ਯੁਵਾ ਮੰਤਰਾਲਾ ਦੇ ਤਿੰਨ ਉਪ ਮੰਤਰੀਆਂ ਮਲਸ਼ਾ ਸ਼ਰੀਫ, ਮਰੀਅਮ ਸ਼ਿਓਨਾ ਅਤੇ ਅਬਦੁੱਲਾ ਮਹਿਜੂਮ ਮਜੀਦ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਵੱਲੋਂ ਲਕਸ਼ਦੀਪ ’ਚ ਬੀਚ ਦਾ ਵੀਡੀਓ ਪੋਸਟ ਕਰਨ ਤੋਂ ਬਾਅਦ ਮਾਲਦੀਵ ਦੇ ਇਕ ਮੰਤਰੀ ਅਤੇ ਕੁਝ ਹੋਰ ਨੇਤਾਵਾਂ ਨੇ ਸੋਸ਼ਲ ਮੀਡੀਆ ’ਤੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ ਜਿਸ ਪਿੱਛੋਂ ਵਿਵਾਦ ਖੜ੍ਹਾ ਹੋ ਗਿਆ ਸੀ।
ਰਾਸ਼ਟਰਪਤੀ ਮੁਹੰਮਦ ਮੁਇਜ਼ੂ ਦੇ ਦਫ਼ਤਰ ਨੇ ਕਿਹਾ ਕਿ ਗੁਆਂਢੀ ਦੇਸ਼ ਭਾਰਤ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ਵਾਲੇ ਮੰਤਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮਾਲਦੀਵ ਦੀ ਸਰਕਾਰ ਨੇ ਸੋਸ਼ਲ ਮੀਡੀਆ ’ਤੇ ਅਜਿਹੇ ਵਿਅਕਤੀਆਂ ਖਿਲਾਫ਼ ਤੁਰੰਤ ਕਾਰਵਾਈ ਕਰਨ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਹੈ, ਜਿਨ੍ਹਾਂ ਦਾ ਵਤੀਰਾ ਅੰਤਰਰਾਸ਼ਟਰੀ ਸਬੰਧਾਂ ਨੂੰ ਨੁਕਸਾਨ ਪਹੁੰਚਾਉਂਦਾ ਹੈ।
ਵਿਦੇਸ਼ ਮੰਤਰਾਲਾ ਦੇ ਬੁਲਾਰੇ ਨੇ ਕਿਹਾ ਕਿ ਸਰਕਾਰ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਵਿਦੇਸ਼ੀ ਨੇਤਾਵਾਂ ਅਤੇ ਉੱਚ ਦਰਜੇ ਦੇ ਲੋਕਾਂ ਖਿਲਾਫ ਕੀਤੀਆਂ ਗਈਆਂ ਅਪਮਾਨਜਨਕ ਟਿੱਪਣੀਆਂ ਤੋਂ ਜਾਣੂ ਹੈ। ਮੰਤਰੀਆਂ ਦੇ ਇਹ ਵਿਚਾਰ ਨਿੱਜੀ ਹਨ ਅਤੇ ਮਾਲਦੀਵ ਸਰਕਾਰ ਦੇ ਵਿਚਾਰਾਂ ਨੂੰ ਨਹੀਂ ਦਰਸਾਉਂਦੇ।
ਮਾਲਦੀਵ ਸਰਕਾਰ ਨੇ ਕਿਹਾ ਕਿ ਉਹ ਮੰਨਦੀ ਹੈ ਕਿ ਵਿਚਾਰਾਂ ਨੂੰ ਪ੍ਰਗਟਾਉਣ ਦੀ ਆਜ਼ਾਦੀ ਦੀ ਵਰਤੋਂ ਲੋਕਤਾਂਤਰਿਕ ਅਤੇ ਜ਼ਿੰਮੇਵਾਰ ਤਰੀਕੇ ਨਾਲ ਕੀਤੀ ਜਾਣੀ ਚਾਹੀਦੀ ਹੈ। ਇਸ ਰਾਹੀਂ ਨਫ਼ਰਤ ਅਤੇ ਨਾਂਹ-ਪੱਖੀ ਗੱਲਾਂ ਨਹੀਂ ਫੈਲਾਉਣੀਆਂ ਚਾਹੀਦੀਆਂ। ਮਾਲਦੀਵ ਅਤੇ ਇਸ ਦੇ ਅੰਤਰਰਾਸ਼ਟਰੀ ਭਾਈਵਾਲਾਂ ਵਿਚਕਾਰ ਨੇੜਲੇ ਸਬੰਧਾਂ ਵਿੱਚ ਕੋਈ ਰੁਕਾਵਟ ਪੈਦਾ ਨਹੀਂ ਹੋਣੀ ਚਾਹੀਦੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸਰਕਾਰ ਦੇ ਸਬੰਧਤ ਅਧਿਕਾਰੀ ਅਜਿਹੀਆਂ ਅਪਮਾਨਜਨਕ ਟਿੱਪਣੀਆਂ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕਰਨਗੇ।