ਚੰਡੀਗੜ੍ਹ, 17 ਅਗਸਤ (ਪੰਜਾਬ ਮੇਲ)- ਕੋਲਕਾਤਾ ਦੇ ਸਰਕਾਰੀ ਹਸਪਤਾਲ ਵਿੱਚ ਸਿਖਿਆਰਥੀ ਮਹਿਲਾ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਖ਼ਿਲਾਫ਼ ਡਾਕਟਰਾਂ ਨੇ ਅੱਜ ਪੰਜਾਬ ਅਤੇ ਹਰਿਆਣਾ ਵਿਚ ਕਈ ਥਾਵਾਂ ‘ਤੇ ਪ੍ਰਦਰਸ਼ਨ ਕੀਤੇ ਅਤੇ ਕੰਮ ਵਾਲੀਆਂ ਥਾਵਾਂ ‘ਤੇ ਡਾਕਟਰਾਂ ਤੇ ਹੋਰ ਸਹਿਯੋਗੀ ਸਟਾਫ ਦੀ ਸੁਰੱਖਿਆ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀ ਡਾਕਟਰਾਂ ਨੇ ਕਿਹਾ ਕਿ ਓ.ਪੀ.ਡੀਜ਼ ਦੀਆਂ ਸੇਵਾਵਾਂ ਠੱਪ ਰਹੀਆਂ ਅਤੇ ਕੁੱਝ ਸਰਜਰੀਆਂ ਵੀ ਨਹੀਂ ਕੀਤੀਆਂ ਗਈਆਂ ਪਰ ਐਮਰਜੰਸੀ ਸੇਵਾਵਾਂ ਪ੍ਰਭਾਵਿਤ ਨਹੀਂ ਹੋਈਆਂ। ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਕਥਿਤ ਬਲਾਤਕਾਰ ਅਤੇ ਹੱਤਿਆ ਅਤੇ ਇਸ ਤੋਂ ਬਾਅਦ ਕੀਤੀ ਗਈ ਭੰਨਤੋੜ ਦੇ ਵਿਰੋਧ ਵਿਚ ਅੱਜ ਸਵੇਰੇ 6 ਵਜੇ ਤੋਂ 24 ਘੰਟਿਆਂ ਲਈ ਗੈਰ-ਐਮਰਜੈਂਸੀ ਸੇਵਾਵਾਂ ਠੱਪ ਕਰਨ ਦਾ ਦੇਸ਼ ਵਿਆਪੀ ਸੱਦਾ ਦਿੱਤਾ ਹੈ। ਇਸੇ ਦੌਰਾਨ ਚੰਡੀਗੜ੍ਹ ਦੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀ.ਜੀ.ਆਈ.ਐੱਮ.ਈ.ਆਰ.) ਵਿਚ ਰੈਜ਼ੀਡੈਂਟ ਡਾਕਟਰਾਂ ਦਾ ਧਰਨਾ ਅੱਜ ਛੇਵੇਂ ਦਿਨ ਵਿਚ ਦਾਖ਼ਲ ਹੋ ਗਿਆ। ਪੁਰਾਣੇ ਅਤੇ ਨਵੇਂ ਮਰੀਜ਼ਾਂ ਲਈ ਓ.ਪੀ.ਡੀ. ਸੇਵਾਵਾਂ ਬੰਦ ਰਹੀਆਂ ਪਰ ਐਮਰਜੰਸੀ ਅਤੇ ਗੰਭੀਰ ਦੇਖਭਾਲ ਸੇਵਾਵਾਂ ਜਾਰੀ ਰਹੀਆਂ। ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਵੱਲੋਂ ਦਿੱਤੇ ਗਏ ਹੜਤਾਲ ਦੇ ਸੱਦੇ ਦਾ ਪੀ.ਜੀ.ਆਈ.ਐੱਮ.ਈ.ਆਰ. ਚੰਡੀਗੜ੍ਹ ਦੀ ਫੈਕਲਟੀ ਐਸੋਸੀਏਸ਼ਨ ਵੀ ਸਮਰਥਨ ਕਰ ਰਹੀ ਹੈ।