ਜਲੰਧਰ, 22 ਜੂਨ (ਪੰਜਾਬ ਮੇਲ)- ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ 23 ਉਮੀਦਵਾਰਾਂ ਵੱਲੋਂ ਕੁੱਲ 35 ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਗਏ ਹਨ। ਸ਼ੁੱਕਰਵਾਰ ਨੂੰ ਆਖ਼ਰੀ ਦਿਨ 14 ਉਮੀਦਵਾਰਾਂ ਨੇ ਰਿਟਰਨਿੰਗ ਅਫ਼ਸਰ ਕੋਲ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ, ਜਿਨ੍ਹਾਂ ਵਿਚੋਂ 4 ਉਮੀਦਵਾਰਾਂ ਨੇ ਕਵਰਿੰਗ ਉਮੀਦਵਾਰਾਂ ਵਜੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ। ਵੀਰਵਾਰ ਤੱਕ 9 ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਸਨ।
ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਪਾਲ, ਕਾਂਗਰਸ ਪਾਰਟੀ ਦੀ ਉਮੀਦਵਾਰ ਸੁਰਿੰਦਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਵੱਲੋਂ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬਲਵਿੰਦਰ ਕੁਮਾਰ, ਅਜੈ, ਵਰੁਣ ਕਲੇਰ, ਅਮਿਤ ਕੁਮਾਰ, ਆਰਤੀ, ਦੀਪਕ ਭਗਤ ਅਤੇ ਮਹਿੰਦਰ ਪਾਲ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਹਨ।
ਇਸ ਤੋਂ ਇਲਾਵਾ ਅਤੁਲ ਭਗਤ ਕਵਰਿੰਗ ਉਮੀਦਵਾਰ ਆਮ ਆਦਮੀ ਪਾਰਟੀ, ਕਰਨ ਸੁਮਨ ਕਵਰਿੰਗ ਉਮੀਦਵਾਰ ਕਾਂਗਰਸ ਪਾਰਟੀ, ਪਰਮਜੀਤ ਮੱਲ ਕਵਰਿੰਗ ਉਮੀਦਵਾਰ ਬਹੁਜਨ ਸਮਾਜ ਪਾਰਟੀ ਅਤੇ ਅੰਜੂ ਅਗਰਵਾਲ ਕਵਰਿੰਗ ਉਮੀਦਵਾਰ ਭਾਰਤੀ ਜਨਤਾ ਪਾਰਟੀ ਨੇ ਕਾਗਜ਼ ਦਾਖਲ ਕੀਤੇ।
ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ (ਅ.ਜ.) ਦੀ ਜ਼ਿਮਨੀ ਚੋਣ ਲਈ ਹੁਣ ਤੱਕ 23 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 24 ਜੂਨ ਨੂੰ ਨਾਮਜ਼ਦਗੀ ਕਾਗਜ਼ਾਂ ਦੀ ਪੜਤਾਲ ਹੋਵੇਗੀ ਅਤੇ 26 ਜੂਨ ਤੱਕ ਨਾਮਜ਼ਦਗੀ ਕਾਗਜ਼ ਵਾਪਸ ਲਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ 13 ਜੁਲਾਈ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।