ਜਲੰਧਰ, 10 ਅਪ੍ਰੈਲ (ਪੰਜਾਬ ਮੇਲ)- ਜਲੰਧਰ ਦੇ ਭੋਗਪੁਰ ਸਥਿਤ ਇਕ ਸ਼ੂਗਰ ਮਿੱਲ ਵਿਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਤੋਂ ਬਾਅਦ ਮੌਕੇ ‘ਤੇ ਹੜਕੰਪ ਮੱਚ ਗਿਆ। ਦੱਸਿਆ ਜਾ ਰਿਹਾ ਹੈ ਕਿ ਖੰਡ ਮਿੱਲ ‘ਚ ਸ਼ਾਰਟ ਸਰਕਿਟ ਕਾਰਨ ਅੱਗ ਲੱਗੀ ਹੈ। ਇਸ ਤੋਂ ਬਾਅਦ ਘਟਨਾ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।
ਇਹ ਅੱਗ ਇੰਨੀ ਭਿਆਨਕ ਸੀ ਕਿ ਕਾਲਾ ਧੂੰਆਂ ਅਤੇ ਅੱਗ ਦੀਆਂ ਲਪਟਾਂ ਦੂਰੋਂ ਹੀ ਵਿਖਾਈ ਦੇ ਰਹੀਆਂ ਸਨ। ਇਸ ਘਟਨਾ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ। ਅੱਗ ਨੂੰ ਕਾਬੂ ਕਰਨ ਲਈ ਅੱਧੀ ਦਰਜਨ ਤੋਂ ਵੱਧ ਫਾਇਰ ਇੰਜਣਾਂ ਨੂੰ ਲੱਗ ਗਿਆ। ਅੱਗ ਲੱਗਣ ਕਾਰਨ ਮਿੱਲ ਮਾਲਕ ਦਾ ਭਾਰੀ ਨੁਕਸਾਨ ਹੋ ਗਿਆ ਅਤੇ ਸਾਮਾਨ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।