+1-916-320-9444 (USA)
#PUNJAB

ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ‘ਤੇ ਗੋਲੀ ਚਲਾਉਣ ਦੀ ਘਟਨਾ ਲਈ ਜਾਂਚ ਕਮੇਟੀ ਨੇ ਮੁੱਖ ਮੰਤਰੀ ਨੂੰ ਠਹਿਰਾਇਆ ਜ਼ਿੰਮੇਵਾਰ

-ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਜਾਂਚ ਕਮੇਟੀ ਦੀ ਰਿਪੋਰਟ ਕੀਤੀ ਜਨਤਕ
ਅੰਮ੍ਰਿਤਸਰ, 8 ਜਨਵਰੀ (ਪੰਜਾਬ ਮੇਲ)- ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਿਛਲੇ ਦਿਨੀਂ ਵਾਪਰੇ ਗੋਲੀ ਕਾਂਡ ਅਤੇ ਮਰਿਯਾਦਾ ਦੇ ਨਿਰਾਦਰ ਦੀ ਘਟਨਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਗਠਤ ਕੀਤੀ ਜਾਂਚ ਕਮੇਟੀ ਨੇ ਆਪਣੀ ਰਿਪੋਰਟ ਵਿਚ ਸਿੱਧੇ ਤੌਰ ‘ਤੇ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਜਾਂਚ ਰਿਪੋਰਟ ਜਨਤਕ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਜਿਨ੍ਹਾਂ ਦਾ ਪਾਸ ਗ੍ਰਹਿ ਵਿਭਾਗ ਵੀ ਹੈ, ਪੜਤਾਲੀਆ ਰਿਪੋਰਟ ਅਨੁਸਾਰ ਸਾਰੇ ਮਾਮਲੇ ਦੇ ਮੁੱਖ ਦੋਸ਼ੀ ਬਣਦੇ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ 23 ਨਵੰਬਰ 2023 ਨੂੰ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਦੀ ਘਟਨਾ ਬਾਰੇ ਮੁਕੰਮਲ ਰਿਪੋਰਟ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤੇ ਗਏ ਸਨ, ਜਿਸ ਅਨੁਸਾਰ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ ਆਪਣੀ ਰਿਪੋਰਟ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗਠਤ ਕੀਤੀ ਗਈ ਕਮੇਟੀ ਨੇ ਆਪਣੀ ਜਾਂਚ ਦੌਰਾਨ ਚਮਸ਼ਮਦੀਦ ਗਵਾਹਾਂ, ਨਿਹੰਗ ਜਥੇਬੰਦੀਆਂ ਦੇ ਮੁਖੀਆਂ, ਮੀਡੀਆ ਕਰਮੀਆਂ, ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਅਤੇ ਪ੍ਰਤੱਖ ਦਰਸ਼ੀਆਂ ਦੇ ਬਿਆਨ ਕਲਮਬੰਦ ਕੀਤੇ ਹਨ। ਬਿਆਨਾਂ ਤੋਂ ਸਾਹਮਣੇ ਆਇਆ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਗੋਲੀ ਚਲਾਉਣ ਦੀ ਕੋਈ ਲੋੜ ਨਹੀਂ ਸੀ ਅਤੇ ਗੋਲੀ ਚਲਾਉਣ ਤੋਂ ਪਹਿਲਾਂ ਕੋਈ ਵੀ ਵਾਰਨਿੰਗ ਨਹੀਂ ਦਿੱਤੀ ਗਈ। ਪੁਲਿਸ ਨੇ ਕੇਵਲ ਇਕਤਰਫ਼ਾ ਹੀ ਗੋਲੀਆਂ ਚਲਾਈਆਂ, ਜਦਕਿ ਗੁਰਦੁਆਰਾ ਸਾਹਿਬ ਦੇ ਅੰਦਰ ਕਿਸੇ ਕਿਸਮ ਦੇ ਜੁਲਮ ਜਾਂ ਝਗੜੇ ਦੇ ਸੰਕੇਤ ਨਹੀਂ ਮਿਲਦੇ। ਗੁਰਦੁਆਰਾ ਸਾਹਿਬ ਅੰਦਰ ਸ੍ਰੀ ਅਖੰਡ ਪਾਠ ਸਾਹਿਬ ਚੱਲ ਰਿਹਾ ਸੀ, ਜਿਥੇ ਗੋਲੀਬਾਰੀ, ਅੱਥਰੂ ਗੈਸ ਅਤੇ ਗੁਰਦੁਆਰਾ ਸਾਹਿਬ ਅੰਦਰ ਜੁੱਤੀਆਂ ਸਮੇਤ ਪੁਲਿਸ ਦਾਖਲੇ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੀ ਮਰਿਯਾਦਾ ਭੰਗ ਕੀਤੀ ਗਈ। ਦੋ ਧੜਿਆਂ ਦੇ ਆਪਸੀ ਤਤਕਾਰ ਨੂੰ ਮਿਲ ਬੈਠ ਕੇ ਸੁਲਝਾਉਣ ਦੀ ਵੀ ਕੋਈ ਕੋਸ਼ਿਸ਼ ਨਹੀਂ ਹੋਈ।
ਉਨ੍ਹਾਂ ਕਿਹਾ ਕਿ ਇਹ ਜਾਂਚ ਕਮੇਟੀ ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਸੀ, ਇਸ ਲਈ ਰਿਪੋਰਟ ਕਾਰਵਾਈ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਭੇਜੀ ਗਈ ਹੈ। ਉਨ੍ਹਾਂ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਕਿ ਇਸ ਮਾਮਲੇ ‘ਤੇ ਬਣਦੀ ਕਾਰਵਾਈ ਕਰਨ।