ਨਵੀਂ ਦਿੱਲੀ, 15 ਫਰਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਚੋਣ ਬਾਂਡ ਯੋਜਨਾ ਨੂੰ ਰੱਦ ਕਰਦਿਆਂ ਕਿਹਾ ਕਿ ਇਹ ਸੂਚਨਾ ਦੇ ਅਧਿਕਾਰ ਅਤੇ ਸੰਵਿਧਾਨ ਵੱਲੋਂ ਗਾਰੰਟੀਸ਼ੁਦਾ ਬੋਲਣ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ ਦੀ ਉਲੰਘਣਾ ਕਰਦੀ ਹੈ। ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਯੋਜਨਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਦੋ ਵੱਖ-ਵੱਖ ਪਰ ਸਰਬਸੰਮਤੀ ਨਾਲ ਫ਼ੈਸਲਾ ਸੁਣਾਏ। ਚੀਫ਼ ਜਸਟਿਸ ਨੇ ਕਿਹਾ ਕਿ ਇਹ ਸੰਵਿਧਾਨ ਦੀ ਧਾਰਾ 19(1)(ਏ) ਤਹਿਤ ਬੋਲਣ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੀ ਉਲੰਘਣਾ ਹੈ। ਬੈਂਚ ਨੇ ਕਿਹਾ ਕਿ ਨਾਗਰਿਕਾਂ ਦੀ ਨਿੱਜਤਾ ਦੇ ਮੌਲਿਕ ਅਧਿਕਾਰ ਵਿਚ ਸਿਆਸੀ ਨਿੱਜਤਾ ਦਾ ਅਧਿਕਾਰ ਵੀ ਸ਼ਾਮਲ ਹੈ। ਸਰਕਾਰ ਵੱਲੋਂ 2 ਜਨਵਰੀ, 2018 ਨੂੰ ਚੋਣ ਬਾਂਡ ਯੋਜਨਾ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਸੀ।