#PUNJAB

ਸਿਆਸੀ ਪਾਰਟੀਆਂ ਲਈ ਵੱਕਾਰ ਦਾ ਸਵਾਲ ਬਣੀ ਜਲੰਧਰ ਜ਼ਿਮਨੀ ਚੋਣ

ਜਲੰਧਰ, 1 ਜੁਲਾਈ (ਪੰਜਾਬ ਮੇਲ)- ਜਲੰਧਰ ਵੈਸਟ ਵਿਧਾਨ ਸਭਾ ਹਲਕੇ ‘ਚ 10 ਜੁਲਾਈ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਗਰਮਾ ਰਿਹਾ ਹੈ। ਇਸ ਸੀਟ ਨੂੰ ਜਿੱਤਣਾ ਭਾਜਪਾ, ‘ਆਪ’ ਅਤੇ ਕਾਂਗਰਸ ਦੇ ਵੱਕਾਰ ਦਾ ਸਵਾਲ ਬਣ ਚੁੱਕਾ ਹੈ। ਜਲੰਧਰ ਵੈਸਟ ਦੀ ਇਹ ਸੀਟ ਕਿਸ ਪਾਰਟੀ ਦੀ ਝੋਲੀ ‘ਚ ਜਾਵੇਗੀ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਪਰ ਇਸ ਸੀਟ ਨੂੰ ਜਿੱਤਣ ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਅੱਡੀ-ਚੋਟੀ ਦਾ ਜ਼ੋਰ ਲਾਇਆ ਹੋਇਆ ਹੈ।
ਜ਼ਿਕਰਯੋਗ ਹੈ ਕਿ ਸਾਲ 2022 ‘ਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਲੜ ਕੇ ਸ਼ੀਤਲ ਅੰਗੁਰਾਲ ਜਲੰਧਰ ਵੈਸਟ ਤੋਂ ਵਿਧਾਇਕ ਬਣੇ ਸਨ ਪਰ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਭਾਜਪਾ ‘ਚ ਸ਼ਾਮਲ ਹੋ ਗਏ। ਇਸ ਦੌਰਾਨ ਉਨ੍ਹਾਂ ਨੇ ਆਪਣੇ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਭੇਜ ਦਿੱਤਾ। ਹਾਲਾਂਕਿ ਬਾਅਦ ‘ਚ ਉਨ੍ਹਾਂ ਨੇ ਅਸਤੀਫ਼ਾ ਵਾਪਸ ਲੈਣ ਚਾਹਿਆ ਪਰ ਇਸ ਤੋਂ ਪਹਿਲਾਂ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਹੋ ਚੁੱਕਾ ਸੀ। ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਇਹ ਸੀਟ ਖ਼ਾਲੀ ਹੋ ਗਈ। ਇਸ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਹੁਣ ਭਾਜਪਾ ਵੱਲੋਂ ਸ਼ੀਤਲ ਅੰਗੁਰਾਲ, ਆਮ ਆਦਮੀ ਪਾਰਟੀ ਵੱਲੋਂ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸੁਰਿੰਦਰ ਕੌਰ ਚੋਣ ਮੈਦਾਨ ‘ਚ ਹੈ।
ਹਾਲ ਹੀ ‘ਚ ਹੋਈਆਂ ਲੋਕ ਸਭਾ ਚੋਣਾਂ ‘ਚ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਤੋਂ ਇਲਾਵਾ ਭਾਜਪਾ ਅਹੁਦੇਦਾਰਾਂ ਅਤੇ ਵਰਕਰਾਂ ਦੀ ਲੰਬੀ-ਚੌੜੀ ਫ਼ੌਜ ਹੋਣ ਦੇ ਬਾਵਜੂਦ ਭਾਜਪਾ ਨੂੰ ਲਗਭਗ 1550 ਵੋਟ ਤੋਂ ਵੈਸਟ ਹਲਕੇ ‘ਚ ਹਾਰ ਮਿਲੀ। ਹੁਣ ਭਾਜਪਾ ਇਸ ਸੀਟ ਨੂੰ ਜਿੱਤਣ ਲਈ ਪੂਰਾ ਜ਼ੋਰ ਲਾ ਰਹੀ ਹੈ। ਆਉਣ ਵਾਲੇ ਦਿਨਾਂ ‘ਚ ਕਈ ਸਟਾਰ ਪ੍ਰਚਾਰਕ ਵੀ ਪ੍ਰਚਾਰ ਕਰਨ ਆਉਣਗੇ। ਉਥੇ ਹੀ ਦੂਜੇ ਪਾਸੇ ਸੱਤਾ ਪੱਖ ਆਮ ਆਦਮੀ ਪਾਰਟੀ ਇਸ ਸੀਟ ਨੂੰ ਹਰ ਹਾਲ ‘ਚ ਜਿੱਤਣਾ ਚਾਹੁੰਦੀ ਹੈ ਕਿਉਂਕਿ ਇਹ ਸੀਟ ਪਹਿਲਾਂ ਆਮ ਆਦਮੀ ਪਾਰਟੀ ਦੇ ਕੋਲ ਸੀ। ਮੁੱਖ ਮੰਤਰੀ ਭਗਵੰਤ ਮਾਨ ਇਸ ਸੀਟ ਨੂੰ ਜਿੱਤ ਕੇ ਇਤਿਹਾਸ ਦੁਹਰਾਉਣਾ ਚਾਹੁੰਦੇ ਹਨ। ਇਸ ਲਈ ਉਨ੍ਹਾਂ ਨੇ ਜਲੰਧਰ ‘ਚ ਕੋਠੀ ਵੀ ਕਿਰਾਏ ‘ਤੇ ਲੈ ਲਈ ਹੈ।
ਉਥੇ ਲੋਕ ਸਭਾ ਚੋਣਾਂ ‘ਚ ਕਾਂਗਰਸ ਨੂੰ ਮਿਲੀ ਵੱਡੀ ਜਿੱਤ ਨਾਲ ਕਾਂਗਰਸੀ ਕਾਫ਼ੀ ਉਤਸ਼ਾਹਤ ਹਨ। ਵੈਸਟ ਹਲਕੇ ‘ਚ ਕਾਂਗਰਸ ਨੂੰ ਮਿਲੀ ਜਿੱਤ ਨਾਲ ਵੀ ਕਾਂਗਰਸ ਦੇ ਹੌਂਸਲੇ ਬੁਲੰਦ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੀ ਇਸ ਸੀਟ ਨੂੰ ਜਿੱਤਣ ਲਈ ਪੂਰਾ ਜ਼ੋਰ ਲਾ ਰਹੇ ਹਨ। ਇਸ ਸੀਟ ‘ਤੇ 10 ਜੁਲਾਈ ਨੂੰ ਵੋਟਿੰਗ ਹੋਵੇਗੀ ਤੇ 13 ਜੁਲਾਈ ਨੂੰ ਨਤੀਜਾ ਐਲਾਨ ਕੀਤਾ ਜਾਵੇਗਾ।