#PUNJAB

ਭਾਈ ਕਾਉਂਕੇ ਮਾਮਲੇ ਸਬੰਧੀ ਬਣੀ ਤਾਲਮੇਲ ਇਨਸਾਫ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਦੀ ਡਟਵੀਂ ਹਮਾਇਤ ਦਾ ਐਲਾਨ

ਜਲੰਧਰ, 21 ਫਰਵਰੀ (ਪੰਜਾਬ ਮੇਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਕਟਿੰਗ ਜਥੇਦਾਰ ਸਿੰਘ ਸਾਹਿਬ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਮਾਮਲੇ ਦਾ ਇਨਸਾਫ਼ ਲੈਣ ਲਈ ਪੰਥਕ ਧਿਰਾਂ ਦੀ ਬਣੀ ਤਾਲਮੇਲ ਇਨਸਾਫ਼ ਕਮੇਟੀ ਨੇ ਕਿਸਾਨੀ ਸੰਘਰਸ਼ ਦੀ ਡਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਬੀਤੇ ਦਿਨੀਂ ਇਥੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਸ੍ਰੀ ਦੁਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਜਲੰਧਰ ਵਿਖੇ ਤਾਲਮੇਲ ਇਨਸਾਫ਼ ਕਮੇਟੀ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਭਾਈ ਮੋਹਕਮ ਸਿੰਘ, ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ, ਸ਼ੇਰੇ ਪੰਜਾਬ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਬਠਿੰਡਾ, ਤਜਿੰਦਰ ਸਿੰਘ ਪੰਨੂ ਅਤੇ ਬਲਵਿੰਦਰ ਸਿੰਘ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਮੀਟਿੰਗ ਵਿਚ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਤਾਲਮੇਲ ਇਨਸਾਫ਼ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਦੀ ਡਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ ਹੈ।
ਤਾਲਮੇਲ ਕਮੇਟੀ ਨੇ ਦੇਸ਼-ਵਿਦੇਸ਼ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨੀ ਸੰਘਰਸ਼ ਦੀ ਹਰ ਤਰ੍ਹਾਂ ਨਾਲ ਮਦਦ ਕਰਨ। ਕਿਸਾਨਾਂ ਨੂੰ ਉਹ ਹਰ ਚੀਜ਼ ਮੁਹੱਈਆ ਕਰਵਾਈ ਜਾਵੇ, ਜਿਸ ਦੀ ਉਨ੍ਹਾਂ ਨੂੰ ਲੋੜ ਹੋਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਦਾ ਡਰਾਮਾ ਨਾ ਕਰੇ, ਸਗੋਂ ਸਿੱਧਾ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਐਲਾਨ ਕਰੇ। ਉਨ੍ਹਾਂ ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਕਿਸਾਨਾਂ ‘ਤੇ ਲਾਠੀਚਾਰਜ ਕਰਨ ਤੇ ਹੰਝੂ ਗੈਸ ਦੇ ਗੋਲੇ ਸੁੱਟਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ।
ਇਨਸਾਫ਼ ਕਮੇਟੀ ਨੇ ਦੱਸਿਆ ਕਿ ਜਥੇ. ਕਾਉਂਕੇ ਮਾਮਲੇ ਸਬੰਧੀ ਉਨ੍ਹਾਂ ਨੂੰ ਦੋ ਵਾਰ ਮੁਲਾਕਾਤ ਦਾ ਸਮਾਂ ਦੇ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਆਪਣੇ ਹੋਰ ਰੁਝੇਵੇਂ ਦੱਸ ਕੇ ਮੁਲਾਕਾਤ ਰੱਦ ਕਰ ਦਿੱਤੀ। ਇਸ ਲਈ ਮੀਟਿੰਗ ਵਿਚ ਇਹ ਫੈਸਲਾ ਕੀਤਾ ਗਿਆ ਕਿ ਮੁੱਖ ਮੰਤਰੀ ਪੰਜਾਬ ਇਕ ਹਫ਼ਤੇ ਅੰਦਰ ਇਨਸਾਫ਼ ਕਮੇਟੀ ਨੂੰ ਮੁਲਾਕਾਤ ਦਾ ਸਮਾਂ ਦੇਣ।
ਮੀਟਿੰਗ ਵਿਚ ਲਏ ਤੀਜੇ ਫੈਸਲੇ ਅਨੁਸਾਰ ਕੇਂਦਰ ਸਰਕਾਰ ਕੋਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਪੁਰਜ਼ੋਰ ਮੰਗ ਤੋਂ ਇਲਾਵਾ ਡਿਬਰੂਗੜ੍ਹ ਦੀ ਜੇਲ੍ਹ ਵਿਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ‘ਤੇ ਪਾਏ ਜਾ ਰਹੇ ਝੂਠੇ ਕੇਸਾਂ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਇਨਸਾਫ ਕਮੇਟੀ ਨੇ ਕਿਹਾ ਕਿ ਪੰਜਾਬ ਸਰਕਾਰ ਭਾਈ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਨੂੰ ਰਿਹਾਅ ਕਰਨ ਦਾ ਐਲਾਨ ਕਰੇ।