#INDIA

ਸਵਾਤੀ ਮਾਲੀਵਾਲ ਕੇਸ: ਹਾਈ ਕੋਰਟ ਵੱਲੋਂ ਕੇਜਰੀਵਾਲ ਦੇ ਨਿੱਜੀ ਸਕੱਤਰ ਵਿਭਵ ਕੁਮਾਰ ਨੂੰ ਝਟਕਾ

-ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦੀ ਪਟੀਸ਼ਨ ਖਾਰਜ ਕੀਤੀ
ਨਵੀਂ ਦਿੱਲੀ, 2 ਅਗਸਤ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ‘ਤੇ ਕਥਿਤ ਹਮਲੇ ਨਾਲ ਸਬੰਧਤ ਕੇਸ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਵਿਭਵ ਕੁਮਾਰ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਨੇ ਕਿਹਾ, ”ਪਟੀਸ਼ਨ ਰੱਦ ਕੀਤੀ ਜਾਂਦੀ ਹੈ।” ਕੁਮਾਰ, ਜੋ ਇਸ ਵੇਲੇ ਨਿਆਂਇਕ ਹਿਰਾਸਤ ਵਿਚ ਹੈ, ਨੇ 13 ਮਈ ਨੂੰ ਕੇਜਰੀਵਾਲ ਦੀ ਅਧਿਕਾਰਤ ਰਿਹਾਇਸ਼ ‘ਤੇ ਮਾਲੀਵਾਲ ਉੱਤੇ ਕਥਿਤ ਹਮਲਾ ਕੀਤਾ ਸੀ। ਕੁਮਾਰ ਨੂੰ 18 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਕੁਮਾਰ ਨੇ ਆਪਣੀ ਗ੍ਰਿਫ਼ਤਾਰੀ ਨੂੰ ਗ਼ੈਰਕਾਨੂੰਨੀ ਐਲਾਨੇ ਜਾਣ ਦੀ ਮੰਗ ਕੀਤੀ ਸੀ। ਉਧਰ ਦਿੱਲੀ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਵਿਭਵ ਕੁਮਾਰ ਨੂੰ ‘ਕਾਹਲੀ’ ਵਿਚ ਨਹੀਂ, ਬਲਕਿ ਕਾਨੂੰਨ ਮੁਤਾਬਕ ਹੀ ਹਿਰਾਸਤ ਵਿਚ ਲਿਆ ਗਿਆ ਸੀ।