰਨ ਸੰਬੰਧੀ ਲਿਖਤੀ ਆਦੇਸ਼ ਪੱਤਰ ਜਾਰੀ ਕਰ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ਾਂ ’ਤੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਭੇਜੇ ਪੱਤਰ ਵਿਚ ਆਖਿਆ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਸਾਲ 2012 ’ਚ ਸ਼੍ਰੋਮਣੀ ਕਮੇਟੀ ਵਲੋਂ ਭਾਈ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਸੰਬੰਧੀ ਰਾਸ਼ਟਰਪਤੀ ਕੋਲ ਪਾਈ ਪਟੀਸ਼ਨ ’ਤੇ 11 ਸਾਲ ਬੀਤ ਜਾਣ ’ਤੇ ਵੀ ਕੋਈ ਫ਼ੈਸਲਾ ਅਮਲ ਵਿਚ ਨਹੀਂ ਆਇਆ। ਇਸ ਦੇ ਕਾਰਨ ਜਿੱਥੇ ਭਾਈ ਰਾਜੋਆਣਾ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ, ਉੱਥੇ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਵੀ ਠੇਸ ਪੁੱਜ ਰਹੀ ਹੈ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਦਾ ਜੀਵਨ ਸਿੱਖ ਕੌਮ ਦੀ ਅਮਾਨਤ ਹੈ ਅਤੇ ਉਨ੍ਹਾਂ ਦੇ ਜੀਵਨ ਨੂੰ ਸੁਰੱਖਿਅਤ ਕਰਨਾ ਸਿੱਖ ਸੰਸਥਾਵਾਂ ਦਾ ਅਹਿਮ ਫ਼ਰਜ਼ ਬਣ ਜਾਂਦਾ ਹੈ।