ਗੁਰੂਸਰ ਸੁਧਾਰ, 19 ਅਗਸਤ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਕੌਮਾਂਤਰੀ ਹਵਾਈ ਅੱਡਾ ਹਲਵਾਰਾ ਤੋਂ ਇਸੇ ਸਾਲ ਨਵੰਬਰ ਤੱਕ ਹਵਾਈ ਉਡਾਣਾਂ ਸ਼ੁਰੂ ਕਰਨ ਦਾ ਦਾਅਵਾ ਕੀਤਾ ਹੈ। ਟਾਟਾ ਸਮੂਹ ਹਵਾਈ ਕੰਪਨੀਆਂ ਦੇ ਅਧਿਕਾਰੀਆਂ ਨਾਲ ਦਿੱਲੀ ਵਿਚ ਵਿਚਾਰ-ਚਰਚਾ ਤੋਂ ਬਾਅਦ ਸ਼੍ਰੀ ਅਰੋੜਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਟਾਟਾ ਸਮੂਹ ਦੇ ਚੇਅਰਮੈਨ ਐੱਨ. ਚੰਦਰਸ਼ੇਖਰਨ ਨੂੰ ਪਿਛਲੇ ਸਮੇਂ ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਕਰਨ ਲਈ ਬੇਨਤੀ ਕੀਤੀ ਗਈ ਸੀ, ਜਿਸ ਦਾ ਉਨ੍ਹਾਂ ਨੇ ਹਾਂ-ਪੱਖੀ ਹੁੰਗਾਰਾ ਭਰਿਆ ਹੈ। ਸੰਜੀਵ ਅਰੋੜਾ ਨੇ ਦਾਅਵਾ ਕੀਤਾ ਕਿ ਟਾਟਾ ਸਮੂਹ ਦੀਆਂ ਹਵਾਈ ਕੰਪਨੀਆਂ ਦੇ ਰਲੇਵੇਂ ਦੀ ਪ੍ਰਕਿਰਿਆ ਜਾਰੀ ਹੈ ਅਤੇ ਇਹ ਨਵੰਬਰ ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ। ਟਾਟਾ ਸਮੂਹ ਦੇ ਅਧਿਕਾਰੀਆਂ ਨੇ ਮੀਟਿੰਗ ਦੌਰਾਨ ਦੱਸਿਆ ਕਿ ਰਲੇਵੇਂ ਦੀ ਪ੍ਰਕਿਰਿਆ ਮੁਕੰਮਲ ਹੋਣ ਬਾਅਦ ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਕਰਨ ਬਾਰੇ ਸਰਵੇਖਣ ਸ਼ੁਰੂ ਕੀਤਾ ਜਾਵੇਗਾ। ਇਸ ਸਰਵੇਖਣ ਵਿਚ ਉਡਾਣਾਂ ਦੇ ਵਿੱਤੀ ਪਹਿਲੂਆਂ, ਆਵਾਜਾਈ ਅਤੇ ਮਾਰਕੀਟਿੰਗ ‘ਤੇ ਵਿਚਾਰ ਕੀਤਾ ਜਾਵੇਗਾ। ਸੰਜੀਵ ਅਰੋੜਾ ਨੇ ਹਵਾਈ ਕੰਪਨੀਆਂ ਦੇ ਅਧਿਕਾਰੀਆਂ ਨੂੰ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਖ਼ੁਦ ਹਲਵਾਰਾ ਹਵਾਈ ਅੱਡੇ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ ਸੀ ਅਤੇ ਸਿਵਲ ਟਰਮੀਨਲ ਦਾ ਕੰਮ ਲਗਪਗ ਮੁਕੰਮਲ ਹੋ ਚੁੱਕਿਆ ਹੈ ਅਤੇ ਭਾਰਤੀ ਹਵਾਈ ਸੈਨਾ ਵੱਲੋਂ ਹਵਾਈ ਪੱਟੀ ਸਣੇ ਹੋਰ ਜਾਰੀ ਨਿਰਮਾਣ ਕਾਰਜ ਵੀ ਜਲਦੀ ਮੁਕੰਮਲ ਕਰ ਲਏ ਜਾਣਗੇ।
ਅਰੋੜਾ ਨੇ ਦੁਹਰਾਇਆ ਕਿ ਪ੍ਰਾਜੈਕਟ ਨੂੰ ਪੂਰਾ ਕਰਨ ਵਿਚ ਕੁਝ ਦੇਰੀ ਹੋਈ ਹੈ ਅਤੇ ਇਹ ਸ਼ਹਿਰੀ ਹਵਾਬਾਜ਼ੀ ਅਤੇ ਭਾਰਤੀ ਹਵਾਈ ਸੈਨਾ ਤੋਂ ਕੁਝ ਮਨਜ਼ੂਰੀਆਂ ਪ੍ਰਾਪਤ ਕਰਨ ਵਿਚ ਹੋਈ ਦੇਰੀ ਕਾਰਨ ਹੋਇਆ ਹੈ।