#PUNJAB

ਪਟਿਆਲਾ ਤੋਂ ‘ਆਪ’ ਦੇ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਕਾਂਗਰਸ ’ਚ ਸ਼ਾਮਲ

ਨਵੀਂ ਦਿੱਲੀ, 1 ਅਪਰੈਲ (ਪੰਜਾਬ ਮੇਲ) –ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।ਸ੍ਰੀ ਗਾਂਧੀ ਦੇ ਪਟਿਆਲਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਵਜੋਂ ਚੋਣ ਲੜਨ ਦੀ ਸੰਭਾਵਨਾ ਹੈ। ਧਰਮਵੀਰ ਗਾਂਧੀ ਨੇ 2014 ਵਿੱਚ ‘ਆਪ’ ਉਮੀਦਵਾਰ ਵਜੋਂ ਪਟਿਆਲਾ ਤੋਂ ਪ੍ਰਨੀਤ ਕੌਰ ਨੂੰ ਹਰਾ ਕੇ ਲੋਕ ਸਭਾ ਚੋਣ ਜਿੱਤੀ ਸੀ। ਗਾਂਧੀ, ਜੋ ਪੇਸ਼ੇ ਤੋਂ ਡਾਕਟਰ ਹਨ, ਨੇ ਬਾਅਦ ਵਿੱਚ 2016 ਵਿੱਚ ‘ਆਪ’ ਨੂੰ ਛੱਡ ਦਿੱਤਾ ਅਤੇ ਆਪਣੀ ਨਵਾਂ ਪੰਜਾਬ ਪਾਰਟੀ ਬਣਾਈ, ਜਿਸ ਨੂੰ ਉਨ੍ਹਾਂ ਅੱਜ ਕਾਂਗਰਸ ਵਿੱਚ ਰਲਾ ਦਿੱਤਾ। ਪਾਰਟੀ ਆਗੂ ਪਵਨ ਖੇੜਾ ਅਤੇ ਏਆਈਸੀਸੀ ਪੰਜਾਬ ਦੇ ਇੰਚਾਰਜ ਦੇਵੇਂਦਰ ਯਾਦਵ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਗਾਂਧੀ ਦਾ ਪਾਰਟੀ ਵਿੱਚ ਸਵਾਗਤ ਕੀਤਾ। ਬਾਜਵਾ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਕਾਂਗਰਸ ਹੋਰ ਮਜ਼ਬੂਤ ​​ਹੋਵੇਗੀ ਜਦਕਿ ਵੜਿੰਗ ਨੇ ਕਿਹਾ ਕਿ ਅਜਿਹੇ ਪੇਸ਼ੇਵਰਾਂ ਦਾ ਪਾਰਟੀ ‘ਚ ਸ਼ਾਮਲ ਹੋਣਾ ਚੰਗਾ ਸੰਕੇਤ ਹੈ।