#INDIA

ਦਿੱਲੀ ਪੁਲਿਸ ਨੇ ‘ਆਪ’ ਮੰਤਰੀ ਹਰਜੋਤ ਬੈਂਸ ਨੂੰ ਮੁੜ ਹਿਰਾਸਤ ‘ਚ ਲਿਆ

ਨਵੀਂ ਦਿੱਲੀ, 26 ਮਾਰਚ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਿਆਸਤ ‘ਚ ਆਇਆ ਭੂਚਾਲ ਰੁੱਕਣ ਦਾ ਨਾਂ ਨਹੀਂ ਲੈ ਰਿਹਾ ਹੈ। ਦਿੱਲੀ ਵਿਚ ਪ੍ਰਦਰਸ਼ਨ ਕਰ ਰਹੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਫਿਰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਇਸ ਦੌਰਾਨ ਹਰਜੋਤ ਬੈਂਸ ਦੇ ਨਾਲ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਹੋਰ ਵਰਕਰਾਂ ਅਤੇ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ‘ਆਪ’ ਆਗੂਆਂ ਵੱਲੋਂ ਪ੍ਰਧਾਨ ਮੰਤਰੀ ਆਵਾਸ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਦਿੱਲੀ ਦੇ ਪਟੇਲ ਚੌਕ ਤੋਂ ‘ਆਪ’ ਆਗੂਆਂ ਨੂੰ ਪੁਲਿਸ ਨੇ ਡਿਟੇਨ ਕਰ ਲਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਦੂਜੀ ਵਾਰ ਹਰਜੋਤ ਸਿੰਘ ਬੈਂਸ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਇਸ ਤੋਂ ਪਹਿਲਾਂ ਬੀਤੇ ਸ਼ੁੱਕਰਵਾਰ ਨੂੰ ਬੈਂਸ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਸੀ। ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਦੇਸ਼ ਭਰ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਥੋਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਸਣੇ ‘ਆਪ’ ਦੇ ਸਾਰੇ ਆਗੂਆਂ ਨੇ ਆਪਣੇ ਪ੍ਰੋਫਾਈਲ ਦੀਆਂ ਤਸਵੀਰਾਂ ਵੀ ਬਦਲ ਲਈਆਂ ਹਨ। ਇਨ੍ਹਾਂ ਤਸਵੀਰਾਂ ਵਿਚ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਦਿਆਂ ਲਿਖਿਆ ਗਿਆ ਹੈ ‘ਮੋਦੀ ਦਾ ਸਭ ਤੋਂ ਵੱਡਾ ਡਰ, ਕੇਜਰੀਵਾਲ’।