#PUNJAB

ਸ਼੍ਰੋਮਣੀ ਅਕਾਲੀ ਦਲ ਸੰਕਟ: ਅਕਾਲੀ ਦਲ ਦੇ ਬਾਗ਼ੀ ਧੜੇ ਵੱਲੋਂ ਅਕਾਲ ਤਖ਼ਤ ‘ਤੇ ਖਿਮਾ ਯਾਚਨਾ

-ਅਕਾਲੀ ਸਰਕਾਰ ਵੇਲੇ ਹੋਈਆਂ ਵੱਡੀਆਂ ਗਲਤੀਆਂ ਤੇ ਭੁੱਲਾਂ ਦਾ ਕੀਤਾ ਇੰਕਸ਼ਾਫ
ਅੰਮ੍ਰਿਤਸਰ, 2 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਵਿਚਾਲੇ ਪੈਦਾ ਹੋਇਆ ਸੰਕਟ ਉਸ ਵੇਲੇ ਹੋਰ ਡੂੰਘਾ ਹੋ ਗਿਆ, ਜਦੋਂ ਨਾਰਾਜ਼ ਅਕਾਲੀ ਆਗੂਆਂ ਦੇ ਧੜੇ ਨੇ ਅਕਾਲ ਤਖਤ ਪਹੁੰਚ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇੱਕ ਖਿਮਾ ਯਾਚਨਾ ਪੱਤਰ ਸੌਂਪਿਆ ਤੇ ਅਕਾਲੀ ਸਰਕਾਰ ਵੇਲੇ ਹੋਈਆਂ ਵੱਡੀਆਂ ਗਲਤੀਆਂ ਤੇ ਭੁੱਲਾਂ ਦਾ ਇੰਕਸ਼ਾਫ ਕੀਤਾ। ਉਨ੍ਹਾਂ ਨੇ ਖਿਮਾ ਲਈ ਅਰਦਾਸ ਵੀ ਕੀਤੀ।
ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਪੱਧਰ ‘ਤੇ ਹੀ ਅਕਾਲ ਤਖਤ ਵਿਖੇ ਅਰਦਾਸ ਕਰਕੇ ਭੁੱਲਾਂ ਦੀ ਖਿਮਾ ਯਾਚਨਾ ਕੀਤੀ ਜਾ ਚੁੱਕੀ ਹੈ ਪਰ ਉਸ ਵੇਲੇ ਕਿਹੜੀਆਂ-ਕਿਹੜੀਆਂ ਭੁੱਲਾਂ ਤੇ ਗਲਤੀਆਂ ਹੋਈਆਂ ਹਨ, ਉਨ੍ਹਾਂ ਬਾਰੇ ਕਦੇ ਖੁਲਾਸਾ ਨਹੀਂ ਕੀਤਾ ਗਿਆ ਸੀ ਪਰ ਬਾਗ਼ੀ ਧੜੇ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਜਥੇਦਾਰ ਨੂੰ ਪੱਤਰ ਸੌਂਪਣ ਵਾਲਿਆਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਭਾਈ ਮਨਜੀਤ ਸਿੰਘ, ਸੁਰਜੀਤ ਸਿੰਘ ਰੱਖੜਾ, ਸੁੱਚਾ ਸਿੰਘ ਛੋਟੇਪੁਰ, ਗੁਰਪ੍ਰਤਾਪ ਸਿੰਘ ਵਡਾਲਾ, ਸਰਵਣ ਸਿੰਘ ਫਿਲੌਰ, ਚਰਨਜੀਤ ਸਿੰਘ ਬਰਾੜ, ਸੁਖਵੰਤ ਸਿੰਘ, ਤਜਿੰਦਰ ਪਾਲ ਸਿੰਘ, ਬੀਬੀ ਪਰਮਜੀਤ ਕੌਰ ਲਾਂਡਰਾਂ, ਰਣਧੀਰ ਸਿੰਘ ਰੱਖੜਾ, ਕਰਨੈਲ ਸਿੰਘ ਪੰਜੋਲੀ ਤੇ ਹੋਰ ਸ਼ਾਮਲ ਸਨ।

ਅਕਾਲ ਤਖ਼ਤ ‘ਤੇ ਅਰਦਾਸ ਕਰਦੇ ਹੋਏ ਅਕਾਲੀ ਦਲ ਦੇ ਬਾਗ਼ੀ ਧੜੇ ਦੇ ਆਗੂ।

ਉਨ੍ਹਾਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਚਾਰ ਸਫਿਆਂ ਦਾ ਇੱਕ ਪੱਤਰ ਦਿੱਤਾ, ਜਿਸ ਵਿਚ ਅਕਾਲੀ ਸਰਕਾਰ ਵੇਲੇ ਹੋਈਆਂ ਗਲਤੀਆਂ ਅਤੇ ਭੁੱਲਾਂ ਦਾ ਜ਼ਿਕਰ ਕੀਤਾ ਗਿਆ ਹੈ। ਇਨ੍ਹਾਂ ਵਿਚ 2007 ਦਾ ਸਲਾਬਤਪੁਰਾ ਕੇਸ, ਜਿਸ ਵਿਚ ਡੇਰਾ ਸਿਰਸਾ ਦੇ ਮੁਖੀ ਵੱਲੋਂ ਦਸਵੇਂ ਗੁਰੂ ਗੋਬਿੰਦ ਸਿੰਘ ਵਾਂਗ ਅੰਮ੍ਰਿਤ ਛਕਾਉਣ ਦੀ ਨਕਲ ਕੀਤੀ ਗਈ ਸੀ, ਵੀ ਸ਼ਾਮਲ ਹੈ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਉਸ ਵੇਲੇ ਪੁਲਿਸ ਕੇਸ ਤਾਂ ਦਰਜ ਹੋਇਆ ਸੀ ਪਰ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਅਗਲੀ ਕਾਰਵਾਈ ਕਰਨ ਦੀ ਥਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਇਹ ਕੇਸ ਵਾਪਸ ਲੈ ਲਿਆ। ਦੂਜਾ ਮਾਮਲਾ 2015 ਵਿਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦਾ ਹੈ, ਜਿਸ ਵਿਚ ਉਸ ਵੇਲੇ ਦੀ ਅਕਾਲੀ ਸਰਕਾਰ ਅਤੇ ਬਤੌਰ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਂ ਸਿਰ ਸਹੀ ਜਾਂਚ ਕਰਵਾਉਣ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ ਵਿਚ ਅਸਫਲ ਰਹੇ। ਤੀਜਾ ਮਾਮਲਾ ਡੇਰਾ ਸਿਰਸਾ ਦੇ ਮੁਖੀ ਨੂੰ ਬਿਨਾ ਮੰਗਿਆਂ ਮਾਫੀ ਦੇਣ ਸਬੰਧੀ ਹੈ। ਚੌਥਾ ਮਾਮਲਾ ਸੁਮੇਧ ਸੈਣੀ ਨੂੰ ਪੰਜਾਬ ਪੁਲਿਸ ਦਾ ਮੁਖੀ ਬਣਾਉਣ ਅਤੇ ਅੱਤਵਾਦ ਵੇਲੇ ਪੰਜਾਬ ‘ਚ ਹੋਏ ਝੂਠੇ ਮੁਕਾਬਲਿਆਂ ਦੀ ਜਾਂਚ ਲਈ ਜਾਂਚ ਕਮਿਸ਼ਨ ਨਾ ਬਣਾਉਣ ਸਬੰਧੀ ਹੈ।
ਇਸ ਬਾਰੇ ਬੀਬੀ ਜਗੀਰ ਕੌਰ ਅਤੇ ਚੰਦੂਮਾਜਰਾ ਨੇ ਕਿਹਾ ਕਿ ਬਾਗ਼ੀ ਅਕਾਲੀ ਆਗੂਆਂ ਨੇ ਪਾਰਟੀ ਪ੍ਰਧਾਨ ਨੂੰ ਇਸ ਸਬੰਧੀ ਅਕਾਲ ਤਖਤ ਤੋਂ ਭੁੱਲ ਬਖਸ਼ਾਉਣ ਵਾਸਤੇ ਕਈ ਵਾਰ ਕਿਹਾ ਗਿਆ ਪਰ ਉਨ੍ਹਾਂ ਨੇ ਇਹ ਗੱਲ ਅਣਸੁਣੀ ਕਰ ਦਿੱਤੀ, ਜਿਸ ਕਾਰਨ ਪੰਜਾਬ ਦੇ ਲੋਕਾਂ ਵਿਚ ਪਾਰਟੀ ਪ੍ਰਤੀ ਨਾਰਾਜ਼ਗੀ ਹੈ। ਇਸ ਦਾ ਸਿੱਟਾ ਇਹ ਨਿਕਲਿਆ ਕਿ ਦੇਸ਼ ਅਤੇ ਪੰਜਾਬ ‘ਚ ਸਿੱਖਾਂ ਦੇ ਮਸਲਿਆਂ ਨੂੰ ਸਰਕਾਰਾਂ ਵੱਲੋਂ ਨਜ਼ਰਅੰਦਾਜ਼ ਕੀਤਾ ਜਾਣ ਲੱਗਾ। ਬਾਗ਼ੀ ਅਕਾਲੀ ਆਗੂਆਂ ਨੇ ਮੰਨਿਆ ਕਿ ਇਸ ਸਾਰੇ ਘਟਨਾਕ੍ਰਮ ਦੌਰਾਨ ਉਹ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦਾ ਹਿੱਸਾ ਰਹੇ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਅਕਾਲ ਤਖਤ ਦੇ ਜਥੇਦਾਰ ਨੂੰ ਖਿਮਾ ਯਾਚਨਾ ਸਬੰਧੀ ਪੱਤਰ ਸੌਂਪਿਆ ਹੈ ਅਤੇ ਜਥੇਦਾਰ ਰਘਬੀਰ ਸਿੰਘ ਨੇ ਇਸ ਮਾਮਲੇ ਨੂੰ ਵਿਚਾਰਨ ਦਾ ਭਰੋਸਾ ਦਿੱਤਾ ਹੈ। ਇਸ ਦੌਰਾਨ ਅਕਾਲੀ ਦਲ ਦੇ ਬਾਗ਼ੀ ਆਗੂਆਂ ‘ਚੋਂ ਕੁਝ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਨੂੰ ਵੀ ਮਿਲੇ। ਇਸ ਦੀ ਪੁਸ਼ਟੀ ਕਰਦਿਆਂ ਚੰਦੂਮਾਜਰਾ ਨੇ ਆਖਿਆ ਕਿ ਇਹ ਇੱਕ ਗੈਰਰਸਮੀ ਮੁਲਾਕਾਤ ਸੀ।