ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਵੱਖਰੇ ਤੌਰ ’ਤੇ ਸਪਸ਼ਟੀਕਰਨ ਸੌਂਪਿਆ
* ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਮਗਰੋਂ ਹੋਵੇਗੀ ਅਗਲੇਰੀ ਕਾਰਵਾਈ
ਅੰਮ੍ਰਿਤਸਰ, 25 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਇਥੇ ਸ੍ਰੀ ਅਕਾਲ ਤਖਤ ਅੱਗੇ ਪੇਸ਼ ਹੋਏ। ਉਨ੍ਹਾਂ ਆਪਣਾ ਸਪਸ਼ਟੀਕਰਨ ਬੰਦ ਲਿਫਾਫੇ ਵਿਚ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ।
ਜਥੇਦਾਰ ਨੇ ਕਿਹਾ ਕਿ ਇਸ ਸਪਸ਼ਟੀਕਰਨ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਵਿਚਾਰਨ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਆਪਣਾ ਸਪਸ਼ਟੀਕਰਨ ਅਕਾਲ ਤਖ਼ਤ ਵਿਖੇ ਸੌਂਪ ਦਿੱਤਾ ਹੈ। ਪੰਜ ਸਿੰਘ ਸਾਹਿਬਾਨ ਦੀ 15 ਜੁਲਾਈ ਨੂੰ ਹੋਈ ਬੈਠਕ ਵਿੱਚ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਿਰੋਧੀ ਧੜੇ ਵੱਲੋਂ ਲਾਏ ਗਏ ਦੋਸ਼ਾਂ ਸਬੰਧੀ ਸਪਸ਼ਟੀਕਰਨ ਦੇਣ ਲਈ 15 ਦਿਨਾਂ ਅੰਦਰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਸ੍ਰੀ ਬਾਦਲ ਨੇ ਉਪਰੋਕਤ ਦੋਸ਼ਾਂ ਦੇ ਸਬੰਧ ਵਿਚ ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਸਪਸ਼ਟੀਕਰਨ ਸੌਂਪਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ, ਮਹੇਸ਼ ਇੰਦਰ ਸਿੰਘ ਗਰੇਵਾਲ ਤੇ ਹੋਰ ਹਾਜ਼ਰ ਸਨ।