#INDIA

ਭਾਜਪਾ ਨੇ ਜੰਮੂ ਕਸ਼ਮੀਰ ਲਈ ਜਾਰੀ ਕੀਤੀ 44 ਉਮੀਦਵਾਰਾਂ ਦੀ ਸੂਚੀ ਵਾਪਸ ਲਈ

-ਕੁੱਝ ਘੰਟਿਆਂ ਮਗਰੋਂ ਐਲਾਨੇ 16 ਉਮੀਦਵਾਰ
ਨਵੀਂ ਦਿੱਲੀ, 26 ਅਗਸਤ (ਪੰਜਾਬ ਮੇਲ)- ਭਾਰਤੀ ਜਨਤਾ ਪਾਰਟੀ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ 44 ਉਮੀਦਵਾਰਾਂ ਦੀ ਪਹਿਲੀ ਸੂਚੀ ਵਾਪਸ ਲੈ ਲਈ। ਪਾਰਟੀ ਨੇ ਕਿਹਾ ਕਿ ਕੁਝ ਸੋਧ ਤੋਂ ਬਾਅਦ ਸੂਚੀ ਜਾਰੀ ਕੀਤੀ ਜਾਵੇਗੀ। ਇਸ ਮਗਰੋਂ ਪਾਰਟੀ ਨੇ 15 ਉਮੀਦਵਾਰਾਂ ਦੀ ਤਾਜ਼ਾ ਸੂਚੀ ਜਾਰੀ ਕੀਤੀ। ਇਸ ਤੋਂ ਕੁੱਝ ਘੰਟਿਆਂ ਬਾਅਦ ਪਾਰਟੀ ਨੇ ਇਕ ਹੋਰ ਉਮੀਦਵਾਰ ਦਾ ਨਾਂ ਜਾਰੀ ਕਰ ਦਿੱਤਾ। ਇਸ ਤੋਂ ਪਹਿਲਾਂ ਅੱਜ ਸਵੇਰੇ ਭਾਜਪਾ ਨੇ ਜੰਮੂ-ਕਸ਼ਮੀਰ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 44 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕੀਤਾ ਸੀ। ਸ਼੍ਰੀ ਜੇ.ਪੀ. ਨੱਢਾ ਦੀ ਪ੍ਰਧਾਨਗੀ ਹੇਠ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਤੋਂ ਬਾਅਦ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਸੀ। ਬੈਠਕ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਮੌਜੂਦ ਸਨ। ਜੰਮੂ-ਕਸ਼ਮੀਰ ਵਿਚ ਤਿੰਨ ਪੜਾਵਾਂ ਵਿਚ 18, 25 ਸਤੰਬਰ ਅਤੇ 1 ਅਕਤੂਬਰ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 4 ਅਕਤੂਬਰ ਨੂੰ ਹੋਵੇਗੀ। ਜੰਮੂ-ਕਸ਼ਮੀਰ ਵਿਚ ਕੁੱਲ 90 ਵਿਧਾਨ ਸਭਾ ਹਲਕੇ ਹਨ, ਜਿਨ੍ਹਾਂ ਵਿਚੋਂ 7 ਸੀਟਾਂ ਅਨੁਸੂਚਿਤ ਜਾਤੀਆਂ ਲਈ ਅਤੇ 9 ਸੀਟਾਂ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਹਨ।