ਚੰਡੀਗੜ੍ਹ/ਸੰਗਰੂਰ, 15 ਫਰਵਰੀ (ਪੰਜਾਬ ਮੇਲ)- ਕਿਸਾਨ ਅੰਦੋਲਨ ਦੇ ਮੱਦੇਨਜ਼ਰ ਪੰਜਾਬ ‘ਚ 16 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ-ਹਰਿਆਣਾ ਸਰਹੱਦ ਨਾਲ ਲੱਗਦੇ ਕਈ ਇਲਾਕਿਆਂ ‘ਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਪਿਛਲੇ 2 ਦਿਨਾਂ ਤੋਂ ਲਗਾਤਾਰ ਖਨੌਰੀ ਅਤੇ ਨਾਲ ਲੱਗਦੇ ਇਲਾਕਿਆਂ ‘ਚ ਇੰਟਰਨੈੱਟ ਸੇਵਾਵਾਂ ਲਗਭਗ ਬੰਦ ਵਾਂਗ ਕੀਤੀਆਂ ਹੋਈਆਂ ਹਨ।
ਸੂਬੇ ਦੇ 3 ਜ਼ਿਲ੍ਹਿਆਂ ਪਟਿਆਲਾ, ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਵਿਖੇ ਇੰਟਰਨੈੱਟ ਸੇਵਾਵਾਂ ਨੂੰ ਬੰਦ ਕੀਤਾ ਗਿਆ ਹੈ। ਪਟਿਆਲਾ ‘ਚ ਸ਼ੁਤਰਾਣਾ, ਸਮਾਣਾ, ਘਨੌਰ, ਦੇਵੀਗੜ੍ਹ ਅਤੇ ਬਲਬੇਰਾ, ਸੰਗਰੂਰ ‘ਚ ਖਨੌਰੀ, ਮੂਣਕ, ਲਹਿਰਾ, ਸੁਨਾਮ, ਛਾਜਲੀ ਵਿਖੇ ਇੰਟਰਨੈੱਟ ਸੇਵਾ ਬੰਦ ਕੀਤੀ ਗਈ ਹੈ। ਇਹ ਹੁਕਮ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਹਨ। ਇਹ ਸੇਵਾਵਾਂ 16 ਫਰਵਰੀ ਦੀ ਰਾਤ 11.59 ਤੱਕ ਬੰਦ ਰਹਿਣਗੀਆਂ।
ਦੱਸਿਆ ਜਾ ਰਿਹਾ ਹੈ ਕਿ 16 ਫਰਵਰੀ ਨੂੰ ਭਾਰਤ ਬੰਦੇ ਦੇ ਸੱਦੇ ਦਰਮਿਆਨ ਇਹ ਫ਼ੈਸਲਾ ਲਿਆ ਗਿਆ ਹੈ। ਇਨ੍ਹਾਂ ਹੁਕਮਾਂ ਦੀ ਕਾਪੀ ਫਤਿਹਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਜਨਤਕ ਕੀਤੀ ਹੈ ਅਤੇ ਨਾਲ ਹੀ ਕਿਹਾ ਹੈ ਕਿ ਇਹ ਬੇਹੱਦ ਗਲਤ ਹੋ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ 13 ਫਰਵਰੀ ਨੂੰ ਜਦੋਂ ਕਿਸਾਨ ਫਤਿਹਗੜ੍ਹ ਸਾਹਿਬ ਤੋਂ ਹਰਿਆਣਾ ਵੱਲ ਮਾਰਚ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਫਤਿਹਗੜ੍ਹ ਸਾਹਿਬ ਤੋਂ ਕੁੱਝ ਲੋਕਾਂ ਦੇ ਫੋਨ ਆਏ ਕਿ ਇੰਟਰਨੈੱਟ ਬੰਦ ਹਨ।
ਫਿਰ ਜਦੋਂ ਬੁੱਧਵਾਰ ਤੱਕ ਵੀ ਇੰਟਰਨੈੱਟ ਸੇਵਾਵਾਂ ਬਹਾਲ ਨਾ ਹੋਈਆਂ ਤਾਂ ਉਨ੍ਹਾਂ ਨੇ ਕੇਂਦਰ ਸਰਕਾਰ ਨਾਲ ਸੰਪਰਕ ਕੀਤਾ। ਉੱਥੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਪੰਜਾਬ ਦੇ ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਦੇ ਕਈ ਇਲਾਕਿਆਂ ‘ਚ 12 ਫਰਵਰੀ ਦੀ ਰਾਤ ਤੋਂ 16 ਫਰਵਰੀ ਦੀ ਰਾਤ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਕਿਸਾਨ ਅੰਦੋਲਨ: ਪੰਜਾਬ ਦੇ ਕਈ ਸ਼ਹਿਰਾਂ ‘ਚ ਇੰਟਰਨੈੱਟ ਸੇਵਾਵਾਂ ਬੰਦ ਰੱਖਣ ਦੇ ਹੁਕਮ ਜਾਰੀ
![](https://punjabmailusa.com/wp-content/uploads/2023/12/mobile-internet.png)