ਚੰਡੀਗੜ੍ਹ, 13 ਮਾਰਚ (ਪੰਜਾਬ ਮੇਲ)- ਜੀ-20 ਸੰਮੇਲਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਇਸ ਸਮਾਗਮ ਨੂੰ ਸ਼ਾਨਦਾਰ ਢੰਗ ਨਾਲ ਸਫ਼ਲ ਬਣਾਉਣ ਲਈ ਸੁਰੱਖਿਆ ਦੇ ਨਜ਼ਰੀਏ ਤੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ, ਜਿਸ ਦੇ ਹਿੱਸੇ ਵਜੋਂ ਵਿਸ਼ੇਸ਼ ਮੁਹਿੰਮ ’ਓ.ਪੀ.ਐਸ ਸੀਲ-2’ ਚਲਾਈ ਗਈ ਜਿਸ ਤਹਿਤ ਸਰਹੱਦੀ ਸੂਬੇ ਪੰਜਾਬ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ’ਤੇ ਸੂਬੇ ਦੀਆਂ ਸਾਰੀਆਂ ਅੰਤਰ-ਰਾਜੀ ਸੀਮਾਵਾਂ ’ਤੇ ਇਹ ਮੁਹਿੰਮ ਚਲਾਈ ਗਈ।
ਇਸ ਮੁਹਿੰਮ ਦੌਰਾਨ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਰਾਜਸਥਾਨ ਅਤੇ ਹਰਿਆਣਾ ਦੀ ਸਰਹੱਦ ਨਾਲ ਲਗਦੇ 10 ਜ਼ਿਲਿ੍ਹਆਂ ਦੇ ਸਾਰੇ ਆਉਣ-ਜਾਣ ਵਾਲੇ ਪੁਆਇੰਟਾਂ ’ਤੇ ਇੰਸਪੈਕਟਰਾਂ/ਡੀ.ਐਸ.ਪੀਜ਼ ਦੀ ਨਿਗਰਾਨੀ ਹੇਠ ਸੰਪੂਰਨ ਤਾਲਮੇਲ ਵਾਲੇ ਮਜ਼ਬੂਤ 112 ਨਾਕੇ ਲਗਾਏ ਗਏ, ਜਿਹਨਾਂ ਵਿੱਚ 1500 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਇਹਨਾਂ 10 ਅੰਤਰ-ਰਾਜੀ ਸਰਹੱਦੀ ਜ਼ਿਲਿ੍ਹਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸ.ਏ.ਐਸ. ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ।
ਇਹ ਮੁਹਿੰਮ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਵੱਖ-ਵੱਖ ਥਾਵਾਂ ‘ਤੇ ਇਕੋ ਸਮੇਂ ਚਲਾਈ ਗਈ ਅਤੇ ਸਾਰੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਨੂੰ ਗਜ਼ਟਿਡ ਅਧਿਕਾਰੀਆਂ/ਐਸ.ਐਚ.ਓਜ਼ ਦੀ ਨਿਗਰਾਨੀ ਹੇਠ ਸਾਰੇ ਮੁਹੱਤਵਪੂਰਨ ਸਥਾਨਾਂ ’ਤੇ ਮਜ਼ਬੂਤ ’ਨਾਕੇ’ ਲਗਾਉਣ ਲਈ ਵੱਧ ਤੋਂ ਵੱਧ ਅਧਿਕਾਰੀਆਂ ਅਤੇ ਸਟਾਫ਼ ਨੂੰ ਤਾਇਨਾਤ ਕਰਨ ਲਈ ਕਿਹਾ ਗਿਆ ਸੀ।
ਵੇਰਵੇ ਦਿੰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੂਬੇ ਵਿੱਚ ਦਾਖ਼ਲ ਹੋਣ ਵਾਲੇ 5669 ਵਾਹਨਾਂ ਦੀ ਚੈਕਿੰਗ ਕੀਤੀ, ਜਿਨ੍ਹਾਂ ਵਿੱਚੋਂ 300 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 39 ਨੂੰ ਜ਼ਬਤ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ 21 ਐਫ.ਆਈ.ਆਰਜ਼ ਵੀ ਦਰਜ ਕੀਤੀਆਂ ਗਈਆਂ ਹਨ ਅਤੇ ਇੱਕ ਭਗੌੜਾ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਵੱਲੋਂ 3 ਕਿਲੋ ਭੁੱਕੀ, 3.8 ਕਿਲੋ ਅਫੀਮ, 140 ਗ੍ਰਾਮ ਹੈਰੋਇਨ ਅਤੇ ਦੋ ਗੈਰ-ਕਾਨੂੰਨੀ ਹਥਿਆਰ ਵੀ ਬਰਾਮਦ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਇਸ ਮੁਹਿੰਮ ਦਾ ਉਦੇਸ਼ ਸੂਬੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਤੇ ਗੋਲਾ-ਬਾਰੂਦ, ਨਸ਼ੀਲੇ ਪਦਾਰਥਾਂ ਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣ ਦੇ ਨਾਲ-ਨਾਲ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣਾ ਸੀ।